ਚੰਡੀਗੜ੍ਹ – ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੇਸ਼ ਵਿੱਚ ਵਾਰ-ਵਾਰ ਹੋ ਰਹੇ ਪੇਪਰ ਲੀਕ ਅਤੇ UGC ਦੇ ਪੇਪਰ ਰੱਦ ਹੋਣ ਦੇ ਮਾਮਲੇ ਨੂੰ ਲੈ ਕੇ ਕੇਂਦਰ ਸਰਕਾਰ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੇਪਰ ਲੀਕ ਦੀ ਸਮੱਸਿਆ ਨੂੰ ਸਿਰਫ਼ ਮਾਹਿਰਾਂ ਦੀ ਕਮੇਟੀ ਬਣਾਉਣ ਨਾਲ ਹੱਲ ਨਹੀਂ ਕੀਤਾ ਜਾ ਸਕਦਾ।
ਬੈਂਸ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੂੰ ਸਾਰੇ ਸੂਬਿਆਂ ਦੇ ਸਿੱਖਿਆ ਮੰਤਰੀਆਂ ਨੂੰ ਨਾਲ ਲੈ ਕੇ ਇੱਕ ਸਾਂਝਾ ਕੌਮੀ ਫਰੇਮਵਰਕ ਤਿਆਰ ਕਰਨਾ ਚਾਹੀਦਾ ਹੈ। ਇਸ ਦਾ ਮਕਸਦ ਦੇਸ਼ ਭਰ ਵਿੱਚ ਪ੍ਰੀਖਿਆਵਾਂ ਦੀ ਪ੍ਰਕਿਰਿਆ ਨੂੰ ਹੋਰ ਸੁਰੱਖਿਅਤ ਬਣਾਉਣਾ ਅਤੇ ਭਵਿੱਖ ਵਿੱਚ ਪੇਪਰ ਲੀਕ ਦੀਆਂ ਘਟਨਾਵਾਂ ਨੂੰ ਰੋਕਣਾ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਮਿਹਨਤ ਨਾਲ ਜੁੜੀਆਂ ਪ੍ਰੀਖਿਆਵਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਗੜਬੜ ਉਨ੍ਹਾਂ ਦੇ ਭਵਿੱਖ ’ਤੇ ਸਿੱਧਾ ਅਸਰ ਪਾਉਂਦੀ ਹੈ। ਇਸ ਲਈ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਮਿਲ ਕੇ ਇਸ ਸਮੱਸਿਆ ਦਾ ਪੱਕਾ ਹੱਲ ਲੱਭਣ ਦੀ ਲੋੜ ਹੈ।
ਸਾਢੇ ਚਾਰ ਸਾਲਾਂ ਦਾ ਰਿਪੋਰਟ ਕਾਰਡ ਪੇਸ਼
ਸਿੱਖਿਆ ਮੰਤਰੀ ਨੇ ਇਸ ਮੌਕੇ ਪੰਜਾਬ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਸਿੱਖਿਆ ਖੇਤਰ ਵਿੱਚ ਕੀਤੇ ਕੰਮਾਂ ਦਾ ਰਿਪੋਰਟ ਕਾਰਡ ਵੀ ਪੇਸ਼ ਕੀਤਾ। ਬੈਂਸ ਨੇ ਦਾਅਵਾ ਕੀਤਾ ਕਿ ‘ਆਪ’ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ’ਤੇ ਕੰਮ ਕੀਤਾ ਹੈ। ਉਨ੍ਹਾਂ ਮੁਤਾਬਕ, ਸਰਕਾਰ ਨੇ ਔਸਤਨ 15 ਲੱਖ ਰੁਪਏ ਪ੍ਰਤੀ ਸਕੂਲ ਦੇ ਹਿਸਾਬ ਨਾਲ ਕੁੱਲ ਕਰੀਬ 2,300 ਕਰੋੜ ਰੁਪਏ ਖਰਚ ਕੀਤੇ ਹਨ। ਇਸ ਰਕਮ ਨਾਲ ਸਰਕਾਰੀ ਸਕੂਲਾਂ ਵਿੱਚ 13,920 ਨਵੇਂ ਪਖਾਨੇ ਬਣਾਏ ਗਏ ਹਨ ਅਤੇ ਵਿਦਿਆਰਥੀਆਂ ਲਈ ਕਰੀਬ 2 ਲੱਖ ਬੈਂਚ ਮੁਹੱਈਆ ਕਰਵਾਏ ਗਏ ਹਨ। ਇਸ ਤੋਂ ਇਲਾਵਾ 5,012 ਸਕੂਲਾਂ ਨੂੰ ਆਧੁਨਿਕ ਕੰਪਿਊਟਰ ਲੈਬਾਂ ਨਾਲ ਅਪਗ੍ਰੇਡ ਕਰਨ ਦਾ ਦਾਅਵਾ ਵੀ ਕੀਤਾ ਗਿਆ ਹੈ। ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਨੂੰ ਹੁਣ Wi-Fi ਦੀ ਸਹੂਲਤ ਨਾਲ ਜੋੜਿਆ ਗਿਆ ਹੈ।
ਖੇਡ ਸਹੂਲਤਾਂ ’ਤੇ ਵੀ ਜ਼ੋਰ
