ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਸਰਹੱਦੀ ਅਤੇ ਪਛੜੇ ਖੇਤਰਾਂ ‘ਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰਦਿਆਂ ਸੂਬੇ ਵਿੱਚ ਨਵੇਂ ਸਰਕਾਰੀ ਕਾਲਜ ਖੋਲ੍ਹੇਗੀ ਤਾਂ ਜੋ ਵਿਦਿਅਕ ਬੁਨਿਆਦੀ ਢਾਂਚੇ ਦਾ ਹੋਰ ਵਿਸਥਾਰ ਕੀਤਾ ਜਾ ਸਕੇ। ਪੰਜਾਬ ਵਿਧਾਨ ਸਭਾ ਵਿੱਚ ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ, ਹੁਸ਼ਿਆਰਪੁਰ ਬਿੱਲ-2025 ਅਤੇ ਸੀ.ਜੀ.ਸੀ. ਯੂਨੀਵਰਸਿਟੀ, ਮੋਹਾਲੀ ਬਿੱਲ, 2025 ਪੇਸ਼ ਕਰਦਿਆਂ ਬੈਂਸ ਨੇ ਸਿੱਖਿਆ ਦੇ ਖੇਤਰ ਵਿੱਚ ਸੂਬੇ ਦੀ ਸ਼ਾਨਦਾਰ ਪ੍ਰਗਤੀ ਨੂੰ ਉਜਾਗਰ ਕਰਦਿਆਂ ਸਰਕਾਰੀ ਕਾਲਜਾਂ ਦੇ ਦਾਖਲੇ ਵਿੱਚ ਹੋਏ 85 ਫ਼ੀਸਦੀ ਵਾਧੇ ਦਾ ਹਵਾਲਾ ਦਿੱਤਾ।
ਸਿੱਖਿਆ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਕਾਲਜਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਵਿੱਚ ਮਹੱਤਵਪੂਰਨ ਵਾਧਾ ਹੋਇਆ ਹੈ, ਜੋ ਕਿ 2022 ਵਿੱਚ 7 ਲੱਖ ਦੇ ਮੁਕਾਬਲੇ ਪਿਛਲੇ ਅਕਾਦਮਿਕ ਸੈਸ਼ਨ ਵਿੱਚ 9 ਲੱਖ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਵਿੱਚ ਦਾਖਲੇ ਵਿੱਚ ਮਹੱਤਵਪੂਰਨ ਵਾਧਾ ਹੋਇਆ ਹੈ ਜਿਸ ਤਹਿਤ ਇਹ ਵਾਧਾ 1,400 ਤੋਂ 2,480 ਵਿਦਿਆਰਥੀਆਂ ਤੱਕ ਪਹੁੰਚ ਗਿਆ ਹੈ। ਸੂਬਾ ਸਰਕਾਰ ਵੱਲੋਂ ਪਿਛਲੇ ਤਿੰਨ ਸਾਲਾਂ ਦੌਰਾਨ ਆਪਣੀਆਂ ਆਈ.ਟੀ.ਆਈਜ਼ ਸੀਟਾਂ ਵਿੱਚ ਲਗਭਗ 35,000 ਦਾ ਵਾਧਾ ਕੀਤਾ ਗਿਆ ਹੈ ਅਤੇ ਪਿਛਲੇ ਸਾਲ 99 ਫ਼ੀਸਦੀ ਸੀਟਾਂ ਭਰੀਆਂ ਗਈਆਂ ਹਨ ਅਤੇ ਇਸ ਸਾਲ ਹੋਰ 5,000-7,000 ਸੀਟਾਂ ਦਾ ਵਾਧਾ ਕਰਨ ਦੀ ਯੋਜਨਾ ਹੈ।
