Articles Punjab

ਬਿਕਰਮ ਸਿੰਘ ਮਜੀਠੀਆ ਕੇਸ: ਅੱਜ ਅਦਾਲਤ ਵਿੱਚ ਪੇਸ਼ੀ ਅਤੇ ਗ੍ਰਿਫਤਾਰੀ ਵਿਰੁੱਧ ਅਪੀਲ !

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦਾ ਰਿਮਾਂਡ ਸਮਾਪਤ ਹੋ ਗਿਆ ਹੈ ਅਤੇ ਅੱਜ 2 ਜੁਲਾਈ ਨੂੰ ਮੁੜ ਅਦਾਲਤ ਦੇ ਵਿੱਚ ਪੇਸ਼ ਕੀਤਾ ਜਾਵੇਗਾ।

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ 25 ਜੂਨ ਨੂੰ ਵਿਜੀਲੈਂਸ ਦੇ ਵਲੋਂ ਕੀਤੀ ਗਈ ਗ੍ਰਿਫਤਾਰੀ ਤੋਂ ਬਾਅਦ ਲਏ ਗਏ ਰਿਮਾਂਡ ਦਾ ਸਮਾਂ ਸਮਾਪਤ ਹੋ ਗਿਆ ਹੈ ਅਤੇ ਅੱਜ 2 ਜੁਲਾਈ ਨੂੰ ਮੁੜ ਅਦਾਲਤ ਦੇ ਵਿੱਚ ਪੇਸ਼ ਕੀਤਾ ਜਾਵੇਗਾ। ਜਿਥੇ ਮਜੀਠੀਆ ਨੂੰ ਅੱਜ ਅਦਾਲਤ ਦੇ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਅਦਾਲਤ ਦੀ ਕਾਰਵਾਈ ਉਪਰ ਨਜ਼ਰਾਂ ਹੋਣਗੀਆਂ ਉਥੇ ਹੀ ਮਜੀਠੀਆ ਦੇ ਵਲੋਂ ਆਪਣੀ ਗ੍ਰਿਫਤਾਰੀ ਵਿਰੁੱਧ ਅਪੀਲ ਵੀ ਕੀਤੀ ਗਈ ਹੈ ਅਤੇ ਫੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਆਪਣੀ ਗ੍ਰਿਫਤਾਰੀ ਨੂੰ ਗੈਰਕਾਨੂੰਨੀ ਅਤੇ ਸਿਆਸਤ ਤੋਂ ਪ੍ਰੇਰਿਤ ਦੱਸਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਵਿੱਚ ਇੱਕ ਅਪੀਲ ਕੀਤੀ ਹੈ। ਮਜੀਠੀਆ ਨੇ ਆਪਣੀ ਅਪੀਲ ਦੇ ਵਿੱਚ ਕਿਹਾ ਹੈ ਕਿ, ‘ਉਹ ਇੱਕ ਰਾਜਨੀਤਿਕ ਵਿਰੋਧੀ ਅਤੇ ਸਰਕਾਰ ਦੀਆਂ ਗਲਤ ਨੀਤੀਆਂ ਦੇ ਆਲੋਚਕ ਹਨ, ਜਿਸ ਕਰਕੇ ਉਨ੍ਹਾਂ ਨੂੰ ਗਲਤ ਢੰਗ ਨਾਲ ਗ੍ਰਿਫਤਾਰ ਕਰਕੇ ਬਦਨਾਮ ਅਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਪੰਜਾਬ ਵਿਜੀਲੈਂਸ ਬਿਊਰੋ ਨੇ ਉਨ੍ਹਾਂ ਨੂੰ 25 ਜੂਨ ਨੂੰ ਸਵੇਰੇ 9:00 ਵਜੇ ਉਨ੍ਹਾਂ ਦੇ ਨਿਵਾਸ ਸਥਾਨ ਤੋਂ ਹਿਰਾਸਤ ਵਿੱਚ ਲਿਆ ਗਿਆ ਸੀ, ਜਦੋਂ ਕਿ ਰਸਮੀ ਗ੍ਰਿਫਤਾਰੀ ਸਵੇਰੇ 11:20 ਵਜੇ ਦਿਖਾਈ ਗਈ ਹੈ। ਉਹਨਾਂ ਦੀ ਗ੍ਰਿਫਤਾਰੀ ਸੰਵਿਧਾਨ ਦੀ ਧਾਰਾ 22 (2) ਅਤੇ ਭਾਰਤੀ ਨਿਆਂ ਸੰਹਿਤਾ ਦੀ ਧਾਰਾ 187 ਦੀ ਸਪੱਸ਼ਟ ਉਲੰਘਣਾ ਹੈ। ਉਹਨਾਂ ਦੀ ਗ੍ਰਿਫਤਾਰੀ ਜਾਂਚ ਦਾ ਆਧਾਰ ਨਹੀਂ ਹੈ ਅਤੇ ਵਿਜੀਲੈਂਸ ਵਲੋਂ ਅੰਦਾਜ਼ਿਆਂ ਅਤੇ ਅਟਕਲਾਂ ਦੇ ਆਧਾਰ ‘ਤੇ ਪੁਲਿਸ ਹਿਰਾਸਤ ਦੇ ਵਿੱਚ ਰੱਖਿਆ ਜਾ ਰਿਹਾ ਹੈ। ਜਾਂਚ ਏਜੰਸੀ ਦਾ ਇੱਕੋ-ਇੱਕ ਇਰਾਦਾ ਦਬਾਅ ਪਾ ਕੇ ਉਸ ਤੋਂ ਇਕਬਾਲੀਆ ਬਿਆਨ ਲੈਣਾ ਹੈ, ਜੋ ਧਾਰਾ 20(3) ਦੀ ਉਲੰਘਣਾ ਹੈ। ਸੁਪਰੀਮ ਕੋਰਟ ਨੇ 4 ਮਾਰਚ ਦੇ ਆਪਣੇ ਵਿਸਥਾਰਪੂਰਵਕ ਫੈਸਲੇ ਦੇ ਵਿੱਚ ਪੰਜਾਬ ਸਰਕਾਰ ਦੀ ਅਪੀਲ ਨੂੰ ਰੱਦ ਕਰਦਿਆਂ ਗ੍ਰਿਫਤਾਰੀ ਨਾ ਕਰਨ ਅਤੇ ਜਾਂਚ ਵਿੱਚ ਸਹਿਯੋਗ ਕਰਨ ਦਾ ਹੁਕਮ ਦਿੱਤਾ ਸੀ ਪਰ ਇਸ ਦੇ ਬਾਵਜੂਦ ਗੈਰਕਾਨੂੰਨੀ ਕਾਰਵਾਈ ਉਹਨਾਂ ਦੇ ਮੌਲਿਕ ਅਧਿਕਾਰਾਂ ਦੀ ਧਾਰਾ 14 (ਸਮਾਨਤਾ ਦਾ ਅਧਿਕਾਰ), 20 ਅਤੇ 21 (ਆਜ਼ਾਦੀ ਅਤੇ ਜੀਵਨ ਦਾ ਅਧਿਕਾਰ) ਦੀ ਘੋਰ ਉਲੰਘਣਾ ਹੈ। ਭਵਿੱਖ ਵਿੱਚ ਅਜਿਹੀਆਂ ਪ੍ਰਕਿਰਿਆਵਾਂ ਦੀ ਦੁਰਵਰਤੋਂ ਨੂੰ ਰੋਕਣ ਲਈ ਢੁਕਵੇਂ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਜਾਣ।’

