ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਰਾਸ਼ਟਰਪਤੀ ਭਵਨ ਵਿੱਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਇਸ ਮੁਲਾਕਾਤ ਤੋਂ ਥੋੜ੍ਹੀ ਦੇਰ ਬਾਅਦ ਹੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਵੀ ਰਾਸ਼ਟਰਪਤੀ ਨਾਲ ਵੱਖਰੇ ਤੌਰ ‘ਤੇ ਮੁਲਾਕਾਤ ਕੀਤੀ ਗਈ। ਭਾਰਤ ਦੇ ਪ੍ਰਧਾਨ ਮੰਤਰੀ ਅਤੇ ਭਾਰਤ ਦੇ ਕੇਂਦਰੀ ਮੰਤਰੀ ਦੇ ਵਲੋਂ ਭਾਰਤ ਦੇ ਰਾਸ਼ਟਰਪਤੀ ਦੇ ਨਾਲ ਇੱਕ ਦਿਨ ਦੇ ਵਿੱਚ ਹੀ ਥੋੜ੍ਹੇ ਜਿਹੇ ਵਕਫ਼ੇ ਦੇ ਨਾਲ ਵੱਖ-ਵੱਖ ਕੀਤੀਆਂ ਗਈਆਂ ਮੀਟਿੰਗਾਂ ਨਾਲ ਸਿਆਸੀ ਗਲਿਆਰਿਆਂ ਦੇ ਵਿੱਚ ਅਟਕਲਾਂ ਦਾ ਬਾਜ਼ਾਰ ਗਰਮ ਹੋ ਗਿਆ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜਧਾਨੀ ਦਿੱਲੀ ਸਥਿਤ ਰਾਸ਼ਟਰਪਤੀ ਭਵਨ ਵਿੱਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿੱਚ ਕੀ ਚਰਚਾ ਹੋਈ ਇਸ ਬਾਰੇ ਜਾਣਕਾਰੀ ਅਧਿਕਾਰਤ ਤੌਰ ‘ਤੇ ਸਾਹਮਣੇ ਨਹੀਂ ਆਈ ਹੈ। ਪਰ ਦੋਵਾਂ ਦੀ ਮੁਲਾਕਾਤ ਨੂੰ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਯੂਨਾਈਟਿਡ ਕਿੰਗਡਮ ਅਤੇ ਮਾਲਦੀਵ ਦੇ ਹਾਲੀਆ ਦੌਰੇ ਤੋਂ ਬਾਅਦ ਰਾਸ਼ਟਰਪਤੀ ਨਾਲ ਪ੍ਰਧਾਨ ਮੰਤਰੀ ਦੀ ਇਹ ਪਹਿਲੀ ਮੁਲਾਕਾਤ ਸੀ। ਪ੍ਰਧਾਨ ਮੰਤਰੀ ਦੀ ਮੁਲਾਕਾਤ ਤੋਂ ਬਾਅਦ ਹੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਸ਼ਨੀਵਾਰ ਸ਼ਾਮ ਨੂੰ ਹੀ ਰਾਸ਼ਟਰਪਤੀ ਮੁਰਮੂ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਮੋਦੀ ਅਤੇ ਗ੍ਰਹਿ ਮੰਤਰੀ ਸ਼ਾਹ ਦੀ ਮੁਲਾਕਾਤ ਨੇ ਰਾਜਨੀਤਿਕ ਗਲਿਆਰਿਆਂ ਵਿੱਚ ਹਲਚਲ ਮਚਾ ਦਿੱਤੀ ਹੈ।