ਇਸ ਸਫਲਤਾ ਦਾ ਸਿਹਰਾ ਸਿੱਖਿਆ ਮੰਤਰੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਨੂੰ ਗਲੋਬਲ ਐਜੂਕੇਸ਼ਨ ਹੱਬ ਵਿੱਚ ਬਦਲਣ ਦੀ ਵਚਨਬੱਧਤਾ ਨੂੰ ਦਿੱਤਾ। ਸਰਕਾਰ ਨੇ ਨੌਜਵਾਨਾਂ ਨੂੰ 54,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ, ਜਿਸ ਨਾਲ ਨੌਜਵਾਨਾਂ ਵਿੱਚ ਵਿਦੇਸ਼ ਜਾਣ ਦੇ ਰੁਝਾਨ ਨੂੰ ਰੋਕਣ ਵਿੱਚ ਕਾਫ਼ੀ ਮਦਦ ਮਿਲੀ ਹੈ। ਸੂਬਾ ਸਰਕਾਰ ਨੇ ਡਾਟਾ ਸਾਇੰਸ, ਆਰਟੀਫੀਸ਼ੀਅਲ ਇੰਟੈਲੀਜੈਂਸ, ਬੈਂਕਿੰਗ, ਵਿੱਤੀ ਸੇਵਾਵਾਂ, ਡਿਜੀਟਲ ਮਾਰਕੀਟਿੰਗ, ਪ੍ਰਾਹੁਣਚਾਰੀ ਅਤੇ ਸੈਰ-ਸਪਾਟਾ, ਅਤੇ ਇਵੈਂਟ ਮੈਨੇਜਮੈਂਟ ਵਰਗੇ ਉੱਭਰ ਰਹੇ ਖੇਤਰਾਂ ਵਿੱਚ ਨਵੇਂ ਕੋਰਸ ਸ਼ੁਰੂ ਕੀਤੇ ਹਨ। ਇਸ ਤੋਂ ਇਲਾਵਾ, ਸੂਬਾ ਸਰਕਾਰ ਨੇ ਅਨੁਸੂਚਿਤ ਜਾਤੀ ਸਕਾਲਰਸ਼ਿਪ ਦੀ ਸਮੇਂ ਸਿਰ ਵੰਡ ਨੂੰ ਵੀ ਯਕੀਨੀ ਬਣਾਇਆ ਹੈ ਤਾਂ ਜੋ ਕੋਈ ਵੀ ਵਿਦਿਆਰਥੀ ਵਿੱਤੀ ਰੁਕਾਵਟਾਂ ਕਾਰਨ ਮਿਆਰੀ ਸਿੱਖਿਆ ਤੋਂ ਵਾਂਝਾ ਨਾ ਰਹੇ।
ਸਿੱਖਿਆ ਮੰਤਰੀ ਨੇ ਕਿਹਾ ਕਿ ਮਹਿਜ਼ ਤਿੰਨ ਸਾਲ ਪਹਿਲਾਂ, ਪ੍ਰੋਫੈਸਰਾਂ ਦੀਆਂ 90 ਫ਼ੀਸਦ ਅਸਾਮੀਆਂ ਖਾਲੀ ਸਨ ਅਤੇ ਕੁਝ ਫੈਕਲਟੀ ਮੈਂਬਰ 20,000 ਰੁਪਏ ਪ੍ਰਤੀ ਮਹੀਨਾ ਦੀ ਨਾਂ-ਮਾਤਰ ਤਨਖਾਹ ‘ਤੇ ਕੰਮ ਕਰ ਰਹੇ ਸਨ। ਮੌਜੂਦਾ ਸਰਕਾਰ ਨੇ ਉਨ੍ਹਾਂ ਦਾ ਮਿਹਨਤਾਨਾ ਵਧਾ ਕੇ 50,000 ਰੁਪਏ ਕਰ ਦਿੱਤਾ ਹੈ। ਪੰਜਾਬ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਇੱਕ ਪਸੰਦੀਦਾ ਸਥਾਨ ਬਣ ਗਿਆ ਹੈ ਅਤੇ ਮੌਜੂਦਾ ਸਮੇਂ 70 ਦੇਸ਼ਾਂ ਦੇ ਵਿਦਿਆਰਥੀ ਪੰਜਾਬ ਵਿੱਚ ਸਿੱਖਿਆ ਹਾਸਲ ਕਰ ਰਹੇ ਹਨ।