ਇਸੇ ਦੌਰਾਨ ਬਿਕਰਮ ਸਿੰਘ ਮਜੀਠੀਆ ਨਾਲ ਸਬੰਧਤ ਜਾਇਦਾਦ ਅਤੇ ਦਸਤਾਵੇਜ਼ਾਂ ਦੀ ਪੜਤਾਲ ਲਈ ਕੱਲ੍ਹ ਮਜੀਠਾ ਸਥਿਤ ਉਨ੍ਹਾਂ ਦੀ ਰਿਹਾਇਸ਼ ਤੇ ਦਫਤਰ ਲਿਆਂਦਾ ਗਿਆ। ਐਸਐਸਪੀ ਅੰਮ੍ਰਿਤਸਰ ਦਿਹਾਤੀ ਮਨਿੰਦਰ ਸਿੰਘ ਦੀ ਅਗਵਾਈ ਵਿੱਚ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਇਹ ਸਾਰੀ ਕਾਰਵਾਈ ਚੱਲੀ। ਪੁਲੀਸ ਨੇ ਮੀਡੀਆ ਅਤੇ ਆਮ ਲੋਕਾਂ ਨੂੰ ਇਸ ਸਾਰੇ ਮਾਮਲੇ ਤੋਂ ਦੂਰ ਰੱਖਿਆ, ਜਦਕਿ ਮਜੀਠੀਆ ਦੀ ਪਤਨੀ ਤੇ ਹਲਕਾ ਮਜੀਠਾ ਦੀ ਵਿਧਾਇਕਾ ਗਨੀਵ ਕੌਰ ਮਜੀਠੀਆ ਨੂੰ ਵੀ ਦਫਤਰ ਨੇੜੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਇਸ ਕਾਰਵਾਈ ਦੇ ਵਿਰੋਧ ਵਿੱਚ ਗਨੀਵ ਕੌਰ ਮਜੀਠੀਆ ਨੇ ਆਪਣੇ ਸਮਰਥਕਾਂ ਸਮੇਤ ਪੁਲੀਸ ਖਿਲਾਫ ਨਾਅਰੇਬਾਜ਼ੀ ਕੀਤੀ। ਗਨੀਵ ਕੌਰ ਮਜੀਠੀਆ ਨੇ ਇਸ ਜਾਂਚ ਨੂੰ ਸਿਆਸੀ ਬਦਲਾਖੋਰੀ ਕਰਾਰ ਦਿੰਦਿਆਂ ਸਰਕਾਰ ’ਤੇ ਸੱਚ ਅਤੇ ਅਕਾਲੀ ਦਲ ਦੀ ਆਵਾਜ਼ ਨੂੰ ਦਬਾਉਣ ਦਾ ਇਲਜ਼ਾਮ ਲਾਇਆ ਅਤੇ ਪੁਲੀਸ ਦੀ ਕਾਰਵਾਈ ਨੂੰ ਵੀ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੱਸਿਆ।

