Punjab

ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਭੁੱਖ ਹੜਤਾਲ ਸਮਾਪਤ

ਪਟਿਆਲਾ – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੀ ਅਗਵਾਈ ’ਚ ਅੱਜ ਤਿੰਨ ਮੈਂਬਰੀ ਉਚ ਪੱਧਰੀ ਵਫ਼ਦ ਨੇ ਕੇਂਦਰੀ ਜੇਲ੍ਹ ਪਟਿਆਲਾ ’ਚ ਭੁੱਖ ਹੜਤਾਲ ’ਤੇ ਬੈਠੇ ਫਾਂਸੀ ਦੀ ਸਜ਼ਾ ਯਾਫਤਾ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕੀਤੀ।
ਵਫ਼ਦ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਭਾਈ ਸੁਲਤਾਨ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ਼ਾਮਲ ਸਨ। ਇਸ ਮੁਲਾਕਾਤ ਦੌਰਾਨ ਸਿੰਘ ਸਾਹਿਬਾਨ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਲਿਆਂਦਾ ਕੜਾਹ ਪ੍ਰਸ਼ਾਦ ਅਤੇ ਅੰਮ੍ਰਿਤ ਸਰੋਵਰ ਦਾ ਪਵਿੱਤਰ ਜਲ ਛਕਾ ਕੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੁੱਖ ਹੜਤਾਲ ਤੁੜਵਾਈ। ਇਸ ਦੌਰਾਨ ਭਾਈ ਰਾਜੋਆਣਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਆਦੇਸ਼ ਸੀਸ ਨਿਵਾ ਕੇ ਖਿੜੇ ਮੱਥੇ ਪ੍ਰਵਾਨ ਕਰਦਿਆਂ ਕਿਹਾ ਕਿ ਉਹ ਹਮੇਸ਼ਾ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਰਹੇ ਹਨ ਅਤੇ ਰਹਿਣਗੇ। ਭਾਈ ਰਾਜੋਆਣਾ ਨੇ ਇਹ ਵੀ ਕਿਹਾ ਕਿ ਉਹ ਅਰਦਾਸ ਕਰਦੇ ਹਨ ਕਿ ਖਾਲਸਾ ਪੰਥ ਦੀ ਏਕਤਾ ਤੇ ਚੜ੍ਹਦੀਕਲਾ ਹੋਵੇ। ਭਾਈ ਰਾਜੋਆਣਾ ਦੇ ਨਾਲ ਮੁਲਾਕਾਤ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਭਾਈ ਰਾਜੋਆਣਾ ਦੇ ਮਾਮਲੇ ਵਿਚ ਜਿਥੇ ਦੇਸ਼ ਦੀ ਸਰਵਉਚ ਅਦਾਲਤ ਸੁਪਰੀਮ ਕੋਰਟ ਵੱਲੋਂ ਕੇਂਦਰ ਸਰਕਾਰ ਨੂੰ ਫਿੱਟਕਾਰ ਲਗਾਉਂਦਿਆਂ ਇਸ ਪਟੀਸ਼ਨ ’ਤੇ ਫੈਸਲਾ ਲੈਣ ਬਾਰੇ ਆਖਿਆ ਗਿਆ ਹੈ, ਉਥੇ ਹੀ ਕੇਂਦਰ ਸਰਕਾਰ ਵੱਲੋਂ ਸਿੱਖਾਂ ਪ੍ਰਤੀ ਵਰਤੀ ਜਾ ਰਹੀ ਬੇਰੁਖ਼ੀ ਕਾਰਨ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਭੁੱਖ ਹੜਤਾਲ ਕਰਨ ਲਈ ਮਜਬੂਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੋਏ ਆਦੇਸ਼ਾਂ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਲੰਮੇ ਸਮੇਂ ਤੋਂ ਕਾਨੂੰਨੀ ਤੌਰ ’ਤੇ ਅਦਾਲਤਾਂ ਵਿਚ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਰੱਦ ਕਰਵਾਉਣ ਲਈ ਚਾਰਾਜੋਈ ਕਰ ਰਹੀ ਹੈ, ਪ੍ਰੰਤੂ ਕੇਂਦਰ ਸਰਕਾਰ ਦਾ ਅੜੀਅਲ ਰਵੱਈਏ ਕਾਰਨ ਅਜਿਹੀਆਂ ਰੁਕਾਵਟਾਂ ਖੜ੍ਹੀਆਂ ਕੀਤੀਆਂ ਗਈਆਂ ਕਿ ਅੱਜ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਮਾਯੂਸ ਹੋ ਕੇ ਇਹ ਗੱਲ ਆਖਣੀ ਪਈ ਕਿ ਜੇ ਕੇਂਦਰ ਸਰਕਾਰ ਨੇ ਇਨਸਾਫ ਹੀ ਨਹੀਂ ਦੇਣਾ ਤਾਂ ਉਸ ਪਟੀਸ਼ਨ ਨੂੰ ਵਾਪਸ ਲੈ ਲਿਆ ਜਾਵੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਨਾਂਹ ਪੱਖੀ ਰਵੱਈਏ ਦੇ ਚੱਲਦਿਆਂ ਹੁਣ ਫੈਸਲਾ ਕੀਤਾ ਗਿਆ ਕਿ ਸਿੱਖਾਂ ਪ੍ਰਤੀ ਕੇਂਦਰ ਸਰਕਾਰ ਦੇ ਲੁਕਵੇਂ ਏਜੰਡਿਆਂ ਨੂੰ ਖਾਲਸਾ ਪੰਥ ਬੇਪਰਦ ਕਰਕੇ ਰਹੇਗਾ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੇ ਸਬਰ ਦਾ ਪਿਆਲਾ ਭਰ ਚੁੱਕਿਆ ਹੈ ਅਤੇ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੋਏ ਆਦੇਸ਼ਾਂ ’ਤੇ ਅਜਿਹੀ ਕਮੇਟੀ ਗਠਿਤ ਕੀਤੀ ਗਈ, ਜੋ ਕੇਂਦਰ ਸਰਕਾਰ ਨਾਲ ਰਾਬਤਾ
ਕਾਇਮ ਕਰਕੇ ਇਸ ਮਸਲੇ ਨੂੰ ਕਿਸੇ ਪਾਸੇ
ਲਾਉਣ ਲਈ ਯਤਨਸ਼ੀਲ ਹੋਵੇਗੀ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੇਂਦਰ ਸਰਕਾਰ ਨੂੰ 31 ਦਸੰਬਰ ਤੱਕ ਦਾ ਅਲਟੀਮੇਟਮ ਦਿੱਤਾ ਗਿਆ, ਉਹ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਸਲੇ ’ਤੇ ਪਾਈ ਪਟੀਸ਼ਨ ’ਤੇ ਕੋਈ ਫੈਸਲਾ ਲਵੇ, ਜੇ ਫਿਰ ਵੀ ਸਰਕਾਰ ਟੱਸ ਤੋਂ ਮੱਸ ਨਾ ਹੋਈ ਤਾਂ ਖਾਲਸਾ ਪੰਥ ਜਵਾਬ ਜ਼ਰੂਰ ਲਵੇਗਾ। ਉਨ੍ਹਾਂ ਇਹ ਵੀ ਜਾਣਕਾਰੀ ਸਾਂਝੀ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 20 ਦਸੰਬਰ ਨੂੰ ਸਿੱਖ ਸੰਪਰਦਾਵਾਂ, ਧਾਰਮਿਕ ਜਥੇਬੰਦੀਆਂ, ਨਿਹੰਗ ਜਥੇਬੰਦੀਆਂ ਦਿੱਲੀ ਪੁੱਜਣਗੀਆਂ ਅਤੇ ਬੰਦੀ ਸਿੱਖਾਂ ਦੀ ਰਿਹਾਈ ਲਈ ਭਰਵਾਏ ਗਏ ਪ੍ਰੋਫਾਰਮੇ ਭਾਰਤ ਦੇ ਰਾਸ਼ਟਰਪਤੀ ਤੱਕ ਪਹੁੰਚਾਏ ਜਾਣਗੇ ਤਾਂ ਕਿ ਜੇਲ੍ਹਾਂ ਵਿਚ ਨਜ਼ਰਬੰਦੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੱਖਾਂ ਨੂੰ ਰਿਹਾਈ ਮਿਲ ਸਕੇ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਸਿੱਖ ਕੌਮ ਦੀ ਅਮਾਨਤ ਹਨ ਅਤੇ ਸਰਕਾਰਾਂ ਦੇ ਖਿਲਾਫ਼ ਉਨ੍ਹਾਂ ਦੇ ਹਿੱਸੇ ਦੀ ਲੜਾਈ ਸਮੁੱਚਾ ਪੰਥ ਇਕਜੁਟ ਹੋ ਕੇ ਲੜੇਗਾ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਅਤੇ ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਮੈਨੇਜਰ ਕਰਨੈਲ ਸਿੰਘ ਵਿਰਕ, ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਭਾਗ ਸਿੰਘ ਚੌਹਾਨ, ਮਨਦੀਪ ਸਿੰਘ ਭਲਵਾਨ, ਪਲਵਿੰਦਰ ਸਿੰਘ ਰਿੰਕੂ ਆਦਿ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਅਧਿਕਾਰੀ ਤੇ ਸਟਾਫ ਮੈਂਬਰ ਆਦਿ ਸ਼ਾਮਲ ਸਨ।

Related posts

ਆਈਐਸਆਈ ਪੰਜਾਬ ਨੂੰ ਅਸਥਿਰ ਕਰਨਾ ਚਾਹੁੰਦੀ – ਕੇਂਦਰੀ ਮੰਤਰੀ ਰਵਨੀਤ ਬਿੱਟੂ

admin

ਓਸੀਆਈ ਕਾਰਡ ਦੇ ਨਿਯਮਾਂ ਤੇ ਫੀਸਾਂ ਦੇ ਵਿੱਚ ਵੱਡੇ ਬਦਲਾਅ !

admin

‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਕਾਨੂੰਨ 2026’ ਬੇਅਦਬੀ ਕਰਨ ਵਾਲਿਆਂ ਨੂੰ ‘ਕਾਂਬਾ ਛੇੜਨ’ ਵਾਲਾ – ਭਾਈ ਬਲਦੇਵ ਸਿੰਘ ਵਡਾਲਾ

admin