Punjab

ਪੰਜਾਬ ’ਚ ਚੋਣਾਂ ਤੋਂ ਠੀਕ ਪਹਿਲਾਂ ਕਿਉਂ ਸਿਰ ਚੁੱਕ ਲੈਂਦੇ ਨੇ ਦੇਸ਼ ਵਿਰੋਧੀ ਤੱਤ

ਚੰਡੀਗੜ੍ਹ – ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਤੇ ਵਿਧਾਇਕ ਅਮਨ ਅਰੋੜਾ ਨੇ ਦੇਸ਼ ਦੀ ਬਾਹਰੀ ਤੇ ਅੰਦਰੂਨੀ ਸੁਰੱਖਿਆ ਨੂੰ ਪ੍ਰਮੁੱਖ ਦੱਸਦਿਆਂ ਕਿਹਾ ਦੇਸ਼ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਹੋਣਾ ਚਾਹੀਦਾ ਪਰ ਸੂਬੇ ਦੇ ਰਾਜਸੀ ਆਗੂਆਂ ਤੇ ਅਧਿਕਾਰੀਆਂ ਦੀ ਸੁਰੱਖਿਆ ‘ਚ ਤਾਇਨਾਤ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਦੀ ਸਮੀਖਿਆ ਜ਼ਰੂਰ ਹੋਣੀ ਚਾਹੀਦੀ ਹੈ ਕਿਉਂਕਿ ਪੁਲਿਸ ਦੇ ਜ਼ਿਆਦਾਤਰ ਮੁਲਾਜ਼ਮ ਰਾਜਸੀ ਆਗੂਆਂ ਤੇ ਅਧਿਕਾਰੀਆਂ ਦੀ ਸੁਰੱਖਿਆ ‘ਚ ਲੱਗੇ ਹੋਏ ਹਨ। ਥਾਣਿਆਂ ‘ਚ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਘੱਟ ਹੋਣ ਕਾਰਨ ਆਮ ਲੋਕਾਂ ਦੀ ਸੁਰੱਖਿਆ ਨੂੰ ਖ਼ਤਰਾ ਪੈਦਾ ਹੋ ਗਿਆ ਹੈ। ਅਰੋੜਾ ਨੇ ਮੁੱਖ ਮੰਤਰੀ ਵੱਲੋਂ ਆਪਣੇ ਸੁਰੱਖਿਆ ਅਮਲੇ ਨੂੰ ਘੱਟ ਕਰਨ ਬਾਰੇ ਦਿੱਤੇ ਬਿਆਨ ਦਾ ਸਵਾਗਤ ਕੀਤਾ ਤੇ ਕਿਹਾ ਕਿ ਇਹ ਐਲਾਨ ਸਿਰਫ਼ ਮੁੱਖ ਮੰਤਰੀ ਤਕ ਸੀਮਤ ਨਹੀਂ ਰਹਿਣਾ ਚਾਹੀਦਾ, ਸਗੋਂ ਤੁਰੰਤ ਪ੍ਰਭਾਵ ਨਾਲ ਹੋਈ ਕਾਰਵਾਈ ਦਿਖਣੀ ਵੀ ਚਾਹੀਦੀ ਹੈ।

