Punjab

ਪੰਜ ਸਿੰਘ ਸਾਹਿਬਾਨ ਵੱਲੋਂ ਅਕਾਲੀਆਂ ਨੂੰ ਸਜ਼ਾ: ਬਾਦਲ ਤੋਂ ‘ਫਖਰ-ਏ-ਕੌਮ’ ਖਿਤਾਬ ਵਾਪਸ, ਸੁਖਬੀਰ ਬਾਦਲ ਗਲੇ ‘ਚ ਤਖ਼ਤੀ ਪਾ ਕੇ ਬੈਠਣਗੇ !

ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਸੋਮਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਤਲਬ ਕੀਤੇ ਜਾਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ। (ਫੋਟੋ: ਏ ਐਨ ਆਈ)

ਅੰਮ੍ਰਿਤਸਰ – ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸੁਖਬੀਰ ਬਾਦਲ ਤੇ ਸਾਬਕਾ ਅਕਾਲੀ ਮੰਤਰੀਆਂ ਨੂੰ ਸਜ਼ਾ ਸੁਣਾਈ ਗਈ ਹੈ। ਇਸ ਦੇ ਨਾਲ ਹੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਤੋਂ ‘ਫਖਰ-ਏ-ਕੌਮ’ ਖਿਤਾਬ ਵਾਪਸ ਲੈ ਲਿਆ ਹੈ। ਪੰਜ ਸਿੰਘ ਸਹਿਬਾਨ ਵੱਲੋਂ ਸੁਖਬੀਰ ਬਾਦਲ ਤੇ ਸਾਬਕਾ ਅਕਾਲੀ ਮੰਤਰੀਆਂ ਨੂੰ ਬਰਤਨ ਸਾਫ ਕਰਨ ਤੇ ਲੰਗਰ ਦੀ ਸੇਵਾ ਲਾਈ ਗਈ ਹੈ। ਇਸ ਤੋਂ ਇਲਾਵਾ ਟਾਇਲਟ ਸਫਾਈ ਦੀ ਸਜ਼ਾ ਵੀ ਦਿੱਤੀ ਗਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕਿਹਾ ਕਿ ਸਾਰੇ ਸਜ਼ਾਯਾਫਤਾ ਲੀਡਰ ਕੀਰਤਨ ਸਰਵਣ ਕਰਨ।

ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਸਮੇਤ ਕੋਰ ਕਮੇਟੀ ਦੇ ਮੈਂਬਰ ਤੇ ਸਾਲ 2015 ਵਿੱਚ ਕੈਬਨਿਟ ਮੈਂਬਰ ਰਹੇ ਆਗੂ 3 ਦਸੰਬਰ ਨੂੰ ਦੁਪਹਿਰ 12 ਤੋਂ 1 ਵਜੇ ਤੱਕ ਬਾਥਰੂਮਾਂ ਦੀ ਸਫ਼ਾਈ ਕਰਨਗੇ। ਇਸ ਤੋਂ ਬਾਅਦ ਉਹ ਇਸ਼ਨਾਨ ਕਰਕੇ ਲੰਗਰ ਘਰ ਵਿੱਚ ਸੇਵਾ ਕਰਨਗੇ। ਉਪਰੰਤ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਨਾ ਹੋਵੇਗਾ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਬਰਛਾ ਲੈ ਕੇ ਬੈਠਣਗੇ। ਉਨ੍ਹਾਂ ਨੂੰ ਆਪਣੇ ਗਲੇ ਵਿੱਚ ਤਖ਼ਤੀ ਪਾਉਣੀ ਪਵੇਗੀ। ਇਸ ਦੇ ਨਾਲ ਹੀ ਸਾਬਕਾ ਮੁੱਖ ਮੰਤਰੀ ਸਵਰਗੀ ਪ੍ਰਕਾਸ਼ ਸਿੰਘ ਬਾਦਲ ਤੋਂ ‘ਫਖਰ-ਏ-ਕੌਮ’ ਐਵਾਰਡ ਵਾਪਸ ਲੈ ਲਿਆ ਗਿਆ ਹੈ।

ਦਰਅਸਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੋਮਵਾਰ ਨੂੰ ਪੰਜ ਸਿੱਖ ਸਾਹਿਬਾਨ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਅਕਾਲੀ ਲੀਡਰਾਂ ਦੀ ਸਜ਼ਾ ਬਾਰੇ ਚਰਚਾ ਹੋਈ। ਸਭ ਤੋਂ ਪਹਿਲਾਂ ਸਾਰੇ ਲੀਡਰਾਂ ਦੇ ਬਿਆਨ ਦਰਜ ਕੀਤੇ ਗਏ। ਇਸ ਦੌਰਾਨ ਸੁਖਬੀਰ ਬਾਦਲ ਨੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਮੁਆਫ਼ ਦੇਣ ਸਬੰਧੀ ਆਪਣੀ ਗਲਤੀ ਕਬੂਲ ਕਰ ਲਈ। ਜਦਕਿ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਉਨ੍ਹਾਂ ‘ਤੇ ਲਗਾਏ ਗਏ ਸਾਰੇ ਦੋਸ਼ ਝੂਠੇ ਹਨ। ਇਸ ਦੇ ਨਾਲ ਹੀ ਬਲਵਿੰਦਰ ਸਿੰਘ ਭੂੰਦੜ, ਦਲਜੀਤ ਸਿੰਘ ਚੀਮਾ, ਕਰਨੈਲ ਸਿੰਘ ਪੰਜੋਲੀ ਅਤੇ ਗੁਰਚਰਨ ਸਿੰਘ ਗਰੇਵਾਲ ਨੇ ਵੀ ਆਪਣੇ ਉਪਰ ਲੱਗੇ ਦੋਸ਼ਾਂ ਨੂੰ ਨਾਕਾਰ ਦਿੱਤਾ।

