ਬਟਾਲਾ – ਬਟਾਲਾ ਦੀ ਸਿਆਸਤ ਮੰਗਲਵਾਰ ਨੂੰ ਉਸ ਵੇਲੇ ਗਰਮਾ ਗਈ ਜਦ 4 ਸਾਲਾਂ ਤੋਂ ਸ਼ਾਂਤ ਰਹੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਬਟਾਲਾ ’ਚ ਮਾਰਕੀਟ ਕਮੇਟੀ ਬਟਾਲਾ ਦੇ ਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨਾਂ ਦੀ ਤਾਜਪੋਸ਼ੀ ਮੌਕੇ ਸ਼ਕਤੀ ਪ੍ਰਦਰਸ਼ਨ ਕੀਤਾ ਜਿਸ ਨਾਲ ਰਾਜਨੀਤਕ ਗਲਿਆਰੇ ’ਚ ਚਰਚਾ ਛਿੜ ਗਈ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਉਹ ਜ਼ਿਲ੍ਹਾ ਗੁਰਦਾਸਪੁਰ ’ਚ ਜਿਥੋਂ ਪਾਰਟੀ ਟਿਕਟ ਦੇਵੇਗੀ, ਉਥੋਂ ਚੋਣ ਲੜਨਗੇ। ਉਨ੍ਹਾਂ ਕਿਹਾ ਕਿ ਉਹ ਹੁਣ ਕੇਂਦਰ ਦੀ ਬਜਾਏ ਪੰਜਾਬ ਦੀ ਰਾਜਨੀਤੀ ’ਚ ਸਰਗਰਮ ਰਹਿਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸਾਨੀ ਦੇ ਸੱਚੇ ਹਮਾਇਤੀ ਹਨ ਤੇ ਹਾਲ ਹੀ ਵਿਚ ਪੰਜਾਬ ਸਰਕਾਰ ਨੇ ਗੰਨੇ ਦੀਆਂ ਕੀਮਤਾਂ ਵਿਚ ਵਾਧਾ ਕਰਕੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ।ਬਾਜਵਾ ਨੇ ਕਿਹਾ ਕਿ ਉਹ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦੇ ਨਾਲ ਹਨ ਅਤੇ ਉਹ ਰਾਜ ਸਭਾ ਵਿਚ ਆਪਣੇ ਕਿਸਾਨ ਭਰਾਵਾਂ ਦੀ ਡਟ ਕੇ ਵਕਾਲਤ ਕਰ ਰਹੇ ਹਨ। ਬਾਜਵਾ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਜੋ ਕਿਸਾਨਾਂ ’ਤੇ ਲਾਠੀਚਾਰਜ ਕੀਤਾ ਹੈ, ਉਸ ਨੇ ਜਨਰਲ ਐਡਵਾਇਰ ਦੀ ਯਾਦ ਤਾਜ਼ਾ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਦੀ ਗਲਤੀ ਨਾਲ ਸਥਿਤੀ ਹੋਰ ਗੰਭੀਰ ਹੋ ਸਕਦੀ ਹੈ ਜਿਸ ਦੀ ਜ਼ਿੰਮੇਵਾਰੀ ਖੱਟਰ ਸਰਕਾਰ ਦੀ ਹੋਵੇਗੀ।
ਪੰਜਾਬ ਦੀ ਸਿਆਸਤ ਬਾਰੇ ਗੱਲ ਕਰਦਿਆਂ ਬਾਜਵਾ ਨੇ ਕਿਹਾ ਕਿ ਉਹ ਇਸ ਵਾਰ ਜ਼ਿਲ੍ਹਾ ਗੁਰਦਾਸਪੁਰ ਦੇ ਕਿਸੇ ਵਿਧਾਨ ਸਭਾ ਹਲਕੇ ਤੋਂ ਚੋਣ ਲੜਨਗੇ ਅਤੇ ਪੰਜਾਬ ਦੀ ਰਾਜਨੀਤੀ ਵਿਚ ਸਰਗਰਮ ਹੋ ਕੇ ਆਪਣੇ ਸੂਬੇ ਦੀ ਸੇਵਾ ਕਰਨਗੇ। ਉਨ੍ਹਾਂ ਕਿਹਾ ਕਿ ਚੋਣ ਹਲਕੇ ਦਾ ਫ਼ੈਸਲਾ ਵਰਕਰਾਂ ਦੀ ਰਾਏ ਅਨੁਸਾਰ ਪਾਰਟੀ ਹਾਈਕਮਾਨ ਕਰੇਗੀ। ਉਨ੍ਹਾਂ ਕਿਹਾ ਕਿ ਬਟਾਲਾ ਸ਼ਹਿਰ ਵਿਚ ਪੰਜਾਬ ਸਰਕਾਰ ਵੱਲੋਂ ਪੀਪੀਪੀ ਮੋਡ ’ਤੇ ਇਕ ਮੈਡੀਕਲ ਕਾਲਜ ਬਣਾਇਆ ਜਾਵੇਗਾ ਜਿਸ ਸਬੰਧੀ ਉਨ੍ਹਾਂ ਮੁੱਖ ਮੰਤਰੀ ਨਾਲ ਗੱਲ ਕਰ ਲਈ ਹੈ। ਉਨ੍ਹਾਂ ਕਿਹਾ ਕਿ ਇਸ ਕਾਲਜ ਦੀ ਜ਼ਮੀਨ ਸਬੰਧੀ ਕਾਰਵਾਈ ਸ਼ੁਰੂ ਹੋ ਗਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਇਕਜੁੱਟ ਹੈ ਅਤੇ 2022 ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੁਬਾਰਾ ਸਰਕਾਰ ਬਣਾਵੇਗੀ।
ਇਸ ਮੌਕੇ ਗੰਨਾ ਕਾਸ਼ਤਕਾਰਾਂ ਅਤੇ ਕਿਸਾਨਾਂ ਵੱਲੋਂ ਪ੍ਰਤਾਪ ਸਿੰਘ ਬਾਜਵਾ ਅਤੇ ਫ਼ਤਹਿਜੰਗ ਸਿੰਘ ਬਾਜਵਾ ਨੂੰ ਗੰਨੇ ਦਾ ਭਾਅ ਵਧਾਉਣ ਵਿਚ ਪਾਏ ਯੋਗਦਾਨ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ।ਇਸ ਮੌਕੇ ਐੱਮਪੀ ਜਸਬੀਰ ਸਿੰਘ ਡਿੰਪਾ, ਐੱਮਪੀ ਗੁਰਜੀਤ ਸਿੰਘ ਔਜਲਾ, ਵਿਧਾਇਕ ਫਤਹਜਿੰਗ ਸਿੰਘ ਬਾਜਵਾ, ਵਿਧਾਇਕ ਬਲਵਿੰਦਰ ਸਿੰਘ ਲਾਡੀ, ਵਿਧਾਇਕ ਸੰਤੋਖ ਸਿੰਘ ਭਲਾਈਪੁਰ, ਵਿਧਾਇਕ ਜੋਗਿੰਦਰ ਸਿੰਘ ਭੋਆ, ਚੇਅਰਮੈਨ ਰਮਨ ਬਹਿਲ, ਚੇਅਰਮੈਨ ਗੁਰਿੰਦਰ ਸਿੰਘ ਚੀਕੂ, ਭੁਪਿੰਦਰਪਾਲ ਸਿੰਘ ਭਗਤੁਪੁਰਾ, ਮਨਬੀਰ ਸਿੰਘ ਰੰਧਾਵਾ ਆਦਿ ਹਾਜ਼ਰ ਸਨ।