ਸੀਵਾਨ/ਸਾਰਨ – ਬਿਹਾਰ ਦੇ ਸੀਵਾਨ ਅਤੇ ਸਾਰਨ ਜ਼ਿਲ੍ਹਿਆਂ ਵਿੱਚ ਕਥਿਤ ਤੌਰ ’ਤੇ ਜ਼ਹਿਰੀਲੀ ਸ਼ਰਾਬ ਪੀਣ ਨਾਲ 18 ਹੋਰ ਲੋਕਾਂ ਦੀ ਮੌਤ ਹੋ ਗਈ। ਉਧਰ ਇਸ ਸਬੰਧੀ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਸਬੰਧਤ ਅਧਿਕਾਰੀਆਂ ਨੂੰ ਗੈਰ-ਕਾਨੂੰਨੀ ਧੰਦੇ ਵਿੱਚ ਸ਼ਾਮਲ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।
ਸਾਰਨ ਰੇਂਜ ਦੇ ਡੀਆਈਜੀ ਨੀਲੇਸ਼ ਕੁਮਾਰ ਨੇ ਪੀਟੀਆਈ ਨੂੰ ਦੱਸਿਆ ਕਿ ਸੀਵਾਨ ਜ਼ਿਲ੍ਹੇ ਵਿੱਚ ਮੱਘਰ ਅਤੇ ਔਰੀਆ ਪੰਚਾਇਤਾਂ ਵਿੱਚ ਹੁਣ ਤੱਕ 32 ਲੋਕਾਂ ਦੀ ਸ਼ੱਕੀ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮੌਤ ਹੋ ਚੁੱਕੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਰਨ ਜ਼ਿਲ੍ਹੇ ਦੇ ਮਸ਼ਰਖ ਥਾਣੇ ਦੇ ਅਧਿਕਾਰ ਖੇਤਰ ਅਧੀਨ ਇਬਰਾਹਿਮਪੁਰ ਖੇਤਰ ਵਿੱਚ ਚਾਰ ਲੋਕਾਂ ਦੀ ਵੀ ਸ਼ੱਕੀ ਹਾਲਾਤ ਵਿੱਚ ਮੌਤ ਹੋ ਗਈ। ਹਾਲਾਂਕਿ, ਸਥਾਨਕ ਲੋਕਾਂ ਨੇ ਦਾਅਵਾ ਕੀਤਾ ਕਿ ਚਾਰੋਂ ਜਣਿਆਂ ਨੇ ਸ਼ਰਾਬ ਪੀਣ ਕਾਰਨ ਆਪਣੀ ਜਾਨ ਗੁਆ ਦਿੱਤੀ।
ਸਾਰਨ ਜ਼ਿਲ੍ਹਾ ਪ੍ਰਸ਼ਾਸਨ ਨੇ ਵੀਰਵਾਰ ਨੂੰ ਜਾਰੀ ਇੱਕ ਬਿਆਨ ਵਿੱਚ ਕਿਹਾ ਹੈ ਕਿ ਸਾਰਨ ਜ਼ਿਲ੍ਹੇ ਦੇ ਘੱਟੋ-ਘੱਟ ਸੱਤ ਲੋਕਾਂ ਨੂੰ ਬਿਹਤਰ ਇਲਾਜ ਲਈ ਪਟਨਾ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਰੈਫਰ ਕੀਤਾ ਗਿਆ ਹੈ। ਡੀਆਈਜੀ ਨੇ ਕਿਹਾ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਘਟਨਾ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਰਿਪੋਰਟ ਮਿਲਣ ਤੋਂ ਬਾਅਦ ਹੀ ਲੱਗ ਸਕੇਗਾ।
ਮੱਘਰ ਅਤੇ ਔੜੀਆ ਪਿੰਡਾਂ ਦੇ ਲੋਕਾਂ ਨੇ ਦੋਸ਼ ਲਾਇਆ ਕਿ ਮੰਗਲਵਾਰ ਰਾਤ ਨੂੰ ਨਕਲੀ ਸ਼ਰਾਬ ਪੀਣ ਨਾਲ ਪੀੜਤ ਬਿਮਾਰ ਹੋ ਗਏ ਸਨ। ਅਧਿਕਾਰੀਆਂ ਨੇ ਮਿ੍ਰਤਕਾਂ ਅਤੇ ਇਲਾਜ ਅਧੀਨ ਵਿਅਕਤੀਆਂ ਦੀ ਪਛਾਣ ਦਾ ਖੁਲਾਸਾ ਨਹੀਂ ਕੀਤਾ ਹੈ।ਇਕ ਹੋਰ ਸੀਨੀਅਰ ਅਧਿਕਾਰੀ ਨੇ ਵੀਰਵਾਰ ਨੂੰ ਦੱਸਿਆ ਕਿ ਦੋਵਾਂ ਜ਼ਿਲ੍ਹਿਆਂ ਦੇ ਪ੍ਰਸ਼ਾਸਨ ਨੇ ਇਸ ਘਟਨਾ ਤੋਂ ਬਾਅਦ ਮੱਘਰ, ਔਰੀਆ ਅਤੇ ਇਬਰਾਹਿਮਪੁਰ ਖੇਤਰਾਂ ਦੇ ਤਿੰਨ ਚੌਕੀਦਾਰਾਂ ਨੂੰ ਮੁਅੱਤਲ ਕਰ ਦਿੱਤਾ ਹੈ। ਇਕ ਹੋਰ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ ਕਿ ਘੱਟੋ-ਘੱਟ ਪੰਜ ਪੁਲਿਸ ਮੁਲਾਜ਼ਮਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ।