ਅਕਾਲੀ ਆਗੂ ਜਨਮੇਜਾ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਮੰਨੀਆਂ ਗਈਆਂ ਗਲਤੀਆਂ ਕੈਬਨਿਟ ਦਾ ਏਜੰਡਾ ਨਹੀਂ ਸੀ ਪਰ ਉਸ ਦਾ ਅਫ਼ਸੋਸ ਨਹੀਂ ਕੀਤਾ। ਇਸ ਲਈ ਅਸੀਂ ਸਾਰੇ ਇਸ ਵਿੱਚ ਭਾਗੀਦਾਰ ਹਾਂ। ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮੈਂ 2007 ਤੋਂ 2009 ਤੇ 2009 ਤੋਂ 2012 ਤੱਕ ਮੰਤਰੀ ਮੰਡਲ ਦਾ ਹਿੱਸਾ ਨਹੀਂ ਸੀ। ਮੈਂ 2012 ਤੋਂ 2017 ਤੱਕ ਕੈਬਨਿਟ ਦਾ ਹਿੱਸਾ ਸੀ। ਕੈਬਨਿਟ ਮੀਟਿੰਗ ਵਿੱਚ ਡੇਰਾ ਮੁਖੀ ਨੂੰ ਮੁਆਫ਼ੀ ਜਾਂ ਫਿਰ ਜਿੰਨੇ ਵੀ ਮੁੱਦਿਆਂ ਦਾ ਜ਼ਿਕਰ ਕੀਤਾ ਗਿਆ ਹੈ, ਕਦੇ ਵੀ ਵਿਚਾਰੇ ਨਹੀਂ ਗਏ ਪਰ ਮੈਂ ਆਪਣੀ ਗਲਤੀ ਸਵੀਕਾਰ ਕਰਦਾ ਹਾਂ ਕਿ ਮੈਂ ਉਸ ਮੰਤਰੀ ਮੰਡਲ ਦਾ ਹਿੱਸਾ ਸੀ। ਇਸ ਲਈ ਮੈਂ ਹੱਥ ਜੋੜ ਕੇ ਮੁਆਫੀ ਮੰਗਦਾ ਹਾਂ।

ਅੱਜ ਸ਼੍ਰੋਮਣੀ ਅਕਾਲੀ ਦਲ ਦੀ 2007 ਤੋਂ 2017 ਤੱਕ ਦੀ ਸਰਕਾਰ ਦੇ ਸਾਬਕਾ ਮੰਤਰੀਆਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ 2015 ਦੀ ਕਾਰਜਕਾਰਨੀ ਦੇ ਮੈਂਬਰ ਤੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਤਲਬ ਕੀਤਾ ਗਿਆ ਗਿਆ। ਸੁਖਬੀਰ ਬਾਦਲ ਲੱਤ ‘ਚ ਫਰੈਕਚਰ ਹੋਣ ਕਾਰਨ ਵ੍ਹੀਲਚੇਅਰ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ। ਇਸ ਦੌਰਾਨ ਭਾਜਪਾ ਆਗੂ ਮਨਜਿੰਦਰ ਸਿੰਘ ਵੀ ਸਿਰਸਾ ਪਹੁੰਚੇ।

ਵਰਨਣਯੋਗ ਹੈ ਕਿ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ 30 ਅਗਸਤ ਨੂੰ ਸੁਖਬੀਰ ਬਾਦਲ ਨੂੰ ਤਨਖ਼ਾਹੀਆ ਕਰਾਰ ਦਿੱਤਾ ਗਿਆ ਸੀ। ਸੁਖਬੀਰ ਬਾਦਲ ਤੇ 17 ਸਾਬਕਾ ਅਕਾਲੀ ਮੰਤਰੀਆਂ ਨੇ ਅਕਾਲ ਤਖ਼ਤ ਸਾਹਿਬ ਵਿਖੇ ਮੰਗ ਪੱਤਰ ਸੌਂਪ ਕੇ ਆਪਣਾ ਸਪੱਸ਼ਟੀਕਰਨ ਦਿੱਤਾ ਸੀ। ਕੁਝ ਦਿਨ ਪਹਿਲਾਂ ਸੁਖਬੀਰ ਬਾਦਲ ਨੇ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋ ਕੇ ਮੰਗ ਕੀਤੀ ਸੀ ਕਿ ਉਨ੍ਹਾਂ ਨੂੰ ਤਨਖ਼ਾਹੀਆ ਕਰਾਰ ਦਿੱਤੇ 3 ਮਹੀਨੇ ਤੋਂ ਵੱਧ ਦਾ ਸਮਾਂ ਬੀਤ ਚੁੱਕਾ ਹੈ ਤੇ ਹੁਣ ਉਨ੍ਹਾਂ ਨੂੰ ਸਜ਼ਾ ਸੁਣਾਈ ਜਾਵੇ।

