ਚੰਡੀਗੜ੍ਹ – ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੂੰ ਪੱਤਰ ਲਿਖ ਕੇ ਪੰਜਾਬ ਵਿੱਚ ਦਸਵੀਂ ਜਮਾਤ ਦੇ ਸੀਬੀਐੱਸਈ ਪਾਠਕ੍ਰਮ ਵਿੱਚ ਪੰਜਾਬੀ ਨੂੰ ਮੁੱਖ ਵਿਸ਼ੇ ਵਜੋਂ ਤੁਰੰਤ ਬਹਾਲ ਕਰਨ ਦੀ ਮੰਗ ਕੀਤੀ ਹੈ। ਬੈਂਸ ਨੇ ਪੰਜਾਬੀ ਨੂੰ ਇੱਕ ਚੋਣਵੀਂ ਭਾਸ਼ਾ ਵਿੱਚ ਤਬਦੀਲ ਕਰਨ ਦੇ ਸੀਬੀਐੱਸਈ ਦੇ ਫੈਸਲੇ ’ਤੇ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੀ ਭਾਸ਼ਾਈ ਅਤੇ ਸੱਭਿਆਚਾਰਕ ਪਛਾਣ ਨੂੰ ਕਮਜ਼ੋਰ ਕਰਨ ਦੀ ਜਾਣਬੁੱਝ ਕੇ ਕੀਤੀ ਗਈ ਕੋਸ਼ਿਸ਼ ਹੈ।
ਬੈਂਸ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਕੂਲਾਂ (ਕਿਸੇ ਵੀ ਬੋਰਡ ਨਾਲ ਸਬੰਧਤ ਹੋਣ) ਵਿੱਚ ਪੰਜਾਬੀ ਨੂੰ ਲਾਜ਼ਮੀ ਮੁੱਖ ਵਿਸ਼ਾ ਬਣਾਇਆ ਹੈ। ਉਨ੍ਹਾਂ ਕਿਹਾ ਕਿ ਸੀਬੀਐਸਈ ਦੀ ਨਵੀਂ ਯੋਜਨਾ ਵਿੱਚ ਸਿਰਫ਼ ਪੰਜ ਮੁੱਖ ਵਿਸ਼ੇ ਗਣਿਤ, ਵਿਗਿਆਨ, ਸਮਾਜਿਕ ਵਿਗਿਆਨ, ਅੰਗਰੇਜ਼ੀ ਅਤੇ ਹਿੰਦੀ ਸ਼ਾਮਲ ਹਨ, ਜੋ ਮੁੱਖ ਵਿਸ਼ਿਆਂ ਦੀ ਸ਼੍ਰੇਣੀ ਵਿੱਚੋਂ ਪੰਜਾਬੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਹਟਾਉਂਦੇ ਹਨ। ਬੈਂਸ ਨੇ ਦੱਸਿਆ ਕਿ ਪੰਜਾਬੀ ਨੂੰ ਖੇਤਰੀ ਅਤੇ ਵਿਦੇਸ਼ੀ ਭਾਸ਼ਾਵਾਂ ਦੀ ਸੂਚੀ ਵਿੱਚੋਂ ਬਾਹਰ ਕੱਢ ਕੇ ਇਸ ਵਿਚ ਜਰਮਨ, ਫਰੈਂਚ, ਥਾਈ ਅਤੇ ਜਾਪਾਨੀ ਭਾਸ਼ਾਵਾਂ ਨੂੰ ਸ਼ਾਮਲ ਕੀਤਾ ਗਿਆ ਹੈ।
ਬੈਂਸ ਨੇ ਪੱਤਰ ਵਿਚ ਲਿਖਿਆ, ‘‘ਮੇਰੇ ਸਖ਼ਤ ਵਿਰੋਧ ਅਤੇ ਮੀਡੀਆ ਦੇ ਦਬਾਅ ਤੋਂ ਬਾਅਦ ਹੀ ਸੀਬੀਐਸਈ ਨੂੰ ਇਸ ਗੰਭੀਰ ਗਲਤੀ ਨੂੰ ਸਵੀਕਾਰ ਕਰਨ ਲਈ ਮਜਬੂਰ ਹੋਣਾ ਪਿਆ।’’ ਮੰਤਰੀ ਨੇ ਮੰਗ ਕੀਤੀ ਕਿ ਪੰਜਾਬੀ ਭਾਸ਼ਾ ਨੂੰ ਭਾਰਤ ਦੀਆਂ ਖੇਤਰੀ ਭਾਸ਼ਾਵਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਜਾਵੇ, ਤਾਂ ਜੋ ਦੇਸ਼ ਭਰ ਦੇ ਵਿਦਿਆਰਥੀਆਂ ਕੋਲ ਇਸ ਨੂੰ ਪੜ੍ਹਨ ਦਾ ਵਿਕਲਪ ਯਕੀਨੀ ਬਣੇ। ਉਨ੍ਹਾਂ ਦਲੀਲ ਦਿੱਤੀ ਕਿ ਸੀਬੀਐਸਈ ਦਾ ਫੈਸਲਾ ਪੰਜਾਬ ਸਰਕਾਰ ਦੇ 26 ਫਰਵਰੀ ਨੂੰ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਦੇ ਉਲਟ ਹੈ, ਜਿਸ ਵਿੱਚ ਸੂਬੇ ਭਰ ਦੇ ਸਾਰੇ ਸਕੂਲਾਂ ਵਿੱਚ ਪੰਜਾਬੀ ਨੂੰ ਲਾਜ਼ਮੀ ਮੁੱਖ ਵਿਸ਼ਾ ਬਣਾਇਆ ਗਿਆ ਹੈ।