ਜਲੰਧਰ – ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀਆਂ ਦੀ ਪ੍ਰਚਾਰ ਮੁਹਿੰਮ ਤੇਜ਼ ਹੈ। ਇਸੇ ਵਿਚਾਲੇ ਬੀਜੇਪੀ ਤੇ ਇਸ ਦੀਆਂ ਗਠਜੋੜ ਪਾਰਟੀਆਂ ਨੇ ਚੋਣ ਮੈਨੀਫੈਸਟੋ ਜਾਰੀ ਕੀਤਾ ਹੈ। ਬੀਜੇਪੀ-ਪੰਜਾਬ ਲੋਕ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਗਠਜੋੜ ਨੇ ਜਲੰਧਰ ਵਿੱਚ ਪੰਜਾਬ ਵਿਧਾਨ ਸਭਾ ਚੋਣਾਂ ਲਈ ਮੈਨੀਫੈਸਟੋ ਜਾਰੀ ਕੀਤਾ। ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਬੀਜੇਪੀ ਗਠਜੋੜ ਵੱਲੋਂ 11 ਵੱਡੇ ਵਾਅਦੇ ਕੀਤੇ ਗਏ। ਇਸ ਮੈਨੀਫੈਸਟੋ ਨੂੰ ਸੰਕਲਪ ਪੱਤਰ ਦਾ ਨਾਂ ਦਿੱਤਾ ਗਿਆ ਹੈ. ਬੀਜੇਪੀ ਗਠਜੋੜ ਨੇ ਮੈਨੀਫੈਸਟੋ ਵਿੱਚ ਖੇਤੀ ਕਿਸਾਨੀ ਨਾਲ ਜੁੜੇ ਮੁੱਦਿਆਂ ਨੂੰ ਪਹਿਲ ਦਿੱਤੀ ਗਈ ਹੈ।ਸੰਕਲਪ ਪੱਤਰ ਵਿੱਚ ਬੀਜੇਪੀ ਨੇ ਕਿਹਾ ਕਿ 5 ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਲੋਕਾਂ ਦਾ 50 ਹਜ਼ਾਰ ਰੁਪਏ ਤੱਕ ਦਾ ਪੁਰਾਣਾ ਕਰਜ਼ਾ ਮੁਆਫ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪੰਜਾਬ ਚੋਣਾਂ ਜਿੱਤਣ ‘ਤੇ ਸਾਰਿਆਂ ਨੂੰ 300 ਯੂਨਿਟ ਤੱਕ ਮੁਫਤ ਬਿਜਲੀ ਦਿੱਤੀ ਜਾਵੇਗੀ। ਇਸ ਤੋਂ ਵੱਧ ਯੂਨਿਟ ਹੋਣ ‘ਤੇ 3 ਰੁਪਏ ਪ੍ਰਤੀ ਯੂਨਿਟ ਚਾਰਜ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਦਯੋਗਾਂ ਲਈ ਬਿਜਲੀ ਦੀ ਦਰ ਸਿਰਫ 4 ਰੁਪਏ ਪ੍ਰਤੀ ਯੂਨਿਟ ਹੋਵੇਗੀ। ਭਾਜਪਾ ਦੇ ਸੰਕਲਪ ਪੱਤਰ ਵਿੱਚ ਕਿਹਾ ਗਿਆ ਹੈ ਕਿ ਜੇ ਭਾਜਪਾ ਪੰਜਾਬ ਵਿੱਚ ਚੋਣਾਂ ਜਿੱਤਦੀ ਹੈ ਤਾਂ ਅਗਲੇ ਪੰਜ ਸਾਲਾਂ ਵਿੱਚ ਪੰਜਾਬ ਦੇ ਬੁਨਿਆਦੀ ਢਾਂਚੇ ‘ਤੇ 1 ਲੱਖ ਕਰੋੜ ਰੁਪਏ ਖਰਚ ਕੀਤੇ ਜਾਣਗੇ। ਭਾਜਪਾ ਨੇ ਕਿਹਾ ਕਿ ਸੂਬੇ ਵਿੱਚ ਸਰਕਾਰ ਬਣਨ ‘ਤੇ ਔਰਤਾਂ ਨੂੰ ਸਰਕਾਰੀ ਨੌਕਰੀਆਂ ‘ਚ 35 ਫੀਸਦੀ ਰਾਖਵਾਂਕਰਨ ਦਿੱਤਾ ਜਾਵੇਗਾ। ਲੋਕਾਂ ਨੂੰ ਸਾਲ ਵਿੱਚ 150 ਘੰਟੇ ਕੰਮ ਕਰਨ ਦੀ ਗਾਰੰਟੀ ਦਿੱਤੀ ਜਾਵੇਗੀ। ਨੌਕਰੀਆਂ ਨਾ ਮਿਲਣ ਵਾਲੇ ਨੌਜਵਾਨਾਂ ਨੂੰ 4000 ਰੁਪਏ ਪ੍ਰਤੀ ਮਹੀਨਾ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ। ਸੰਕਲਪ ਪੱਤਰ ਵਿੱਚ ਫ਼ਲਾਂ, ਸਬਜ਼ੀਆਂ, ਦਾਲਾਂ ਤੇ ਤਿਲਹਨ ਦੇ ਘੱਟੋ-ਘੱਟ ਸਮਰਥਨ ਮੁੱਲ ਸਣੇ ਕਈ ਵਾਅਦੇ ਕੀਤੇ ਗਏ ਹਨ।
ਚੰਨੀ ਵਰਗਾ ਗ਼ਰੀਬ ਭਗਵਾਨ ਸਾਰਿਆਂ ਨੂੰ ਬਣਾਵੇ – ਪੁਰੀ
ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਸ਼ਨੀਵਾਰ ਨੂੰ ਹਲਕਾ ਪੂਰਬੀ ਦੇ ਉਮੀਦਵਾਰ ਜਗਮੋਹਨ ਸਿੰਘ ਰਾਜੂ ਅਤੇ ਹਲਕਾ ਕੇਂਦਰੀ ਤੋਂ ਉਮੀਦਵਾਰ ਡਾ. ਰਾਮ ਚਾਵਲਾ ਦੇ ਹੱਕ ‘ਚ ਚੋਣ ਪ੍ਰਚਾਰ ਕਰਨ ਪਹੁੰਚੇ। ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੂੰ ਗਰੀਬ ਕਰਾਰ ਦਿੱਤਾ ਗਿਆ ਹੈ। ਉਨ੍ਹਾਂ ਆਗੂਆਂ ਦੇ ਇਸ ਬਿਆਨ ‘ਤੇ ਹੈਰਾਨੀ ਜ਼ਾਹਰ ਕਰਦਿਆਂ ਕਿਹਾ ਕਿ ਜਿਸ ਗਰੀਬ ਕੋਲ ਕਰੋੜਾਂ ਰੁਪਏ ਹਨ, ਉਨ੍ਹਾਂ ਵਰਗਾ ਗ਼ਰੀਬ ਭਗਵਾਨ ਸਾਰਿਆਂ ਨੂੰ ਬਣਾਵੇ। ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਜੇਕਰ ਪੰਜਾਬ ‘ਚ ਭਾਜਪਾ ਦੀ ਸਰਕਾਰ ਬਣਦੀ ਹੈ ਤਾਂ ਦੋ ਸਾਲਾਂ ਵਿੱਚ ਗੁੰਡਾਗਰਦੀ ਤੇ ਨਸ਼ਾਖੋਰੀ ਦਾ ਖਾਤਮਾ ਕਰ ਦਿੱਤਾ ਜਾਵੇਗਾ। ਕਾਨੂੰਨ ਵਿਵਸਥਾ ਬਿਲਕੁਲ ਦਰੁਸਤ ਕਰ ਦਿੱਤੀ ਜਾਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਦੇਸ਼ ਵਿੱਚ ਪੰਜ ਸੂਬਿਆਂ ‘ਚ ਚੋਣਾਂ ਹੋ ਰਹੀਆਂ ਹਨ ਅਤੇ ਸਾਰਿਆਂ ‘ਚ ਭਾਜਪਾ ਦੀ ਸਰਕਾਰ ਬਣ ਰਹੀ ਹੈ।ਉਨ੍ਹਾਂ ਕਿਹਾ ਕਿ ਉਹ ਅੱਜ ਜਲੰਧਰ ਵਿੱਚ ਚੋਣ ਮੈਨੀਫੈਸਟੋ ਜਾਰੀ ਕਰਨ ਜਾ ਰਹੇ ਹਨ, ਇਸ ਵਿੱਚ ਪੰਜਾਬ ਦੇ ਲੋਕਾਂ ਲਈ ਬਹੁਤ ਕੁਝ ਹੋਵੇਗਾ। ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਕੀਤੀ ਗਈ ਟਿੱਪਣੀ ਬਾਰੇ ਬੋਲਦੇ ਹੋਏ ਪੁਰੀ ਨੇ ਕਿਹਾ ਕਿ ਜੇਕਰ ਮੋਦੀ ਪੰਜਾਬ ਆਉਂਦੇ ਹਨ ਤਾਂ ਉਨ੍ਹਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਪੰਜਾਬ ਦੇ ਮੁੱਖ ਮੰਤਰੀ ਦੀ ਹੈ।