ਜਲੰਧਰ, (ਪਰਮਿੰਦਰ ਸਿੰਘ) – ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਨੇ ਕਿਸਾਨਾਂ ਨੂੰ ਸਾਉਣੀ ਦੀਆਂ ਫ਼ਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਰਤਾਰਪੁਰ ਵਿਖੇ ਲਗਾਏ ਗਏ ਜ਼ਿਲ੍ਹਾ ਪੱਧਰੀ ਕਿਸਾਨ ਸਿਖ਼ਲਾਈ ਕੈਂਪ ਵਿੱਚ ਸ਼ਿਰਕਤ ਕਰਦਿਆਂ ਫ਼ਸਲੀ ਵਿਭਿੰਨਤਾ ‘ਤੇ ਜ਼ੋਰ ਦਿੱਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵੱਖ-ਵੱਖ ਸਕੀਮਾਂ ਜ਼ਰੀਏ ਕਿਸਾਨੀ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਸਾਨਾਂ ਨੂੰ ਸਹਾਇਕ ਧੰਦੇ ਅਪਨਾਉਣ ‘ਤੇ ਵੀ ਜ਼ੋਰ ਦਿੱਤਾ। ਜ਼ਮੀਨ ਦੀ ਉਪਜਾਊ ਸ਼ਕਤੀ ਅਤੇ ਵਾਤਾਵਰਣ ਦੀ ਸ਼ੁੱਧਤਾ ਬਰਕਰਾਰ ਰੱਖਣ ਲਈ ਭਗਤ ਨੇ ਕਿਹਾ ਕਿ ਕਣਕ ਦੇ ਨਾੜ ਅਤੇ ਹੋਰ ਫ਼ਸਲਾਂ ਦੀ ਰਹਿੰਦ ਖੂਹੰਦ ਨੂੰ ਅੱਗ ਨਾ ਲਗਾਈ ਜਾਵੇ। ਕੈਂਪ ਦਾ ਉਦਘਾਟਨ ਹਲਕਾ ਵਿਧਾਇਕ ਸ. ਬਲਕਾਰ ਸਿੰਘ ਵੱਲੋਂ ਕੀਤਾ ਗਿਆ। ਉਨ੍ਹਾਂ ਵਾਤਾਵਰਣ ਦੀ ਸੰਭਾਲ ਲਈ ਕਿਸਾਨਾਂ ਨੂੰ ਅੱਗੇ ਆਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨ ਕਣਕ ਦੇ ਨਾੜ ਨੂੰ ਅੱਗ ਲਗਾਉਣ ਦੀ ਬਜਾਏ ਸਰਕਾਰ ਵੱਲੋਂ ਸਬਸਿਡੀ ‘ਤੇ ਮੁਹੱਈਆ ਕਰਵਾਈ ਜਾਂਦੀ ਮਸ਼ੀਨਰੀ ਨਾਲ ਇਸ ਦਾ ਸੁਚੱਜਾ ਪ੍ਰਬੰਧਨ ਕਰਨ ਨੂੰ ਤਰਜੀਹ ਦੇਣ ਲਈ ਕਿਹਾ।