ਮਾਨਸਾ – ਮਾਨਸਾ ਨੇੜੇ ਪਿੰਡ ਨੰਗਲ ਖੁਰਦ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਜਵਾਹਰਕੇ ਦੀ ਅਗਵਾਈ ਹੇਠ ਹੋਈ। ਮੀਟਿੰਗ ਤੋਂ ਬਾਅਦ ਪਿੰਡ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ। ਇਸ ਮੌਕੇ ਰਣਜੀਤ ਕੌਰ ਨੂੰ ਪ੍ਰਧਾਨ, ਜਸਵੀਰ ਕੌਰ ਨੂੰ ਜਨਰਲ ਸਕੱਤਰ ਅਤੇ ਕੁਲਵਿੰਦਰ ਕੌਰ ਨੂੰ ਖਜ਼ਾਨਚੀ ਚੁਣਿਆ ਗਿਆ। ਇਸ ਤੋਂ ਇਲਾਵਾ ਜਸਮੇਲ ਕੌਰ ਨੂੰ ਮੀਤ ਪ੍ਰਧਾਨ ਅਤੇ ਬਲਵੰਤ ਕੌਰ ਨੂੰ ਸਕੱਤਰ ਬਣਾਇਆ ਗਿਆ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਜਵਾਹਰਕੇ ਨੇ ਕਿਹਾ ਕਿ ਅਮਰੀਕਾ ਨਾਲ ਹੋਏ ਟੈਕਸ ਮੁਕਤ ਵਪਾਰ ਸਮਝੌਤੇ ਨੂੰ ਰੱਦ ਕਰਵਾਉਣ, ਨਵੀਂ ਆ ਰਹੀ ਲੈਂਡ ਪੂਲਿੰਗ ਨੀਤੀ ਨੂੰ ਰੱਦ ਕਰਵਾਉਣ ਸਮੇਤ 13 ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪੰਜਾਬ ਦੇ ਸਾਰੇ ਡੀਸੀ ਦਫ਼ਤਰਾਂ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਕਿਸਾਨਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਸਮੇਤ ਇਨ੍ਹਾਂ ਪ੍ਰਦਰਸ਼ਨਾਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ, ਤਾਂ ਜੋ ਕੇਂਦਰ ਅਤੇ ਪੰਜਾਬ ਸਰਕਾਰ ’ਤੇ ਦਬਾਅ ਬਣਾਇਆ ਜਾ ਸਕੇ ਅਤੇ ਕਿਸਾਨਾਂ ਦੀਆਂ ਮੰਗਾਂ ਮਨਵਾਈਆਂ ਜਾ ਸਕਣ। ਮੀਟਿੰਗ ਦੌਰਾਨ ਕਿਸਾਨ ਆਗੂ ਜਗਰਾਜ ਸਿੰਘ, ਗੁਰਦੇਵ ਸਿੰਘ, ਕਰਮ ਸਿੰਘ ਅਤੇ ਰਣਜੀਤ ਸਿੰਘ ਸਮੇਤ ਹੋਰ ਆਗੂ ਵੀ ਮੌਜੂਦ ਸਨ।