ਬੈਂਸ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਦੇ ਨਾਲ ਖੇਡਾਂ ਨੂੰ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਕਈ ਸਕੂਲਾਂ ਵਿੱਚ ਸਵੀਮਿੰਗ ਪੂਲ, ਸ਼ੂਟਿੰਗ ਰੇਂਜ, ਬਾਸਕਟਬਾਲ ਅਤੇ ਟੈਨਿਸ ਕੋਰਟ, ਕਬੱਡੀ ਮੈਟ, ਕੁਸ਼ਤੀ ਅਤੇ ਬਾਕਸਿੰਗ ਰਿੰਗ ਵਰਗੀਆਂ ਸਹੂਲਤਾਂ ਤਿਆਰ ਕੀਤੀਆਂ ਗਈਆਂ ਹਨ। ਸਾਰੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਸਾਬਕਾ ਫੌਜੀਆਂ ਨੂੰ ਕੈਂਪਸ ਮੈਨੇਜਰ ਵਜੋਂ ਤਾਇਨਾਤ ਕਰਨ ਦੀ ਗੱਲ ਵੀ ਮੰਤਰੀ ਨੇ ਦੱਸੀ। ਇਸ ਦੇ ਨਾਲ 500 ਤੋਂ ਵੱਧ ਵਿਦਿਆਰਥੀਆਂ ਵਾਲੇ ਹਰੇਕ ਸੀਨੀਅਰ ਸੈਕੰਡਰੀ ਸਕੂਲ ਵਿੱਚ ਦੋ ਸੁਰੱਖਿਆ ਗਾਰਡ ਤਾਇਨਾਤ ਕੀਤੇ ਗਏ ਹਨ।
ਖਾਲੀ ਅਸਾਮੀਆਂ ਜਲਦ ਭਰਨ ਦਾ ਦਾਅਵਾ
ਸਿੱਖਿਆ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਕਰੀਬ 27 ਹਜ਼ਾਰ ਅਸਾਮੀਆਂ ਖਾਲੀ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਤੇਜ਼ੀ ਨਾਲ ਚੱਲ ਰਹੀ ਹੈ ਅਤੇ ਜਲਦ ਹੀ ਇਹ ਅਸਾਮੀਆਂ ਭਰਨ ਦੀ ਉਮੀਦ ਹੈ। ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ NEET ਅਤੇ JEE ਵਿੱਚ ਪ੍ਰਦਰਸ਼ਨ ਬੈਂਸ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ NEET ਅਤੇ JEE ਵਰਗੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਕੀਤੇ ਪ੍ਰਦਰਸ਼ਨ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਮੁਤਾਬਕ, 2021 ਵਿੱਚ ਸਿਰਫ਼ 80 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ NEET-UG ਪਾਸ ਕੀਤਾ ਸੀ, ਜਦਕਿ 2026 ਵਿੱਚ ਇਹ ਗਿਣਤੀ ਵਧ ਕੇ 882 ਹੋ ਗਈ ਹੈ। ਇਸ ਤਰ੍ਹਾਂ ਕੁਝ ਸਾਲਾਂ ਵਿੱਚ NEET ਪਾਸ ਕਰਨ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਿੱਚ 10 ਗੁਣਾ ਤੋਂ ਵੀ ਵੱਧ ਵਾਧਾ ਹੋਇਆ ਹੈ। ਅੰਕੜਿਆਂ ਅਨੁਸਾਰ 2024 ਵਿੱਚ 437, 2025 ਵਿੱਚ 847 ਅਤੇ 2026 ਵਿੱਚ 882 ਵਿਦਿਆਰਥੀਆਂ ਨੇ NEET-UG ਪਾਸ ਕੀਤਾ। ਮੰਤਰੀ ਨੇ ਇਹ ਵੀ ਦੱਸਿਆ ਕਿ 786 ਵਿਦਿਆਰਥੀਆਂ ਨੇ JEE ਅਤੇ 2,166 ਵਿਦਿਆਰਥੀਆਂ ਨੇ NEET ਪਾਸ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਨਤੀਜੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਨੂੰ ਬਿਹਤਰ ਬਣਾਉਣ ਵੱਲ ਕੀਤੇ ਜਾ ਰਹੇ ਯਤਨਾਂ ਦਾ ਨਤੀਜਾ ਹਨ। ਬੈਂਸ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਵਧੀਆ ਸਿੱਖਿਆ, ਆਧੁਨਿਕ ਸਹੂਲਤਾਂ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਬਿਹਤਰ ਮੌਕੇ ਦੇਣਾ ਹੈ।
