2 ਦਸੰਬਰ 2024 ਨੂੰ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਹਿਬਾਨਾਂ ਨੇ ਸਾਲ 2015 ਵਿੱਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਮੁਆਫ਼ੀ ਦੇਣ ਦੇ ਮਾਮਲੇ ਵਿੱਚ ਤਤਕਾਲੀ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਕੋਲੋਂ ਫ਼ਖ਼ਰ-ਏ-ਕੌਮ ਦਾ ਖਿਤਾਬ ਵਾਪਸ ਲੈਣ ਦਾ ਆਦੇਸ਼ ਦਿੱਤਾ ਹੈ।
ਇਸ ਦੇ ਨਾਲ ਹੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹੋਰ ਸੀਨੀਅਰ ਅਕਾਲੀ ਆਗੂਆਂ ਨੂੰ ਧਾਰਮਿਕ ਸਜ਼ਾ ਸੁਣਾਈ ਹੈ। ਅਕਾਲੀ ਆਗੂਆਂ ਵੱਲੋਂ ਆਪਣੇ ਕਾਰਜਕਾਲ ਦੌਰਾਨ ਹੋਏ ਗੁਨਾਹਾਂ ਨੂੰ ਕਬੂਲ ਕਰਨ ਤੋਂ ਬਾਅਦ ਜਥੇਦਾਰ ਵੱਲੋਂ ਧਾਰਮਿਕ ਸਜ਼ਾ ਦੇ ਹੁਕਮ ਸੁਣਾਏ ਗਏ ਹਨ। ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸਾਲ 2015 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਜੋ ਆਗੂ ਕੈਬਨਿਟ ਮੈਂਬਰ ਰਹੇ ਹਨ, ਉਨ੍ਹਾਂ ਲਈ ਇਹ ਸਜ਼ਾ ਲਗਾਈ ਹੈ।
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਅਕਾਲੀ ਆਗੂਆਂ ਨੂੰ ਤਨਖ਼ਾਹ ਲਗਾਉਂਦੇ ਸਮੇਂ ਪ੍ਰਕਾਸ਼ ਸਿੰਘ ਬਾਦਲ ਦਾ ਜ਼ਿਕਰ ਕਰਦਿਆਂ ਕਿਹਾ, “ਜਿਵੇਂ ਸੁਖਬੀਰ ਸਿੰਘ ਬਾਦਲ ਨੇ ਕਬੂਲਿਆ ਹੈ ਕਿ ਉਨ੍ਹਾਂ ਨੇ ਜਥੇਦਾਰ ਸਾਹਿਬਾਨਾਂ ਨੂੰ ਆਪਣੀ ਰਿਹਾਇਸ਼ ਉੱਤੇ ਬੁਲਾ ਕੇ ਡੇਰਾ ਮੁਖੀ ਰਾਮ ਰਹੀਮ ਨੂੰ ਮੁਆਫ਼ੀ ਦਿਵਾਈ ਸੀ।” “ਪ੍ਰਕਾਸ਼ ਸਿੰਘ ਬਾਦਲ ਵੀ ਉਸ ਵੇਲੇ ਹਾਜ਼ਰ ਸਨ, ਇਸ ਕਰਕੇ ਸਿੰਘ ਸਹਿਬਾਨਾਂ ਨੇ ਫ਼ੈਸਲਾ ਕੀਤਾ ਹੈ ਕਿ ਪ੍ਰਕਾਸ਼ ਸਿੰਘ ਬਾਦਲ ਨੂੰ ਅਕਾਲ ਤਖ਼ਤ ਵੱਲੋਂ ਦਿੱਤਾ ਗਿਆ ਪੰਥ ਰਤਨ ਫ਼ਖ਼ਰ-ਏ-ਕੌਮ ਦਾ ਸਨਮਾਨ ਵਾਪਸ ਲਿਆ ਜਾਂਦਾ ਹੈ।” ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਤੋਂ ਬਾਅਦ ਬਾਦਲ ਪਰਿਵਾਰ ਕਦੋਂ ਫ਼ਖ਼ਰ-ਏ-ਕੌਮ ਵਾਪਸ ਕਰੇਗਾ ਇਸ ਦੇ ਬਾਰੇ ਅਜੇ ਕੋਈ ਦਿਨ ਜਾਂ ਤਾਰੀਕ ਪੱਕੀ ਨਹੀਂ ਕੀਤੀ ਗਈ ਹੈ।
ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੂੰ 5 ਦਸੰਬਰ 2011 ਨੂੰ ਉਨ੍ਹਾਂ ਦੀ ਸਰਕਾਰ ਵੇਲੇ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਫ਼ਖ਼ਰ-ਏ-ਕੌਮ ਨਾਲ ਸਨਮਾਨਿਤ ਕੀਤਾ ਗਿਆ ਸੀ। ਹਾਲਾਂਕਿ ਇਸ ਦਾ ਐਲਾਨ 26 ਨਵੰਬਰ 2011 ਨੂੰ ਅਨੰਦਪੁਰ ਸਾਹਿਬ ਵਿੱਚ ਬਣੀ ਸਿੱਖ ਇਤਿਹਾਸਕ ਇਮਾਰਤ ਵਿਰਾਸਤ-ਏ-ਖਾਲਸਾ ਦਾ ਉਦਘਾਟਨ ਕਰਨ ਮੌਕੇ ਕਰ ਦਿੱਤਾ ਗਿਆ ਸੀ। ਉਸ ਵੇਲੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਤਖ਼ਤ ਸ੍ਰੀ ਕੇਸਗੜ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਤਰਲੋਚਨ ਸਿੰਘ, ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਸਵਿੰਦਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁਖ ਸਿੰਘ ਮੌਜੂਦ ਸਨ। ਪ੍ਰਕਾਸ਼ ਸਿੰਘ ਬਾਦਲ ਨੂੰ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਦੇ ਬਿਲਕੁਲ ਥੱਲੇ ਖੜ੍ਹਾ ਕੀਤਾ ਗਿਆ ਸੀ। ਫ਼ਸੀਲ ਉੱਤੇ ਮੌਜੂਦ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਥੱਲੇ ਝੁਕ ਕੇ ਪ੍ਰਕਾਸ਼ ਸਿੰਘ ਬਾਦਲ ਦੇ ਗਲ਼ ਵਿੱਚ ਸਿਰੋਪਾਓ ਪਾਇਆ, ਲੋਈ, ਇੱਕ ਕਿਰਪਾਨ ਅਤੇ ਇੱਕ ਚਾਂਦੀ ਦੀ ਪਲੇਟ ਦੇ ਕੇ ‘ਫ਼ਖ਼ਰ-ਏ-ਕੌਮ’ ਨਾਲ ਸਨਮਾਨਿਤ ਕੀਤਾ ਸੀ। ਗਿਆਨੀ ਗੁਰਬਚਨ ਸਿੰਘ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਇਹ ਸਨਮਾਨ ਦੇਣ ਦਾ ਕਾਰਨ ਵੀ ਦੱਸਿਆ ਸੀ। ਗਿਆਨੀ ਗੁਰਬਚਨ ਸਿੰਘ ਨੇ ਕਿਹਾ ਸੀ, “ਪ੍ਰਕਾਸ਼ ਸਿੰਘ ਬਾਦਲ ਨੂੰ ਰਾਜਨੀਤੀ ਅਤੇ ਧਾਰਮਿਕ ਸੇਵਾਵਾਂ ‘ਚ ਯੋਗਦਾਨ ਪਾਉਣ ਲਈ, ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਲਗਾਏ ਗਏ ਮੋਰਚਿਆਂ, ਜੇਲ੍ਹ ਯਾਤਰਾਵਾਂ ਦੇ ਨਾਲ-ਨਾਲ ਗੁਰੂ ਗ੍ਰੰਥ ਅਤੇ ਗੁਰੂ ਸਿਧਾਂਤਾਂ ਦੇ ਪਹਿਰੇਦਾਰ ਹੋਣ ਕਾਰਨ ‘ਫ਼ਖਰ-ਏ-ਕੌਮ’ ਪੰਥ ਰਤਨ ਐਵਾਰਡ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ।”