Punjab

ਭਾਕਿਯੂ ਏਕਤਾ ਡਕੌਂਦਾ ਵੱਲੋਂ ਪੰਜਾਬ ਦੇ 14 ਜ਼ਿਲਿਆ ਦੇ ਪਿੰਡਾਂ ‘ਚ ਪੰਜਾਬ ਸਰਕਾਰ ਦੇ ਪੁਤਲੇ ਫੂਕ ਪ੍ਰਦਰਸ਼ਨ 

ਅੱਜ ਪੰਜਾਬ ਦੇ 14 ਜ਼ਿਲਿਆਂ ਦੇ ਦਰਜਨਾਂ ਪਿੰਡਾਂ ਵਿੱਚ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਅਤੇ ਨਾਹਰੇਬਾਜੀ ਕੀਤੀ।
ਚੰਡੀਗੜ੍ਹ, (ਦਲਜੀਤ ਕੌਰ) – ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾ ਕਮੇਟੀ ਨੇ ਜਗਜੀਤ ਸਿੰਘ ਡੱਲੇਵਾਲ ਅਤੇ ਹੋਰ ਕਿਸਾਨ ਆਗੂਆਂ ਨੂੰ ਮੀਟਿੰਗ ਲਈ ਬੁਲਾ ਕੇ ਗਿਰਫਤਾਰ ਕਰਨ ਅਤੇ ਸ਼ੰਭੂ ਖਨੌਰੀ ਬਾਰਡਰਾਂ ਤੇ ਕਿਸਾਨਾਂ ਦੇ ਧਰਨੇ ਧੱਕੇ ਨਾਲ ਉਠਾਉਣ ਦੇ ਖਿਲਾਫ ਅੱਜ ਪੰਜਾਬ ਦੇ 14 ਜ਼ਿਲਿਆਂ ਦੇ ਦਰਜਨਾਂ ਪਿੰਡਾਂ ਵਿੱਚ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਅਤੇ ਨਾਹਰੇਬਾਜੀ ਕੀਤੀ।
ਇਸ ਸਬੰਧੀ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਕਿਹਾ ਕਿ ਸਾਰੇ ਸੰਸਾਰ ਵਿੱਚ ਇਹ ਸਰਬ ਪ੍ਰਵਾਨਤ ਨਿਯਮ ਹੈ ਕਿ ਕਿਸੇ ਨੂੰ ਵੀ ਮੀਟਿੰਗ ਜਾਂ ਗੱਲਬਾਤ ਲਈ ਬੁਲਾ ਕੇ ਗਿਰਫਤਾਰ ਨਹੀਂ ਕੀਤਾ ਜਾਂਦਾ। ਪੰਜਾਬ ਸਰਕਾਰ ਨੇ ਮੀਟਿੰਗ ਕਰਨ ਲਈ ਆਏ ਕਿਸਾਨ ਆਗੂਆਂ ਨੂੰ ਗ੍ਰਿਫਤਾਰ ਕਰਕੇ ਇਖਲਾਕ ਤੋਂ ਗਿਰੀ ਹੋਈ ਹਰਕਤ ਕੀਤੀ ਹੈ। ਇਹ ਕਾਰਵਾਈ ਕੇਂਦਰ ਦੀ ਭਾਜਪਾ ਸਰਕਾਰ ਦੇ ਇਸ਼ਾਰੇ ਤੇ ਕੀਤੀ ਗਈ ਅਤਿ ਨਿੰਦਣਯੋਗ ਕਾਰਵਾਈ ਹੈ।
ਜਥੇਬੰਦੀ ਦੇ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਨੇ ਕਿਹਾ ਕਿ ਕੇਂਦਰ ਸਰਕਾਰ 13 ਮਹੀਨੇ ਤੋਂ ਜਿਹੜੇ ਕਿਸਾਨਾਂ ਨਾਲ ਸੱਤ ਮੀਟਿੰਗਾਂ ਕਰ ਚੁੱਕੀ ਹੈ, ਉਹਨਾਂ ਨਾਲ ਕਿਸੇ ਸਹਿਮਤੀ ਤੇ ਪਹੁੰਚੇ ਬਿਨਾਂ ਕਿਸਾਨਾਂ ਨੂੰ ਗਿਰਫਤਾਰ ਕਰਕੇ ਧੱਕੇ ਨਾਲ ਉਹਨਾਂ ਦੇ ਧਰਨੇ ਉਠਾਉਣੇ ਕਿਸਾਨਾਂ ਦੇ ਸੰਘਰਸ਼ ਕਰਨ ਦੇ ਅਧਿਕਾਰ ਦੀ ਉਲੰਘਣਾ ਹੈ।
ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਕਿਹਾ ਕਿ ਉਹਨਾਂ ਦੀ ਜਥੇਬੰਦੀ ਪਹਿਲਾਂ ਹੀ ਕਹਿੰਦੀ ਆ ਰਹੀ ਹੈ ਕਿ ਆਮ ਆਦਮੀ ਪਾਰਟੀ ਭਾਜਪਾ ਦੀ ਹੀ ਟੀਮ ਹੈ ਅਤੇ ਉਹਨਾਂ ਵਾਲੀਆਂ ਹੀ ਨੀਤੀਆਂ ਲਾਗੂ ਕਰ ਰਹੀ ਹੈ। ਪੰਜ ਮਾਰਚ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਚੰਡੀਗੜ੍ਹ ਜਾਣ ਵਾਲੇ ਕਿਸਾਨਾਂ ਤੇ ਜ਼ੁਲਮ ਅਤੇ ਹੁਣ ਇਹਨਾਂ ਕਿਸਾਨਾਂ ਨੂੰ ਗ੍ਰਿਫਤਾਰ ਕਰਨ ਅਤੇ ਧੱਕੇ ਨਾਲ ਮੋਰਚੇ ਉਠਾਉਣ ਦੀ ਕਾਰਵਾਈ ਨੇ ਇਸ ਗੱਲ ਤੇ ਮੋਹਰ ਲਗਾ ਦਿੱਤੀ ਹੈ। ਆਗੂਆਂ ਨੇ ਕਿਹਾ ਕਿ ਬਹੁ-ਕੌਮੀ ਸਾਮਰਾਜੀ ਕੰਪਨੀਆਂ ਦੇ ਮੁਨਾਫਿਆਂ ਦੀ ਹਾਬੜੀ ਭੁੱਖ ਨੂੰ ਸ਼ਾਂਤ ਕਰਨ ਲਈ ਦੁਨੀਆਂ ਭਰ ਦੇ ਕਿਸਾਨਾਂ ਅਤੇ ਮਜ਼ਦੂਰਾਂ ਦੀ ਲੁੱਟ ਨੂੰ ਤੇਜ਼ ਕੀਤਾ ਜਾ ਰਿਹਾ ਹੈ। ਇਸੇ ਕੜੀ ਵਿੱਚ ਸਾਮਰਾਜੀ ਕੰਪਨੀਆਂ ਅੱਗੇ ਝੁਕਦਿਆਂ ਭਾਰਤ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਲੋਕਾਂ ਤੇ ਜਬਰ ਕਰਨ ਲਈ ਉਤਾਰੂ ਹੈ। ਕੇਂਦਰ ਸਰਕਾਰ ਮੁਕਤ ਵਪਾਰ ਸਮਝੌਤਿਆਂ ਰਾਹੀਂ ਭਾਰਤ ਦੇ ਖੇਤੀ ਖੇਤਰ ਨੂੰ ਸਾਮਰਾਜੀ ਕੰਪਨੀਆਂ ਦੇ ਹਵਾਲੇ ਕਰਨਾ ਚਾਹ ਰਹੀ ਹੈ ਅਤੇ ਆਮ ਆਦਮੀ ਪਾਰਟੀ ਵੀ ਆਪਣੇ ਮਾਲਕਾਂ ਦੀ ਸੇਵਾ ਵਿੱਚ ਪੂਰੀ ਤਰਾਂ ਹਾਜ਼ਰ ਹੈ ਪਰ ਦੇਸ਼ ਦੇ ਲੋਕ ਇਸਦੀ ਬਿਲਕੁਲ ਵੀ ਇਜਾਜ਼ਤ ਨਹੀਂ ਦੇਣਗੇ। ਇਸੇ ਕਰਕੇ ਅੱਜ ਸਾਡੀ ਜਥੇਬੰਦੀ ਨੇ ਪੰਜਾਬ ਦੇ 14 ਜਿਲਿਆਂ ਵਿੱਚ ਦਰਜਨਾਂ ਥਾਵਾਂ ਤੇ ਪੰਜਾਬ ਸਰਕਾਰ ਦੇ ਪੁਤਲੇ ਫੂਕ ਕੇ ਇਸ ਧੱਕੇਸ਼ਾਹੀ ਦਾ ਵਿਰੋਧ ਕੀਤਾ ਹੈ।
ਆਗੂਆਂ ਨੇ ਕਿਹਾ ਕਿ ਸਮਾਜ ਦੇ ਸਾਰੇ ਵਰਗਾਂ ਨੂੰ ਨਾਲ ਲੈ ਕੇ ਕਿਸਾਨ ਜਥੇਬੰਦੀਆਂ ਇਸ ਦੇ ਖਿਲਾਫ ਤਕੜੀ ਲੜਾਈ ਦੇਣਗੀਆਂ।

Related posts

ਸੰਯੁਕਤ ਕਿਸਾਨ ਮੋਰਚਾ ਵਲੋਂ 28 ਨੂੰ ਡਿਪਟੀ ਕਮਿਸ਼ਨਰ ਦਫਤਰਾਂ ਅੱਗੇ ਧਰਨੇ ਦੇਣ ਦਾ ਐਲਾਨ

admin

ਐਮ ਪੀ ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਦਾ 4 ਦਿਨ ਦਾ ਪੁਲਿਸ ਰਿਮਾਂਡ

admin

ਸ਼ਹੀਦ ਭਗਤ ਸਿੰਘ ਕਲਾ ਮੰਚ ਪੰਜਾਬ ਵੱਲੋਂ 28ਵਾਂ ਕਲਾ ਕਿਤਾਬ ਮੇਲਾ ਅੱਜ ਤੋਂ

admin