Punjab

ਪੰਜਾਬ ਤੇ ਹਰਿਆਣਾ ‘ਚ 3 ਅਕਤੂਬਰ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਸਰਕਾਰੀ ਖਰੀਦ

ਚੰਡੀਗੜ੍ਹ – ਝੋਨੇ ਦੀ ਖ਼ਰੀਦ ਜਲਦੀ ਤੋਂ ਜਲਦੀ ਸ਼ੁਰੂ ਕਰਨ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਪੀਲ ਨੂੰ ਸਵਿਕਾਰਦਿਆਂ ਭਾਰਤ ਸਰਕਾਰ ਨੇ ਸੂਬੇ ਨੂੰ ਭਲਕੇ (3 ਅਕਤੂਬਰ) ਤੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ।ਇਸ ਸਬੰਧੀ ਤੁਰੰਤ ਨਿੱਜੀ ਦਖ਼ਲ ਦੇ ਕੇ ਖਪਤਕਾਰ ਮਾਮਲਿਆਂ, ਖ਼ੁਰਾਕ ਅਤੇ ਜਨਤਕ ਵੰਡ ਮੰਤਰਾਲੇ ਨੂੰ ਸਲਾਹ ਦੇਣ ਲਈ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਸ. ਚੰਨੀ ਨੇ ਕਿਹਾ ਕਿ ਇਹ ਫ਼ੈਸਲਾ ਕਿਸਾਨਾਂ ਦੀ ਸੰਤੁਸ਼ਟੀ ਲਈ ਝੋਨੇ ਦੀ ਨਿਰਵਿਘਨ ਅਤੇ ਸੁਚਾਰੂ ਖ਼ਰੀਦ ਯਕੀਨੀ ਬਣਾਉਣ ਸਹਾਈ ਸਿੱਧ ਹੋਵੇਗਾ।ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਬੀਤੇ ਕੱਲ੍ਹ ਸ੍ਰੀ ਮੋਦੀ ਨੂੰ ਮਿਲੇ ਸਨ, ਜਿਨ੍ਹਾਂ ਨੇ ਸ. ਚੰਨੀ ਨੂੰ ਇਸ ਮੁੱਦੇ ਦੇ ਛੇਤੀ ਹੱਲ ਦਾ ਭਰੋਸਾ ਦਿੱਤਾ ਸੀ। ਭਾਰਤ ਸਰਕਾਰ ਦੇ ਖਪਤਕਾਰ ਮਾਮਲਿਆਂ, ਖ਼ੁਰਾਕ ਅਤੇ ਜਨਤਕ ਵੰਡ ਮੰਤਰਾਲੇ ਨੇ ਝੋਨੇ ਦੀ ਖ਼ਰੀਦ ਨਿਰਧਾਰਤ ਮਿਤੀ 1 ਅਕਤੂਬਰ ਦੀ ਬਜਾਏ 11 ਅਕਤੂਬਰ ਨੂੰ ਸਵੇਰੇ ਗਿਆਰਾਂ ਵਜੇ ਤੱਕ ਮੁਲਤਵੀ ਕਰਨ ਦਾ ਫੈਸਲਾ ਲਿਆ ਸੀ। ਐਨ ਮੌਕੇ ਲਏ ਗਏ ਇਸ ਫ਼ੈਸਲੇ ਨਾਲ ਕਿਸਾਨਾਂ ਵਿੱਚ ਨਾਰਾਜ਼ਗੀ ਅਤੇ ਦੁਚਿੱਤੀ ਪਾਈ ਜਾ ਰਹੀ ਸੀ। ਤਾਜ਼ਾ ਹੁਕਮ ਅਨੁਸਾਰ ਪੰਜਾਬ ਤੇ ਹਰਿਆਣਾ ਸੂਬਿਆਂ ‘ਚ ਝੋਨੇ ਦੀ ਸਰਕਾਰੀ ਖਰੀਦ 3 ਅਕਤੂਬਰ ਤੋਂ ਸ਼ੁਰੂ ਹੋਵੇਗੀ। ਕੇਂਦਰੀ ਫੂਡ ਸਪਲਾਈ ਰਾਜ ਮੰਤਰੀ ਅਸ਼ਵਨੀ ਚੌਬੇ ਨੇ ਸ਼ਨਿਚਰਵਾਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਤੋਂ ਬਾਅਦ ਇਹ ਹੁਕਮ ਜਾਰੀ ਕੀਤਾ। ਹਾਲਾਂਕਿ ਸ਼ੁੱਕਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਦਿੱਲੀ ਵਿਖੇ ਪ੍ਰਧਾਨ ਮੰਤਰੀ ਮੋਦੀ ਨੂੰ ਮਿਲੇ ਸਨ ਤੇ ਉਨ੍ਹਾਂ ਨੂੰ ਪੰਜਾਬ ਦੇ ਕਿਸਾਨਾਂ ਦੇ ਹਾਲਾਤ ਤੋਂ ਜਾਣੂ ਕਰਵਾਇਆ ਸੀ। ਕੇਂਦਰੀ ਰਾਜ ਮੰਤਰੀ ਅਨੁਸਾਰ ਇਹ ਫ਼ੈਸਲਾ ਦੋਵਾਂ ਸੂਬਿਆਂ ਦੇ ਵਿਸ਼ੇਸ਼ ਹਾਲਾਤ ਨੂੰ ਦੇਖਦੇ ਹੋਏ ਲਿਆ ਗਿਆ ਹੈ। ਕਾਬਿਲੇਗ਼ੌਰ ਹੈ ਕਿ ਜਦੋਂ ਤੋਂ ਸਰਕਾਰ ਨੇ ਝੋਨੇ ਦੀ ਸਰਕਾਰ ਖਰੀਦ 11 ਅਕਤੂਬਰ ਨੂੰ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹੋਏ ਸਨ ਜਿਸ ਤੋਂ ਬਾਅਦ ਦੋਵਾਂ ਸੂਬਿਆਂ ਦੇ ਕਿਸਾਨਾਂ ‘ਚ ਰੋਹ ਫੁੱਟ ਪਿਆ। ਉਨ੍ਹਾਂ ਨੂੰ ਆਪਣੀ ਫ਼ਸਲ ਨੁਕਸਾਨੇ ਜਾਣ ਦਾ ਡਰ ਸਤਾਅ ਰਿਹਾ ਸੀ ਪਰ ਸਰਕਾਰ ਦੇ ਇਸ ਫ਼ੈਸਲੇ ਨਾਲ ਕਿਸਾਨਾਂ ਨੂੰ ਰਾਹਤ ਜ਼ਰੂਰ ਮਿਲੀ ਹੈ। ਜ਼ਿਕਰਯੋਗ ਹੈ ਕਿ ਭਾਰਤ ਸਰਕਾਰ ਵੱਲੋਂ ਬੀਤੇ ਦਿਨੀਂ ਹੁਕਮ ਜਾਰੀ ਕੀਤੇ ਗਏ ਸਨ ਕਿ ਚਾਲੂ ਸੀਜ਼ਨ ਦੌਰਾਨ ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਦੀ ਥਾਂ 11 ਅਕਤੂਬਰ ਤੋਂ ਸ਼ੁਰੂ ਹੋਵੇਗੀ। ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਨਿਰਦੇਸ਼ਾਂ ਅਨੁਸਾਰ ਭਾਰੀ ਬਾਰਿਸ਼ ਦੇ ਮੱਦੇਨਜ਼ਰ ਪੰਜਾਬ ਅਤੇ ਹਰਿਆਣਾ ‘ਚ ਝੋਨੇ ਦੇ ਪੱਕਣ ‘ਚ ਦੇਰੀ ਹੋਣ ਤੇ ਫਸਲ ‘ਚ ਨਮੀ ਦੀ ਮਾਤਰਾ ਜ਼ਿਆਦਾ ਹੋਣ ਕਾਰਨ ਸਰਕਾਰੀ ਖਰੀਦ 11 ਅਕਤੂਬਰ ਨੂੰ ਸ਼ੁਰੂ ਕਰਨ ਦਾ ਫ਼ੈਸਲਾ ਲਿਆ ਗਿਆ ਸੀ।

Related posts

ਪੰਜਾਬ ਭਰ ਵਿੱਚ ਹੜ੍ਹ ਵਰਗੀ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ: ਗੋਇਲ

admin

ਸ਼੍ਰੋਮਣੀ ਅਕਾਲੀ ਦਲ ਵਲੋਂ 33 ਜ਼ਿਲ੍ਹਾ (ਸ਼ਹਿਰੀ ਤੇ ਦਿਹਾਤੀ) ਪ੍ਰਧਾਨ ਨਿਯੁਕਤ !

admin

ਮੁੜ ਉਤਸ਼ਾਹਿਤ ਹੋਣਗੀਆਂ ਬੈਲਗੱਡੀਆਂ ਦੀਆਂ ਦੌੜਾਂ ਤੇ ਪੇਂਡੂ ਰਵਾਇਤੀ ਖੇਡਾਂ: ਚੀਮਾ

admin