ਬਰਤਾਨੀਆਂ ਅਤੇ ਮਾਲਦੀਵ ਦੀ ਹਾਲ ਹੀ ਦੀ ਯਾਤਰਾ ਤੋਂ ਬਾਅਦ ਪ੍ਰਧਾਨ ਮੰਤਰੀ ਦੀ ਰਾਸ਼ਟਰਪਤੀ ਨਾਲ ਇਹ ਪਹਿਲੀ ਮੁਲਾਕਾਤ ਸੀ। ਸਮਝਿਆ ਜਾ ਰਿਹਾ ਹੈ ਕਿ ਮੀਟਿੰਗਾਂ ਬਿਹਾਰ ’ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵਿਸ਼ੇਸ਼ ਤੀਬਰ ਸੋਧ (ਐੱਸ.ਆਈ.ਆਰ.) ਅਭਿਆਸ ਉਤੇ ਚਰਚਾ ਦੀ ਵਿਰੋਧੀ ਧਿਰ ਦੀ ਮੰਗ ਨੂੰ ਲੈ ਕੇ ਸੰਸਦ ’ਚ ਚੱਲ ਰਹੇ ਹੰਗਾਮੇ ਦੇ ਪਿਛੋਕੜ ’ਚ ਹੋਈਆਂ ਹਨ। ਬਿਹਾਰ ਵਿੱਚ ਚੋਣ ਕਮਿਸ਼ਨ ਦੁਆਰਾ ਚਲਾਈ ਜਾ ਰਹੀ ਵਿਸ਼ੇਸ਼ ਤੀਬਰ ਸੋਧ (ਐਸਆਈਆਰ) ਪ੍ਰਕਿਰਿਆ ਨੂੰ ਲੈ ਕੇ ਵੀ ਵੱਡਾ ਵਿਵਾਦ ਚੱਲ ਰਿਹਾ ਹੈ। ਵਿਰੋਧੀ ਧਿਰ ਇਸ ਪ੍ਰਕਿਰਿਆ ‘ਤੇ ਲਗਾਤਾਰ ਸਵਾਲ ਉਠਾ ਰਹੀ ਹੈ। ਵਿਰੋਧੀ ਧਿਰ ਇਸ ਮੁੱਦੇ ‘ਤੇ ਸੰਸਦ ਦੇ ਦੋਵਾਂ ਸਦਨਾਂ ਵਿੱਚ ਚਰਚਾ ਚਾਹੁੰਦੀ ਹੈ ਪਰ ਸਰਕਾਰ ਚਰਚਾ ਕਰਨ ਲਈ ਤਿਆਰ ਨਹੀਂ ਹੈ। ਇਸ ਕਾਰਣ ਸੰਸਦ ਦਾ ਕੰਮਕਾਜ ਪ੍ਰਭਾਵਿਤ ਹੋ ਰਿਹਾ ਹੈ। ਆਪਰੇਸ਼ਨ ਸੰਧੂਰ ਉਤੇ ਦੋਹਾਂ ਸਦਨਾਂ ’ਚ ਚਰਚਾ ਨੂੰ ਛੱਡ ਕੇ 21 ਜੁਲਾਈ ਨੂੰ ਮਾਨਸੂਨ ਸੈਸ਼ਨ ਸ਼ੁਰੂ ਹੋਣ ਤੋਂ ਬਾਅਦ ਸੰਸਦ ’ਚ ਬਹੁਤ ਘੱਟ ਕੰਮਕਾਜ ਵੇਖਣ ਨੂੰ ਮਿਲਿਆ ਹੈ। ਇਸ ਤੋਂ ਇਲਾਵਾ ਲੋਕ ਸਭਾ ਨੇ ਪਿਛਲੇ ਹਫਤੇ ਮਨੀਪੁਰ ’ਚ ਰਾਸ਼ਟਰਪਤੀ ਸ਼ਾਸਨ ਨੂੰ 6 ਮਹੀਨੇ ਹੋਰ ਵਧਾਉਣ ਨੂੰ ਮਨਜ਼ੂਰੀ ਦੇ ਦਿਤੀ ਸੀ, ਜਦਕਿ ਰਾਜ ਸਭਾ ’ਚ ਅਜੇ ਇਸ ਪ੍ਰਸਤਾਵ ਉਤੇ ਚਰਚਾ ਨਹੀਂ ਹੋਈ ਹੈ। ਉੱਤਰ-ਪੂਰਬੀ ਰਾਜ ਵਿਚ 13 ਫ਼ਰਵਰੀ ਨੂੰ ਰਾਸ਼ਟਰਪਤੀ ਸ਼ਾਸਨ ਲਾਗੂ ਕਰ ਦਿਤਾ ਗਿਆ ਸੀ।
