ਚੰਡੀਗੜ੍ਹ – ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅੱਜ ਕਿਹਾ ਕਿ ਮਿਲਟਰੀ ਲਿਟਰੇਟਰ ਫੈਸਟੀਵਲ ਨੌਜਵਾਨਾਂ ਨੂੰ ਰੱਖਿਆ ਸੇਵਾਵਾਂ ਵੱਲ ਪ੍ਰੇਰਿਤ ਕਰਨ ਦਾ ਸਭ ਤੋਂ ਅਹਿਮ ਜ਼ਰੀਆ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਜੰਗਾਂ ਵਿੱਚ ਪੰਜਾਬ ਦੇ ਧੀਆਂ-ਪੁੱਤਰਾਂ ਵੱਲੋਂ ਦਿਖਾਈ ਗਈ ਬਹਾਦਰੀ ਦੇਸ਼ ਭਰ ਦੇ ਲੋਕਾਂ ਨੂੰ ਸਦਾ ਪ੍ਰੇਰਿਤ ਕਰਦੀ ਰਹੇਗੀ।ਰਾਜਪਾਲ ਅੱਜ ਇੱਥੇ ਲੇਕ ਸਪੋਰਟਸ ਕੰਪਲੈਕਸ ਵਿਖੇ ਕਰਵਾਏ ਜਾ ਰਹੇ ਮਿਲਟਰੀ ਲਿਟਰੇਚਰ ਫੈਸਟੀਵਲ (ਐਮ.ਐਲ.ਐਫ.) ਦੇ 8ਵੇਂ ਐਡੀਸ਼ਨ ਦਾ ਉਦਘਾਟਨ ਕਰਨ ਉਪਰੰਤ ਸੰਬੋਧਨ ਕਰ ਰਹੇ ਸਨ। ਅੱਜ ਤੋਂ ਸ਼ੁਰੂ ਹੋਣ ਵਾਲਾ ਦੋ-ਰੋਜ਼ਾ ਸਮਾਗਮ ਨੌਜਵਾਨਾਂ ਨੂੰ ਫੌਜੀ ਇਤਿਹਾਸ ਦੀ ਝਲਕ ਦਿਖਾਉਣ ਅਤੇ ਉਨ੍ਹਾਂ ਨੂੰ ਰੱਖਿਆ ਸੇਵਾਵਾਂ ਵੱਲ ਪ੍ਰੇਰਿਤ ਕਰਨ ਲਈ ਕਰਵਾਇਆ ਜਾ ਰਿਹਾ ਹੈ ਤਾਂ ਜੋ ਉਹ ਰੱਖਿਆ ਸੇਵਾਵਾਂ ਵਿੱਚ ਆਗੂ ਬਣ ਕੇ ਦੇਸ਼ ਦੀ ਸੇਵਾ ਕਰ ਸਕਣ।ਰਾਜਪਾਲ ਨੇ ਕਿਹਾ ਕਿ ਇਹ ਫੈਸਟੀਵਲ ਨਾ ਸਿਰਫ਼ ਭਾਰਤ ਦੀ ਸ਼ਾਨਦਾਰ ਫੌਜੀ ਵਿਰਾਸਤ ਦੀ ਝਲਕ ਪੇਸ਼ ਕਰਦਾ ਹੈ, ਬਲਕਿ ਨਾਗਰਿਕਾਂ ਦੇ ਗਿਆਨ ਵਿੱਚ ਵਾਧਾ ਕਰਨ ਅਤੇ ਦੇਸ਼ ਭਗਤੀ ਨੂੰ ਉਤਸ਼ਾਹਤ ਕਰਨ ਵਿੱਚ ਮਿਲਟਰੀ ਲਿਟਰੇਟਰ ਦੀ ਭੂਮਿਕਾ ਨੂੰ ਵੀ ਉਜਾਗਰ ਕਰਦਾ ਹੈ।ਹਥਿਆਰਬੰਦ ਬਲਾਂ ਵਿੱਚ ਔਰਤਾਂ ਦੇ ਸ਼ਾਮਲ ਹੋਣ ਦੀ ਵੱਧ ਰਹੀ ਗਿਣਤੀ ‘ਤੇ ਚਾਨਣਾ ਪਾਉਂਦਿਆਂ ਰਾਜਪਾਲ ਨੇ ਕਿਹਾ ਕਿ ਇਹ ਸਾਡੇ ਬਲਾਂ ਵਿੱਚ ਲਿੰਗ ਸਮਾਨਤਾ ਅਤੇ ਸਮਾਵੇਸ਼ ਵੱਲ ਇੱਕ ਪ੍ਰਗਤੀਸ਼ੀਲ ਕਦਮ ਹੈ। । ਫੈਸਟੀਵਲ ਦੇ ਇਸ ਐਡੀਸ਼ਨ ਦਾ ਵਿਸ਼ਾ, “ਵਾਰ ਅੰਡਰ ਦ ਨਿਊਕਲੀਅਰ ਅੰਬਰੇਲਾ” ਹੈ ਜਿਸ ਵਿਸ਼ਵ ਦੀਆਂ ਸਮਕਾਲੀ ਚੁਣੌਤੀਆਂ ਅਤੇ ਭਵਿੱਖ ਦੇ ਸੰਘਰਸ਼ਾਂ ਲਈ ਭਾਰਤ ਦੀ ਤਿਆਰੀ ‘ਤੇ ਵਿਚਾਰ-ਵਟਾਂਦਰੇ ਕੀਤਾ ਜਾਵੇਗਾ। ਇਸ ਮੌਕੇ ਚੰਡੀਗੜ੍ਹ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਅਤੇ ਚੰਡੀਗੜ੍ਹ ਦੇ ਮੇਅਰ ਕੁਲਦੀਪ ਕੁਮਾਰ ਵੀ ਹਾਜ਼ਰ ਸਨ।