ਤਨਖਾਹੀਆ ਕਰਾਰ ਦਿੱਤੇ ਗਏ ਸੁਖਬੀਰ ਸਿੰਘ ਬਾਦਲ ਦੇ ਮਾਮਲੇ ਨੂੰ ਲੈ ਕੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸ੍ਰੀ ਅਕਾਲ ਤਖ਼ਤ ਵਿਖੇ ਹੋਈ ਜਿਸ ਵਿੱਚ ਸੁਖਬੀਰ ਬਾਦਲ ਸਣੇ ਸ਼੍ਰੋਮਣੀ ਅਕਾਲੀ ਦਲ ਦੇ ਹੋਰ ਆਗੂਆਂ ਖ਼ਿਲਾਫ਼ ਸ੍ਰੀ ਅਕਾਲ ਤਖਤ ਤੋਂ ਕੋਈ ਸਿਆਸੀ ਤਨਖਾਹ ਜਾਂ ਧਾਰਮਿਕ ਤਨਖਾਹ ਲਾਉਣ ਬਾਰੇ ਫ਼ੈਸਲਾ ਲਏ ਜਾਣ ਦੀ ਸੰਭਾਵਨਾ ਸੀ। ਇਸ ਮਾਮਲੇ ਨੂੰ ਲੈ ਕੇ ਸਮੁੱਚੇ ਸਿੱਖ ਜਗਤ ਦੀਆਂ ਨਜ਼ਰਾਂ ਸਿੰਘ ਸਾਹਿਬਾਨ ਦੀ ਮੀਟਿੰਗ ’ਤੇ ਲੱਗੀਆਂ ਹੋਈਆਂ ਸਨ।

ਸ੍ਰੀ ਅਕਾਲ ਤਖ਼ਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ’ਚ ਸੁਖਬੀਰ ਸਿੰਘ ਬਾਦਲ ਅਤੇ ਹੋਰ ਅਕਾਲੀ ਆਗੂਆਂ ਦੇ ਮਾਮਲੇ ਨੂੰ ਵਿਚਾਰਦੇ ਹੋਏ ਉਨ੍ਹਾਂ ਖ਼ਿਲਾਫ਼ ਅਗਲੇਰੀ ਕਾਰਵਾਈ ਕੀਤੀ ਗਈ। ਇਸ ਸਬੰਧ ’ਚ ਸੁਖਬੀਰ ਸਿੰਘ ਬਾਦਲ ਸਣੇ 2007 ਤੋਂ ਲੈ ਕੇ 2017 ਤੱਕ ਅਕਾਲੀ ਸਰਕਾਰ ਵੇਲੇ ਕੈਬਨਿਟ ਮੰਤਰੀ ਰਹੇ 17 ਅਕਾਲੀ ਆਗੂਆਂ, ਸ਼੍ਰੋਮਣੀ ਅਕਾਲੀ ਦਲ ਦੀ ਤਤਕਾਲੀ ਕੋਰ ਕਮੇਟੀ ਤੇ ਅੰਤਰਿੰਗ ਕਮੇਟੀ ਦੇ ਮੈਂਬਰਾਂ ਆਦਿ ਨੂੰ ਅਕਾਲ ਤਖਤ ਵਿਖੇ ਤਲਬ ਕੀਤਾ ਗਿਆ ਸੀ।

Related posts

ਪ੍ਰਕਾਸ਼ ਸਿੰਘ ਬਾਦਲ ਕੋਲੋਂ ਵਾਪਸ ਲਿਆ ਜਾ ਰਿਹਾ ਫਖ਼ਰ-ਏ-ਕੌਮ ਖ਼ਿਤਾਬ ਕੀ ਹੈ ?

editor

ਸੁਖਬੀਰ ਬਾਦਲ ਅਣਜਾਣ, ਕੈਪਟਨ ਅਮਰਿੰਦਰ ਧੋਖੇਬਾਜ਼ ਤੇ ਮੋਦੀ ਜੁਮਲਿਆਂ ਦਾ ਉਸਤਾਦ – ਭਗਵੰਤ ਮਾਨ

editor

ਮੁੱਖ ਮੰਤਰੀ ਦੀ ਰਿਹਾਇਸ਼ ਘੇਰਨ ਜਾ ਰਹੇ ਈਟੀਟੀ ਬੇਰੁਜ਼ਗਾਰ ਅਧਿਆਪਕਾਂ ‘ਤੇ ਅੰਨੇਵਾਹ ਲਾਠੀਚਾਰਜ  

admin