ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੀ ਸਾਊਦੀ ਅਰਬ ਦੀ ਯਾਤਰਾ ਨੂੰ ਵਿੱਚ-ਵਿਚਾਲੇ ਛੱਡ ਕੇ ਦਿੱਲੀ ਵਾਪਸ ਆ ਗਏ ਹਨ। ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਸ਼ਮੀਰ ਵਿੱਚ ਪਹਿਲਗਾਮ ਅੱਤਵਾਦੀ ਹਮਲੇ ਦੇ ਮੱਦੇਨਜ਼ਰ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ, ਐਨਐਸਏ ਅਜੀਤ ਡੋਵਾਲ, ਵਿਦੇਸ਼ ਸਕੱਤਰ ਵਿਕਰਮ ਮਿਸਰੀ ਅਤੇ ਹੋਰ ਅਧਿਕਾਰੀਆਂ ਨਾਲ ਇੱਕ ਸੰਖੇਪ ਮੀਟਿੰਗ ਕੀਤੀ ਹੈ। ਪ੍ਰਧਾਨ ਮੰਤਰੀ ਨੇ ਕੈਬਿਨੇਟ ਕਮੇਟੀ ਆਨ ਸੁੱਰਖਿਆ (ਸੀਸੀਐਸ) ਮੀਟਿੰਗ ਵਿੱਚ ਹਿੱਸਾ ਲਿਆ।
ਆਪਣੀ ਜੇਦਾਹ ਫੇਰੀ ਦੌਰਾਨ, ਪ੍ਰਧਾਨ ਮੰਤਰੀ ਮੋਦੀ ਨੇ ਸਾਊਦੀ ਕ੍ਰਾਊਨ ਪ੍ਰਿੰਸ ਨਾਲ ਦੁਵੱਲੀ ਗੱਲਬਾਤ ਕੀਤੀ ਪਰ ਸਰਕਾਰੀ ਰਾਤ ਦੇ ਖਾਣੇ ਨੂੰ ਛੱਡ ਦਿੱਤਾ ਅਤੇ ਆਪਣੀ ਯਾਤਰਾ ਨੂੰ ਛੋਟਾ ਕਰਨ ਅਤੇ ਮੰਗਲਵਾਰ ਰਾਤ ਨੂੰ ਘਰ ਵਾਪਸ ਆਉਣ ਦਾ ਫੈਸਲਾ ਕੀਤਾ। ਸਾਊਦੀ ਦੌਰੇ ਤੋਂ ਅੱਧ ਵਿਚਕਾਰ ਭਾਰਤ ਪਰਤੇ ਪ੍ਰਧਾਨ ਮੰਤਰੀ ਮੋਦੀ, ਡੋਵਾਲ-ਜੈਸ਼ੰਕਰ ਨੇ ਹਵਾਈ ਅੱਡੇ ‘ਤੇ ਹੀ ਪਹਿਲਗਾਮ ਹਮਲੇ ਬਾਰੇ ਜਾਣਕਾਰੀ ਦਿੱਤੀ।
ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਵੀ ਇਸ ਘਟਨਾ ਦੀ ਨਿੰਦਾ ਕੀਤੀ ਹੈ ਅਤੇ ਸਰਕਾਰ ਨੂੰ ਪੂਰਾ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਇਸ ਅੱਤਵਾਦੀ ਘਟਨਾ ਬਾਰੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲ ਕੀਤੀ ਹੈ। ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਉਨ੍ਹਾਂ ਨੇ ਪਹਿਲਗਾਮ ਅੱਤਵਾਦੀ ਹਮਲੇ ਬਾਰੇ ਗ੍ਰਹਿ ਮੰਤਰੀ ਅਮਿਤ ਸ਼ਾਹ, ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਅਤੇ ਜੰਮੂ-ਕਸ਼ਮੀਰ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਤਾਰਿਕ ਕਰਾ ਨਾਲ ਗੱਲ ਕੀਤੀ ਹੈ। ਉਸਨੇ ਇਹ ਵੀ ਕਿਹਾ ਕਿ ਉਸਨੂੰ ਤਾਜ਼ਾ ਸਥਿਤੀ ਬਾਰੇ ਅਪਡੇਟ ਮਿਲਿਆ ਹੈ। ਪੀੜਤ ਪਰਿਵਾਰਾਂ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ। ਸਾਡਾ ਉਨ੍ਹਾਂ ਨੂੰ ਪੂਰਾ ਸਮਰਥਨ ਹੈ। ਇਸ ਦੇ ਨਾਲ ਹੀ ਕਾਂਗਰਸ ਪ੍ਰਧਾਨ ਖੜਗੇ ਨੇ ਵੀ ਗ੍ਰਹਿ ਮੰਤਰੀ ਨਾਲ ਫ਼ੋਨ ‘ਤੇ ਗੱਲ ਕੀਤੀ ਹੈ।
ਪਹਿਲਗਾਮ ਵਿੱਚ ਹੋਈ ਅੱਤਵਾਦੀ ਘਟਨਾ ਤੋਂ ਬਾਅਦ, ਦੁਨੀਆ ਭਰ ਦੇ ਦੇਸ਼ਾਂ ਦੇ ਮੁਖੀਆਂ ਨੇ ਅੱਤਵਾਦ ਵਿਰੁੱਧ ਲੜਾਈ ਵਿੱਚ ਭਾਰਤ ਦਾ ਸਮਰਥਨ ਕੀਤਾ ਹੈ। ਅਮਰੀਕਾ ਅਤੇ ਰੂਸ ਨੇ ਵੀ ਕਿਹਾ ਹੈ ਕਿ ਉਹ ਅੱਤਵਾਦ ਵਿਰੁੱਧ ਲੜਾਈ ਵਿੱਚ ਭਾਰਤ ਦਾ ਸਮਰਥਨ ਕਰਨਗੇ।
ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ, “ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਫ਼ੋਨ ਕੀਤਾ ਅਤੇ ਜੰਮੂ-ਕਸ਼ਮੀਰ ਵਿੱਚ ਹੋਏ ਅੱਤਵਾਦੀ ਹਮਲੇ ਵਿੱਚ ਮਾਸੂਮ ਲੋਕਾਂ ਦੀ ਮੌਤ ‘ਤੇ ਡੂੰਘੀ ਸੰਵੇਦਨਾ ਪ੍ਰਗਟ ਕੀਤੀ। ਰਾਸ਼ਟਰਪਤੀ ਟਰੰਪ ਨੇ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਕੀਤੀ ਅਤੇ ਇਸ ਘਿਨਾਉਣੇ ਹਮਲੇ ਦੇ ਦੋਸ਼ੀਆਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਉਣ ਵਿੱਚ ਭਾਰਤ ਨੂੰ ਪੂਰਾ ਸਮਰਥਨ ਦਿੱਤਾ। ਭਾਰਤ ਅਤੇ ਅਮਰੀਕਾ ਅੱਤਵਾਦ ਵਿਰੁੱਧ ਲੜਾਈ ਵਿੱਚ ਇਕੱਠੇ ਖੜ੍ਹੇ ਹਨ।”
ਅੱਤਵਾਦੀ ਹਮਲੇ ਬਾਰੇ, ਵ੍ਹਾਈਟ ਹਾਊਸ ਦੀ ਪ੍ਰੈਸ ਸਕੱਤਰ ਕੈਰੋਲੀਨ ਲੇਵਿਟ ਨੇ ਕਿਹਾ ਸੀ, “ਰਾਸ਼ਟਰਪਤੀ ਨੂੰ ਰਾਸ਼ਟਰੀ ਸੁਰੱਖਿਆ ਸਲਾਹਕਾਰ ਦੁਆਰਾ ਜਾਣਕਾਰੀ ਦਿੱਤੀ ਗਈ ਹੈ ਅਤੇ ਹੋਰ ਤੱਥ ਸਾਹਮਣੇ ਆਉਣ ‘ਤੇ ਉਨ੍ਹਾਂ ਨੂੰ ਜਾਣਕਾਰੀ ਦਿੱਤੀ ਜਾ ਰਹੀ ਹੈ। ਅਸੀਂ ਪਹਿਲਾਂ ਹੀ ਜਾਣਦੇ ਹਾਂ ਕਿ ਦੱਖਣੀ ਕਸ਼ਮੀਰ ਦੇ ਇੱਕ ਪ੍ਰਸਿੱਧ ਸੈਰ-ਸਪਾਟਾ ਸਥਾਨ ‘ਤੇ ਹੋਏ ਇੱਕ ਬੇਰਹਿਮ ਅੱਤਵਾਦੀ ਹਮਲੇ ਵਿੱਚ ਦਰਜਨਾਂ ਲੋਕ ਮਾਰੇ ਗਏ ਸਨ ਅਤੇ ਹੋਰ ਵੀ ਜ਼ਖਮੀ ਹੋਏ ਸਨ। ਰਾਸ਼ਟਰਪਤੀ ਟਰੰਪ ਜਲਦੀ ਤੋਂ ਜਲਦੀ ਪ੍ਰਧਾਨ ਮੰਤਰੀ ਮੋਦੀ ਨਾਲ ਗੱਲ ਕਰਨਗੇ ਅਤੇ ਮਾਰੇ ਗਏ ਲੋਕਾਂ ਪ੍ਰਤੀ ਆਪਣੀ ਦਿਲੀ ਸੰਵੇਦਨਾ ਪ੍ਰਗਟ ਕਰਨਗੇ, ਅਤੇ ਸਾਡੀਆਂ ਪ੍ਰਾਰਥਨਾਵਾਂ ਜ਼ਖਮੀਆਂ ਦੇ ਨਾਲ ਹਨ। ਸਾਡੇ ਦੇਸ਼ ਦਾ ਸਮਰਥਨ ਸਾਡੇ ਦੋਸਤ ਭਾਰਤ ਦੇ ਨਾਲ ਹੈ।”