ਨਵੀਂ ਦਿੱਲੀ – ਦਿੱਲੀ ’ਚ ਸ਼ੁੱਕਰਵਾਰ ਨੂੰ ਲਗਾਤਾਰ ਛੇਵੇਂ ਦਿਨ ਹਵਾ ਦੀ ਗੁਣਵੱਤਾ ‘ਬਹੁਤ ਖ਼ਰਾਬ’ ਰਹੀ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀ. ਪੀ. ਸੀ. ਬੀ.) ਦੇ ਅੰਕੜਿਆਂ ਅਨੁਸਾਰ ਸਵੇਰੇ 9 ਵਜੇ ਦਿੱਲੀ ਦਾ ਏਅਰ ਕੁਆਲਿਟੀ ਇੰਡੈਕਸ (ਏ. ਕਿਊ. ਆਈ.) 329 ਦਰਜ ਕੀਤਾ ਗਿਆ, ਜੋ ‘ਬਹੁਤ ਖ਼ਰਾਬ’ ਸ਼੍ਰੇਣੀ ’ਚ ਆਉਂਦਾ ਹੈ। ‘ਸਮੀਰ’ ਐਪ ਅਨੁਸਾਰ 39 ਨਿਗਰਾਨੀ ਕੇਂਦਰਾਂ ’ਚੋਂ 2 ਕੇਂਦਰਾਂ-ਭਾਵਨਾ (426) ਅਤੇ ਮੁੰਡਕਾ (408) ਨੇ ਹਵਾ ਦੀ ਗੁਣਵੱਤਾ ਨੂੰ ‘ਗੰਭੀਰ’ ਸ਼੍ਰੇਣੀ ’ਚ ਦਰਜ ਕੀਤਾ ਹੈ, ਜਦੋਂਕਿ 22 ਕੇਂਦਰਾਂ ਨੇ ਇਸ ਨੂੰ ‘ਬਹੁਤ ਖ਼ਰਾਬ’ ਸ਼੍ਰੇਣੀ ’ਚ ਦਰਜ ਕੀਤਾ ਹੈ। ਬਾਕੀਆਂ ਨੇ ਏ. ਕਿਊ. ਆਈ. ‘ਖ਼ਰਾਬ’ ਸ਼੍ਰੇਣੀ ’ਚ ਦਰਜ ਕੀਤਾ ਹੈ। ਦੂਜੇ ਪਾਸੇ ਵਿਗਿਆਨ ਅਤੇ ਤਕਨਾਲੋਜੀ, ਵਾਤਾਵਰਣ, ਜੰਗਲਾਤ ਤੇ ਜਲਵਾਯੂ ਪਰਿਵਰਤਨ ਬਾਰੇ ਸੰਸਦ ਦੀ ਸਥਾਈ ਕਮੇਟੀ ਦਿੱਲੀ-ਰਾਸ਼ਟਰੀ ਰਾਜਧਾਨੀ ਖੇਤਰ ’ਚ ਪ੍ਰਦੂਸ਼ਣ ਕਾਰਨ ਹਵਾ ਦੀ ਖ਼ਰਾਬ ਗੁਣਵੱਤਾ ਸਮੇਤ ਕਈ ਵੱਖ-ਵੱਖ ਮੁੱਦਿਆਂ ’ਤੇ ਵਿਚਾਰ ਕਰੇਗੀ। ਰਾਜ ਸਭਾ ਦੇ ਅਧਿਕਾਰਤ ਬੁਲੇਟਿਨ ਵਿਚ ਇਹ ਜਾਣਕਾਰੀ ਦਿੱਤੀ ਗਈ ਹੈ।