Punjab

ਪੰਜਾਬ ਵਿੱਚ ਲਗਾਏ ਜਾਣਗੇ 20 ਹਜ਼ਾਰ ਖੇਤੀ ਸੋਲਰ ਪੰਪ; ਪੰਜ ਹਜ਼ਾਰ ਪੰਪ ਅਨੁਸੂਚਿਤ ਜਾਤੀ ਦੇ ਕਿਸਾਨਾਂ ਤੇ ਪੰਚਾਇਤਾਂ ਲਈ ਰਾਖਵੇਂ ਕੀਤੇ: ਅਮਨ ਅਰੋੜਾ

ਚੰਡੀਗੜ੍ਹ – ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਐਲਾਨ ਕੀਤਾ ਹੈ ਕਿ ਸੂਬਾ ਸਰਕਾਰ ਨੇ ਖੇਤੀਬਾੜੀ ਵਾਸਤੇ ਅਨੁਸੂਚਿਤ ਜਾਤੀ (ਐਸ.ਸੀ.) ਦੇ ਕਿਸਾਨਾਂ ਅਤੇ ਗ੍ਰਾਮ ਪੰਚਾਇਤਾਂ ਲਈ 5000 ਸੋਲਰ ਪੰਪ ਰਾਖਵੇਂ ਕਰਨ ਦਾ ਫ਼ੈਸਲਾ ਕੀਤਾ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਪ੍ਰਧਾਨ ਮੰਤਰੀ ਕੁਸੁਮ ਸਕੀਮ ਦੇ ਪਹਿਲੇ ਪੜਾਅ ਤਹਿਤ 20,000 ਸੋਲਰ ਪੰਪ (ਸਰਫੇਸ ਅਤੇ ਸਬਮਰਸੀਬਲ) ਲਗਾਉਣ ਸਬੰਧੀ ਸਕੀਮ ਦੀ ਸ਼ੁਰੂਆਤ ਲਈ ਪੂਰੀ ਤਰ੍ਹਾਂ ਤਿਆਰ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਅਨੁਸੂਚਿਤ ਜਾਤੀ ਦੇ ਕਿਸਾਨਾਂ ਲਈ 2000 ਸੋਲਰ ਪੰਪ ਸੈੱਟ ਰਾਖਵੇਂ ਰੱਖੇ ਗਏ ਹਨ, ਜਿਨ੍ਹਾਂ ਨੂੰ ਇਸ ਦੀ ਕੁੱਲ ਲਾਗਤ ‘ਤੇ 80 ਫ਼ੀਸਦੀ ਸਬਸਿਡੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਗ੍ਰਾਮ ਪੰਚਾਇਤਾਂ ਲਈ 3000 ਸੋਲਰ ਪੰਪ ਰਾਖਵੇਂ ਰੱਖੇ ਗਏ ਹਨ। ਜਨਰਲ ਸ਼੍ਰੇਣੀ ਦੇ ਕਿਸਾਨਾਂ ਨੂੰ ਸੋਲਰ ਪੰਪ ਦੀ ਲਾਗਤ ਉੱਤੇ 60% ਸਬਸਿਡੀ ਦਿੱਤੀ ਜਾਵੇਗੀ।
ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖੇਤੀਬਾੜੀ ਸੈਕਟਰ ਨੂੰ ਕਾਰਬਨ-ਮੁਕਤ ਕਰਨ ਵਾਸਤੇ ਕੁਦਰਤੀ ਸੂਰਜੀ ਊਰਜਾ ਦੀ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਨੇ ਪੇਡਾ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖੇਤੀਬਾੜੀ ਲਈ ਸੋਲਰ-ਪੰਪ ਸਕੀਮ ਨੂੰ ਪਾਰਦਰਸ਼ੀ ਅਤੇ ਨਿਰਵਿਘਨ ਢੰਗ ਨਾਲ ਅਮਲ ਵਿੱਚ ਲਿਆਉਣਾ ਯਕੀਨੀ ਬਣਾਇਆ ਜਾਵੇ।
ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ, ਜਿਨ੍ਹਾਂ ਨਾਲ ਵਿਭਾਗ ਦੇ ਸਕੱਤਰ ਸ੍ਰੀ ਰਵੀ ਭਗਤ ਵੀ ਮੌਜੂਦ ਸਨ, ਨੇ ਸੋਲਰ ਪੰਪਾਂ ਵਾਸਤੇ ਆਨਲਾਈਨ ਅਪਲਾਈ ਕਰਨ ਅਤੇ ਇਨ੍ਹਾਂ ਦੀ ਅਲਾਟਮੈਂਟ ਲਈ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੀ ਸਹਾਇਤਾ ਨਾਲ ਪੇਡਾ ਵੱਲੋਂ ਤਿਆਰ ਕੀਤੇ ਗਏ ਪੋਰਟਲ ਦੀ ਸਮੀਖਿਆ ਵੀ ਕੀਤੀ।
ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਸੋਲਰ ਪੰਪਾਂ ਲਈ ਆਨਲਾਈਨ ਅਪਲਾਈ ਕਰਨ ਸਮੇਂ ਕਿਸਾਨਾਂ ਨੂੰ ਕੋਈ ਮੁਸ਼ਕਲ ਨਾ ਆਵੇ।

Related posts

ਨਵੀਆਂ ਰਾਈਸ ਮਿੱਲਾਂ ਲਈ ਅੰਤਿਮ ਰਜਿਸਟ੍ਰੇਸ਼ਨ ਦੀ ਆਖ਼ਰੀ ਮਿਤੀ 5 ਸਤੰਬਰ ਤੱਕ ਵਧਾਈ ਜਾਵੇਗੀ

Bunty

ਪਟਿਆਲਾ ’ਚ ਐਸਬੀਆਈ ਦੀ ਮੇਨ ਬ੍ਰਾਂਚ ਦੇ ਪਾਬੰਦੀਸ਼ੁਦਾ ਏਰੀਆ ’ਚੋਂ ਬੱਚਾ 35 ਲੱਖ ਦਾ ਕੈਸ਼ ਲੈ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

Bunty

ਆਮ ਆਦਮੀ ਕਲੀਨਿਕਾਂ ਨੂੰ ਅੰਤਰਰਾਸ਼ਟਰੀ ਮਾਨਤਾ ਮਿਲੀ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਕੇਂਦਰ ਸਰਕਾਰ ਨੂੰ ਆਯੁਸ਼ਮਾਨ ਫੰਡ ਦੇ 621 ਕਰੋੜ ਰੁਪਏ ਜਾਰੀ ਕਰਨ ਦੀ ਅਪੀਲ 

Bunty