ਸੰਗਰੂਰ, (ਦਲਜੀਤ ਕੌਰ) – ਪੰਜਾਬ ਪੇਅ ਸਕੇਲ ਬਹਾਲੀ ਸਾਂਝੇ ਫਰੰਟ ਦੇ ਸੂਬਾ ਕਨਵੀਨਰ ਯੁੱਧਜੀਤ ਸਿੰਘ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਦੱਸਿਆ ਫਰੰਟ ਵੱਲੋਂ 23 ਮਾਰਚ ਨੂੰ ਮੁੱਖ ਮੰਤਰੀ ਦੀ ਸੰਗਰੂਰ ਕੋਠੀ ਦਾ ਘਿਰਾ ਕੀਤਾ ਜਾਵੇਗਾ ਇਸ ਸੰਬੰਧੀ ਉਨ੍ਹਾਂ ਵੱਲੋਂ ਮੀਟਿੰਗ ਕੀਤੀ ਗਈ ਹੈ। ਮੀਟਿੰਗ ਵਿੱਚ ਸਿੱਖਿਆ ਵਿਭਾਗ ਦੀ 2392 ਜਥੇਬੰਦੀ ਦੇ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਇਸ ਮੀਟਿੰਗ ਵਿੱਚ ਸੌਰਭ ਸ਼ਰਮਾ ਕੇਸ ਵਿੱਚ ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਐੱਸ ਐੱਲ ਪੀ ਖ਼ਾਰਜ ਹੋਣ ਮਗਰੋਂ ਪੰਜਾਬ ਸਰਕਾਰ ਵੱਲੋਂ ਸਾਰੇ ਵਿਭਾਗਾਂ ਦੇ ਨਿਯਮ ਬਦਲਣ ਤੇ ਵੀ ਫਰੰਟ ਨੇ ਸਰਕਾਰ ਦੀ ਨੀਤੀ ਦਾ ਵਿਰੋਧ ਕੀਤਾ ਕਿ ਜੋ ਸਰਕਾਰ ਕਰ ਰਹੀ ਹੈ ਉਹ ਉਸ ਤੋਂ ਇਹ ਜਾਪਦਾ ਹੈ ਕਿ ਸਰਕਾਰ ਪੰਜਾਬ ਦੇ ਪੇਅ ਸਕੇਲ ਦੇਣ ਦੇ ਹੱਕ ਵਿੱਚ ਨਹੀਂ ਹੈ, ਜਿੱਥੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਮੁਲਾਜ਼ਮਾਂ ਦੇ ਹੱਕਾਂ ਲਈ ਆਵਾਜ਼ ਦੇਣ ਵਾਲੀ ਸਰਕਾਰ ਅੱਜ ਮਾਨਯੋਗ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਮੰਨਣ ਲਈ ਵੀ ਤਿਆਰ ਨਹੀਂ ਹੈ। ਜਿਸ ਕਰਕੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਸਰਕਾਰ ਨੂੰ ਦਿੱਲੀ ਦੀਆਂ ਚੋਣਾਂ ਵਿੱਚ ਮਿਲੀ ਹਾਰ ਤੋਂ ਸਿੱਖਣਾ ਚਾਹੀਦਾ ਹੈ ਕਿ ਪੰਜਾਬ ਦੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਤਾਂ ਆਉਣ ਵਾਲੀਆਂ ਪੰਜਾਬ ਚੋਣਾਂ ਵਿੱਚ ਵੀ ਉਹੀ ਹਾਲ ਹੋਵੇਗਾ। ਫਰੰਟ ਨੇਂ ਫ਼ੈਸਲਾ ਕੀਤਾ ਹੈ ਕਿ ਜੇਕਰ ਸਰਕਾਰ ਸੌਰਭ ਸ਼ਰਮਾ ਕੇਸ ਵਿੱਚ ਪੰਜਾਬ ਦੇ ਸਮੂਹ ਮੁਲਾਜ਼ਮਾਂ ਤੇ ਪੰਜਾਬ ਦੇ ਪੇਅ ਸਕੇਲ ਲਾਗੂ ਨਹੀਂ ਕਰਦੀ ਤਾਂ ਸਰਕਾਰ ਦਾ ਹਰ ਥਾਂ ਵਿਰੋਧ ਕੀਤਾ ਜਾਵੇਗਾ। ਅੱਜ ਦੀ ਇਸ ਮੀਟਿੰਗ ਵਿੱਚ 23 ਮਾਰਚ ਨੂੰ ਮੁੱਖ ਮੰਤਰੀ ਦੀ ਸੰਗਰੂਰ ਕੋਠੀ ਦਾ ਘਿਰਾਓ ਕਰਨ ਲਈ ਲਾਮਬੰਦ ਕਰਕੇ ਵੱਧ ਤੋਂ ਵੱਧ ਇਕੱਠ ਰਾਹੀਂ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ।
ਇਸ ਮੌਕੇ ਤੇ ਪੰਜਾਬ ਦੇ ਸੂਬਾ ਕਨਵੀਨਰ ਯੁੱਧਜੀਤ ਸਿੰਘ, ਸੰਜੀਵ ਗਰਗ, ਪਰਮਜੀਤ ਸਿੰਘ, ਜਗਜੀਤ ਸਿੰਘ, ਕਰਨਪਾਲ ਸਿੰਘ, ਮਨਦੀਪ ਸਿੰਘ, ਅਟਲ ਦੀਪਕ, ਜਗਦੀਸ਼ ਕੁਮਾਰ, ਪ੍ਰਿਤਪਾਲ ਸਿੰਘ ਆਦਿ ਮੌਜੂਦ ਸਨ ।