ਭਾਜਪਾ ਦੇ ਕੌਮੀ ਕਿਸਾਨ ਆਗੂ ਸੁਖਮਿੰਦਰਪਾਲ ਸਿੰਘ ਗਰੇਵਾਲ ਨੇ ਕਿਹਾ ਕਿ ਉਹ 19 ਦਸੰਬਰ ਨੂੰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਜਾਣਗੇ। ਉਨ੍ਹਾਂ ਨੇ ਪਿਛਲੇ 21 ਦਿਨਾਂ ਤੋਂ ਪੰਜਾਬ ਦੀਆਂ ਸਰਹੱਦਾਂ ’ਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਵਿਗੜਦੀ ਸਿਹਤ ’ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਗਰੇਵਾਲ ਨੇ ਕਿਹਾ ਕਿ ਡੱਲੇਵਾਲ ਨਾਲ ਜੇਕਰ ਕੋਈ ਅਣਸੁਖਾਵੀਂ ਘਟਨਾ ਵਾਪਰੀ ਤਾਂ ਇਤਿਹਾਸ ਸਾਨੂੰ ਕਦੇ ਮੁਆਫ਼ ਨਹੀਂ ਕਰੇਗਾ।
ਗਰੇਵਾਲ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਾਰੀਆਂ ਕਿਸਾਨ ਜਥੇਬੰਦੀਆਂ ਸਾਂਝਾ ਕਿਸਾਨ ਮੋਰਚਾ (ਐਸ.ਕੇ.ਐਮ.) ਨਾਲ ਤੁਰੰਤ ਗੱਲਬਾਤ ਕੀਤੀ ਜਾਵੇ, ਪੰਜਾਬ ਸਰਹੱਦ ‘ਤੇ ਕਿਸਾਨਾਂ ਦੇ ਸੰਘਰਸ਼ ‘ਤੇ ਜਬਰ ਖਤਮ ਕੀਤਾ ਜਾਵੇ ਅਤੇ ਗ੍ਰੇਟਰ ਨੋਇਡਾ ‘ਚ ਜੇਲ ‘ਚ ਬੰਦ ਕਿਸਾਨ ਆਗੂਆਂ ਨੂੰ ਰਿਹਾਅ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਨਵਾਂ ‘ਨੈਸ਼ਨਲ ਪਾਲਿਸੀ ਫਰੇਮਵਰਕ ਆਨ ਐਗਰੀਕਲਚਰਲ ਮਾਰਕੀਟਿੰਗ’ ਕੇਂਦਰੀ ਅਧਿਕਾਰੀਆਂ ਨਾਲ ਨਹੀਂ ਸਗੋਂ ਸਾਰੀਆਂ ਕਿਸਾਨ ਜਥੇਬੰਦੀਆਂ ਸਾਂਝਾ ਕਿਸਾਨ ਮੋਰਚਾ (ਐਸ.ਕੇ.ਐਮ.) ਦੀ ਸ਼ਮੂਲੀਅਤ ਨਾਲ ਬਣਾਇਆ ਜਾਣਾ ਚਾਹੀਦਾ ਹੈ ਤਾਂ ਜੋ ਸਾਰਿਆਂ ਨੂੰ ਲਾਭ ਮਿਲ ਸਕੇ। ਗਰੇਵਾਲ ਨੇ ਕਿਹਾ ਕਿ ਮਾਣਯੋਗ ਸੁਪਰੀਮ ਕੋਰਟ ਨੇ ਵੀ ਸਰਕਾਰ ਨੂੰ ਜਮਹੂਰੀ ਸਿਧਾਂਤਾਂ ਦੀ ਪਾਲਣਾ ਕਰਨ ਅਤੇ ਕਿਸਾਨਾਂ ਨਾਲ ਤੁਰੰਤ ਸਲਾਹ ਕਰਨ ਲਈ ਕਿਹਾ ਹੈ।
ਗਰੇਵਾਲ ਨੇ ਕਿਹਾ ਕਿ ਸਰਕਾਰ ਨੂੰ ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦਾਂ ‘ਤੇ ਕਿਸਾਨਾਂ ਦੇ ਸੰਘਰਸ਼ ਨੂੰ ਅਣਗੌਲਿਆ ਨਹੀਂ ਕਰਨਾ ਚਾਹੀਦਾ ਬਲਕਿ ਇਸਤੇ ਸੰਜੀਦਗੀ ਨਾਲ ਵਿਚਾਰ ਕਰਨਾ ਬਣਦਾ ਹੈ।