ਇਹ ਮੁਲਾਕਾਤਾਂ ਅਜਿਹੇ ਸਮੇਂ ਹੋਈਆਂ ਹਨ ਜਦੋਂ ਭਾਰਤ ਦੇ ਦੋਸਤ ਸਮਝੇ ਜਾਂਦੇ ਦੇਸ਼ ਅਮਰੀਕਾ ਨੇ ਭਾਰਤ ‘ਤੇ 25 ਪ੍ਰਤੀਸ਼ਤ ਟੈਰਿਫ ਲਗਾਉਣ ਅਤੇ ਰੂਸ ਤੋਂ ਫੌਜੀ ਉਪਕਰਣ ਅਤੇ ਕੱਚਾ ਤੇਲ ਖਰੀਦਣ ‘ਤੇ ਜੁਰਮਾਨਾ ਲਗਾਉਣ ਦਾ ਐਲਾਨ ਕੀਤਾ ਹੈ।
ਇਹ ਮੁਲਾਕਾਤ ਅਜਿਹੇ ਸਮੇਂ ਹੋਈ ਹੈ ਜਦੋਂ ਉਪ-ਰਾਸ਼ਟਰਪਤੀ ਦੀ ਚੋਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਚੋਣ ਕਮਿਸ਼ਨ ਨੇ 1 ਅਗਸਤ ਨੂੰ ਉਪ-ਰਾਸ਼ਟਰਪਤੀ ਚੋਣ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਉਪ-ਰਾਸ਼ਟਰਪਤੀ ਚੋਣ ਲਈ ਵੋਟਿੰਗ 9 ਸਤੰਬਰ ਨੂੰ ਹੋਵੇਗੀ। 21 ਜੁਲਾਈ, 2025 ਨੂੰ ਜਗਦੀਪ ਧਨਖੜ ਨੇ ਸਿਹਤ ਕਾਰਣਾਂ ਦਾ ਹਵਾਲਾ ਦਿੰਦੇ ਹੋਏ ਭਾਰਤ ਦੇ ਉਪ-ਰਾਸ਼ਟਰਪਤੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਦੀ ਸਮਾਪਤੀ ਤੋਂ ਬਾਅਦ ਉਨ੍ਹਾਂ ਨੇ ਰਾਸ਼ਟਰਪਤੀ ਮੁਰਮੂ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਸੀ।
ਪ੍ਰਧਾਨ ਮੰਤਰੀ ਮੋਦੀ ਅਤੇ ਗ੍ਰਹਿ ਮੰਤਰੀ ਸ਼ਾਹ ਦੀ ਰਾਸ਼ਟਰਪਤੀ ਮੁਰਮੂ ਨਾਲ ਮੁਲਾਕਾਤ ਦਾ ਅਸਲ ਕਾਰਣ ਕੀ ਸੀ, ਇਸ ਸਬੰਧੀ ਹਾਲੇ ਤੱਕ ਕੋਈ ਜਾਣਕਾਰੀ ਸ੍ਹਾਮਣੇ ਨਹੀਂ ਆਈ ਹੈ ਪਰ ਇਹਨਾਂ ਮੁਲਾਕਾਤਾਂ ਨੂੰ ਲੈ ਕੇ ਸਿਆਸੀ ਗਲਿਆਰਿਆਂ ਦੇ ਵਿੱਚ ਕਈ ਤਰ੍ਹਾਂ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਹਨ।