ਜਲੰਧਰ, (ਪਰਮਿੰਦਰ ਸਿੰਘ) – ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਸੂਬਾ ਸਰਕਾਰ ਵੱਲੋਂ ਵਿੱਢੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਵਿੱਚ ਸ਼ਾਮਲ ਹੋ ਕੇ ਇਸ ਨੂੰ ਲੋਕ ਲਹਿਰ ਬਣਾਉਣ ਦੀ ਅਪੀਲ ਕੀਤੀ। ਸ਼ਹੀਦ ਬਾਬੂ ਲਾਭ ਸਿੰਘ ਸਿਵਲ ਹਸਪਤਾਲ ਜਲੰਧਰ ਵਿਖੇ ਨਸ਼ਾ ਛੁਡਾਊ ਕੇਂਦਰ ਨਿਰੀਖਣ ਕੀਤਾ ਅਤੇ ਸਮਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸਿਹਤ, ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੂੰ ਸ਼ਾਮਲ ਕਰਦਿਆਂ ਬਹੁ-ਪੱਖੀ ਪਹੁੰਚ ਅਪਨਾਉਣ ਦੀ ਜ਼ਰੂਰਤ ‘ਤੇ ਜੋਰ ਦਿੱਤਾ। ਸਿਹਤ ਮੰਤਰੀ ਨੇ ਕਿਹਾ ਕਿ ਨਸ਼ਾ ਛੱਡਣ ਵਾਲੇ ਵਿਅਕਤੀਆਂ ਦੀ ਮਦਦ ਲਈ ਪੰਜਾਬ ਸਰਕਾਰ ਵੱਲੋਂ ਪਿੰਡ ਅਤੇ ਮੁਹੱਲਾ ਪੱਧਰ ’ਤੇ ਸਿਹਤ ਕਮੇਟੀਆਂ ਕਾਇਮ ਕਰਨ ਤੋਂ ਇਲਾਵਾ ਹਰੇਕ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਵਿਖੇ ਨਾਰਕੋਟਿਕਸ ਅਨੋਨੀਮਸ ਸਹਾਇਤਾ ਸਮੂਹ ਸਥਾਪਤ ਕੀਤੇ ਜਾਣਗੇ। ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸਕੂਲਾਂ ਅਤੇ ਕਾਲਜਾਂ ਵਿੱਚ ਨਸ਼ਿਆਂ ਖਿਲਾਫ਼ ਜਾਗਰੂਕਤਾ ਪ੍ਰੋਗਰਾਮਾਂ ਦੀ ਮਹੱਤਤਾ ‘ਤੇ ਵੀ ਜ਼ੋਰ ਦਿੱਤਾ। ਸਿਹਤ ਮੰਤਰੀ ਨੇ ਇਹ ਵੀ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਰਾਹੀਂ 2.99 ਕਰੋੜ ਤੋਂ ਵੱਧ ਮਰੀਜ਼ਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ ਹਨ।