ਸ਼ੁੱਕਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਵਿੱਚ ਵਿਧਾਇਕ ਅਮਨ ਅਰੋੜਾ ਨੇ ਕਾਂਗਰਸ ਸਰਕਾਰ ਤੋਂ ਸਵਾਲ ਪੁੱਛਿਆ ਕਿ ਚੋਣਾ ਦੇ ਸਮੇਂ ਹੀ ਪੰਜਾਬ ਅਤੇ ਦੇਸ਼ ਦੀ ਸੁਰੱਖਿਆ ਲਈ ਖ਼ਤਰਾ ਕਿਉਂ ਪੈਦਾ ਹੋ ਜਾਂਦਾ? ਉਨ੍ਹਾਂ ਕਿਹਾ ਕਿ ਜੇ ਆਮ ਲੋਕਾਂ ਦੀ ਸੁਰੱਖਿਆ ਨੂੰ ਕਿਤੇ ਵੀ ਰਾਸ਼ਟਰ ਵਿਰੋਧੀ ਅਸਮਾਜਿਕ ਤੱਤਾਂ ਤੋਂ ਖ਼ਤਰਾ ਹੈ ਤਾਂ ਫਿਰ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਸੁਰੱਖਿਆ ਏਜੰਸੀਆਂ ਕੀ ਕਰ ਰਹੀਆਂ ਹਨ? ਅਰੋੜਾ ਨੇ ਚੋਣਾ ਤੋਂ ਠੀਕ ਪਹਿਲਾ ਸੀਮਾ ਪਾਰ ਦੇਸ਼ ਵਿਰੋਧੀ ਤੱਤਾਂ ਦੇ ਸਰਗਰਮ ਹੋਣ ਦੀਆਂ ਆ ਰਹੀਆਂ ਖ਼ਬਰਾਂ ’ਤੇ ਸਵਾਲ ਖੜੇ ਕਰਦੇ ਹੋਏ ਕਿਹਾ ਕਿ ਜੇ ਅਜਿਹਾ ਹੋ ਰਿਹਾ ਹੈ ਤਾਂ ਇਸ ਲਈ ਜ਼ਿੰਮੇਵਾਰ ਕੇਵਲ ਸੂਬਾ ਤੇ ਕੇਂਦਰ ਸਰਕਾਰਾਂ ਦੀਆਂ ਖੁਫ਼ੀਆ ਏਜੰਸੀਆਂ ਹਨ। ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ‘ਆਪ’ ਦੇਸ਼ ਦੀ ਅੰਦੂਰਨੀ ਤੇ ਬਾਹਰੀ ਸੁਰੱਖਿਆ ਨਾਲ ਛੇੜਛਾੜ ਕਦੇ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਦਲੀਲ ਦਿੱਤੀ, ‘ਜਦ ਨਵ-ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੋਈ ਖ਼ਤਰਾ ਮਹਿਸੂਸ ਨਹੀਂ ਕਰ ਰਹੇ ਤਾਂ ਅੱਤਵਾਦ ਕਿਉਂ ਤੇ ਕੌਣ ਪੈਦਾ ਕਰ ਰਿਹਾ? ਰੋਜ਼ ਰੋਜ਼ ਟਿਫਿਨ ਬੰਬ ਕਿਥੋਂ ਆ ਰਹੇ ਹਨ? ਕੀ ਕਾਂਗਰਸ, ਭਾਜਪਾ ਤੇ ਬਾਦਲ ਦਲ ਆਪਣੀ ਰਾਜਨੀਤਿਕ ਆਦਤ ਅਨੁਸਾਰ ਚੋਣਾ ਤੋਂ ਪਹਿਲਾਂ ਇੱਕ ਵਿਸ਼ੇਸ਼ ਵਰਗ ਨੂੰ ਡਰਾਉਣ- ਧਮਕਾਉਣ ਲਈ ਡਰ ਦਾ ਮਹੌਲ ਬਣਾ ਰਹੇ ਹਨ?’’

ਅਮਨ ਅਰੋੜਾ ਨੇ ਕਿਹਾ ਕਿ ਸਾਲ 2017 ਦੀਆਂ ਵਿਧਾਨ ਸਭਾ ਚੋਣਾ ਤੋਂ ਪਹਿਲਾਂ ਵੀ ਉਕਤ ਰਾਜਨੀਤਿਕ ਪਾਰਟੀਆਂ ਨੇ ਆਮ ਆਦਮੀ ਪਾਰਟੀ ਨੂੰ ਰੋਕਣ ਲਈ ਅਜਿਹੇ ਪੈਂਤਰੇ ਦੀ ਵਰਤੋਂ ਕੀਤੀ ਸੀ। ਮੌੜ ਬੰਬ ਧਮਾਕੇ ਦਾ ਮਾਮਲਾ ਇਸ ਦੀ ਸਾਫ਼-ਸਪੱਸ਼ਟ ਉਦਾਰਹਨ ਹੈ। ਜੇ ਇਸ ਮਾਮਲੇ ਵਿੱਚ ਕੋਈ ਸਚਾਈ ਹੈ ਤਾਂ ਪੰਜਾਬ ਤੇ ਕੇਂਦਰੀ ਸੁਰੱਖਿਆ ਏਜੰਸੀਆਂ ਨੇ ਮੌੜ ਬੰਬ ਧਮਾਕੇ ਦੀ ਹੁਣ ਤਕ ਜਾਂਚ ਕਿਹੜੇ ਕਾਰਨਾਂ ਕਰਕੇ ਪੂਰੀ ਨਹੀਂ ਕੀਤੀ ਗਈ? ਪੰਜਾਬ ਦੀ ਸ਼ਾਂਤੀ ਭੰਗ ਕਰਨ ਵਾਲੇ ਸਾਜਿਸ਼ਕਾਰੀਆਂ ਦੀ ਜਾਣਕਾਰੀ ਨੂੰ ਕਿਉਂ ਛੁਪਾ ਕੇ ਰੱਖਿਆ ਗਿਆ ਹੈ ? ‘ਆਪ’ ਨੇ ਚੰਨੀ ਤੋਂ ਮੌੜ ਬੰਬ ਧਮਾਕੇ ਦੀ ਜਾਂਚ ਦੀ ਤਾਜ਼ਾ ਸਥਿਤੀ ਲੋਕਾਂ ਅੱਗੇ ਰੱਖਣ ਦੀ ਮੰਗ ਵੀ ਕੀਤੀ।

ਵਿਧਾਇਕ ਅਰੋੜਾ ਨੇ ਸਵਾਲ ਕੀਤਾ ਕਿ ਸੂਬੇ ਵਿੱਚ ਹੁਣ ਕਥਿਤ ਸੁਪਰ ਮੁੱਖ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਵਾਲੀ ਚੰਨੀ ਸਰਕਾਰ ਹੈ, ਤਾਂ ਫਿਰ ਪੰਜਾਬ ਨੂੰ ਇਸ ਡਰ ਤੋਂ ਮੁੱਕਤ ਕਿਉਂ ਨਹੀਂ ਕੀਤਾ ਜਾ ਰਿਹਾ? ਇਹ ਸਵਾਲ ਨਵਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਦੋਵੇਂ ਉਪ ਮੁੱਖ ਮੰਤਰੀਆਂ ਸੁਖਜਿੰਦਰ ਸਿੰਘ ਰੰਧਾਵਾ ਅਤੇ ਓ.ਪੀ. ਸੋਨੀ ਲਈ ਵੀ ਹੈ। ਉਨ੍ਹਾਂ ਕਿਹਾ ਕਿ ਸਾਲ 2022 ਵਿੱਚ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਨਾਲ ਹੀ ਮੌੜ ਬੰਬ ਧਮਾਕੇ ਦੀ ਸਚਾਈ ਲੋਕਾਂ ਸਾਹਮਣੇ ਰੱਖੀ ਜਾਵੇਗੀ ਅਤੇ ਦੋਸ਼ੀਆਂ ਦੇ ਨਾਲ- ਨਾਲ ਸਾਜਿਸ਼ਕਾਰੀਆਂ ਨੂੰ ਵੀ ਸਜ਼ਾ ਦਿੱਤੀ ਜਾਵੇਗੀ।

Related posts

ਪੰਜਾਬ ਵਿੱਚ ਹੜ੍ਹਾਂ ਨੇ 37 ਸਾਲਾਂ ਬਾਅਦ ਵੱਡੀ ਤਬਾਹੀ ਮਚਾਈ ਹੈ !

admin

ਪੰਜਾਬ ਦੇ 23 ਜਿਲ੍ਹੇ ਹੜ੍ਹਾਂ ਦੀ ਮਾਰ ਹੇਠ : ਦਿੱਲੀ ਵਿੱਚ ਵੀ ਹਾਲਾਤ ਗੰਭੀਰ !

admin

INDIA’S GLOBAL SUPERSTAR BRINGS EPIC NEW TOUR, AURA 2025 TO AUSTRALIA & NEW ZEALAND FIRST EVER INDIAN ARTIST TO HEADLINE AUSTRALIAN STADIUMS

admin