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਵਲੋਂ ਲਗਾਤਾਰ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਜਿਥੇ ਪੁਲੀਸ ਦੇ ਉੱਚ ਅਧਿਕਾਰੀਆਂ ਵੱਲੋਂ ਮਜੀਠੀਆ ਦੀ ਅਦਾਲਤ ਵਿਚ ਪੇਸ਼ੀ ਸਬੰਧੀ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ, ਉਥੇ ਦੂਜੇ ਪਾਸੇ ਅਕਾਲੀ ਦਲ ਵੱਲੋਂ ਅੱਜ 2 ਜੁਲਾਈ ਨੂੰ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ਇੱਕ ਇਕੱਠ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਮੁਹਾਲੀ ਹਲਕੇ ਦੇ ਇੰਚਾਰਜ ਪਰਵਿੰਦਰ ਸਿੰਘ ਗਿੱਲ ਅਤੇ ਡੇਰਾਬੱਸੀ ਦੇ ਸਾਬਕਾ ਵਿਧਾਇਕ ਨਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ, ‘ਇਸ ਮੌਕੇ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਸਮੁੱਚੀ ਲੀਡਰਸ਼ਿਪ ਪਹੁੰਚ ਰਹੀ ਹੈ।’ ਸਮਝਿਆ ਜਾ ਰਿਹਾ ਹੈ ਕਿ ਅਕਾਲੀ ਦਲ 2 ਜੁਲਾਈ ਨੂੰ ਮੁਹਾਲੀ ਦੇ ਫੇਜ਼ ਅੱਠ ਦੇ ਵਿਜੀਲੈਂਸ ਦਫ਼ਤਰ ਅੱਗੇ ਪ੍ਰਦਰਸ਼ਨ ਕੀਤੇ ਜਾਣ ਦੀ ਸੰਭਾਵਨਾ ਬਣੀ ਹੋਈ ਹੈ।

Related posts

ਯੁੱਧ ਐਨ ਪੀ ਐਸ ਵਿਰੁੱਧ ਤਹਿਤ 1 ਅਗਸਤ ਨੂੰ ਰੋਸ ਮਾਰਚ ਕੀਤਾ ਜਾਵੇਗਾ !

admin

ਤਜਵੀਜਤ ਸੀਮੇਂਟ ਫੈਕਟਰੀ ਖਿਲਾਫ ਖੜ੍ਹਨ ਵਾਲੀਆਂ ਸੰਸਥਾਵਾਂ ਦਾ ਸਨਮਾਨ 3 ਨੂੰ !

admin

ਬੈਂਕ ਦੁਆਰਾ ਘਰ ਦੀ ਕਬਜਾ ਕਾਰਵਾਈ ਕਿਸਾਨਾਂ ਨੇ ਦਖਲ ਦੇ ਕੇ ਰੁਕਵਾਈ !

admin