ਭਾਰਤੀ ਫੌਜ ਨੇ ਬੁੱਧਵਾਰ ਸਵੇਰੇ ਇੱਕ ਬਿਆਨ ਵਿੱਚ ਕਿਹਾ ਕਿ ਕੁਝ ਸਮਾਂ ਪਹਿਲਾਂ, ਭਾਰਤੀ ਹਥਿਆਰਬੰਦ ਬਲਾਂ ਨੇ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਜੰਮੂ ਅਤੇ ਕਸ਼ਮੀਰ ਵਿੱਚ ਅੱਤਵਾਦੀ ਢਾਂਚੇ ਨੂੰ ਨਿਸ਼ਾਨਾ ਬਣਾਉਂਦੇ ਹੋਏ ‘ਆਪ੍ਰੇਸ਼ਨ ਸਿੰਦੂਰ’ ਸ਼ੁਰੂ ਕੀਤਾ ਹੈ।
ਭਾਰਤੀ ਫੌਜ ਵੱਲੋਂ ਪਾਕਿਸਤਾਨੀ ਅੱਤਵਾਦੀ ਕੈਂਪਾਂ ‘ਤੇ ਕੀਤੇ ਗਏ ਹਮਲਿਆਂ ਤੋਂ ਬਾਅਦ ਸਪਾਈਸਜੈੱਟ ਏਅਰਲਾਈਨਜ਼ ਨੇ ਬੁੱਧਵਾਰ ਨੂੰ ਦੇਸ਼ ਦੇ ਉੱਤਰੀ ਹਿੱਸਿਆਂ ਦੇ ਹਵਾਈ ਅੱਡਿਆਂ ਦੇ ਲਈ ਉਡਾਣ ਸਬੰਧੀ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ। ਪਾਕਿਸਤਾਨ ਉਪਰ ਹਵਾਈ ਹਮਲਿਆਂ ਤੋਂ ਬਾਅਦ ਅੰਮ੍ਰਿਤਸਰ ਹਵਾਈ ਅੱਡੇ ਨੂੰ ਖਾਲੀ ਕਰਵਾ ਲਿਆ ਗਿਆ ਅਤੇ ਉੱਥੋਂ ਚੱਲਣ ਵਾਲੀਆਂ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਅੰਮ੍ਰਿਤਸਰ ਹਵਾਈ ਅੱਡੇ ‘ਤੇ ਹਾਈ ਅਲਰਟ ਐਲਾਨ ਦਿੱਤਾ ਗਿਆ ਹੈ।
“ਅੰਮ੍ਰਿਤਸਰ ਜਾਣ ਵਾਲੀਆਂ ਦੋ ਅੰਤਰਰਾਸ਼ਟਰੀ ਉਡਾਣਾਂ ਨੂੰ ਦਿੱਲੀ ਵੱਲ ਮੋੜਿਆ ਜਾ ਰਿਹਾ ਹੈ,” ਏਅਰਲਾਈਨ ਨੇ ਕਿਹਾ ਹੈ ਕਿ, ‘ਇਸ ਅਣਕਿਆਸੇ ਵਿਘਨ ਕਾਰਨ ਹੋਈ ਅਸੁਵਿਧਾ ਲਈ ਸਾਨੂੰ ਅਫ਼ਸੋਸ ਹੈ।” ਸਪਾਈਸਜੈੱਟ ਦੇ ਅਨੁਸਾਰ, ਮੌਜੂਦਾ ਸਥਿਤੀ ਦੇ ਕਾਰਨ, ਧਰਮਸ਼ਾਲਾ, ਲੇਹ, ਜੰਮੂ, ਸ਼੍ਰੀਨਗਰ ਅਤੇ ਅੰਮ੍ਰਿਤਸਰ ਸਮੇਤ ਉੱਤਰੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਹਵਾਈ ਅੱਡੇ ਅਗਲੇ ਨੋਟਿਸ ਤੱਕ ਬੰਦ ਹਨ। ਉਡਾਣਾਂ ਚੱਲਣ ਅਤੇ ਪਹੁੰਚ ਲਈ ਪ੍ਰਭਾਵਿਤ ਹੋ ਸਕਦੀਆਂ ਹਨ।
ਇੰਡੀਗੋ ਨੇ ਕਿਹਾ ਕਿ ਖੇਤਰ ਵਿੱਚ ਬਦਲਦੇ ਹਵਾਈ ਖੇਤਰ ਦੇ ਹਾਲਾਤਾਂ ਕਾਰਨ ਸ੍ਰੀਨਗਰ, ਜੰਮੂ, ਅੰਮ੍ਰਿਤਸਰ, ਲੇਹ, ਚੰਡੀਗੜ੍ਹ ਅਤੇ ਧਰਮਸ਼ਾਲਾ ਤੋਂ ਆਉਣ-ਜਾਣ ਵਾਲੀਆਂ ਉਡਾਣਾਂ ਪ੍ਰਭਾਵਿਤ ਹੋਈਆਂ ਹਨ।
ਭਾਰਤੀ ਹਥਿਆਰਬੰਦ ਬਲਾਂ ਵੱਲੋਂ ਪਾਕਿਸਤਾਨ ਵਿੱਚ ਅੱਤਵਾਦੀ ਕੈਂਪਾਂ ‘ਤੇ ਕੀਤੇ ਗਏ ਮਿਜ਼ਾਈਲ ਹਮਲਿਆਂ ਦੇ ਮੱਦੇਨਜ਼ਰ ਹਵਾਈ ਖੇਤਰ ‘ਤੇ ਪਾਬੰਦੀਆਂ ਦੇ ਵਿਚਕਾਰ, ਭਾਰਤੀ ਏਅਰਲਾਈਨਾਂ ਨੇ ਜੰਮੂ ਅਤੇ ਸ਼੍ਰੀਨਗਰ ਸਮੇਤ ਵੱਖ-ਵੱਖ ਸ਼ਹਿਰਾਂ ਲਈ ਆਪਣੀਆਂ ਉਡਾਣਾਂ ਰੱਦ ਕਰ ਦਿੱਤੀਆਂ ਹਨ। ਏਅਰ ਇੰਡੀਆ ਨੇ ਕਿਹਾ ਕਿ ਮੌਜੂਦਾ ਸਥਿਤੀ ਦੇ ਮੱਦੇਨਜ਼ਰ, ਏਅਰਲਾਈਨ ਨੇ ਜੰਮੂ, ਸ਼੍ਰੀਨਗਰ, ਲੇਹ, ਜੋਧਪੁਰ, ਅੰਮ੍ਰਿਤਸਰ, ਭੁਜ, ਜਾਮਨਗਰ, ਚੰਡੀਗੜ੍ਹ ਅਤੇ ਰਾਜਕੋਟ ਲਈ ਆਪਣੀਆਂ ਸਾਰੀਆਂ ਉਡਾਣਾਂ ਦੁਪਹਿਰ ਤੱਕ ਰੱਦ ਕਰ ਦਿੱਤੀਆਂ ਹਨ।
ਇਸ ਦੇ ਨਾਲ ਹੀ ਭਾਰਤ ਦੇ ਸਰਹੱਦੀ ਇਲਾਕਿਆਂ ਵਿੱਚ ਸਕੂਲਾਂ ਨੂੰ ਬੰਦ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ। ਬਾਰਾਮੂਲਾ, ਅੰਮ੍ਰਿਤਸਰ ਅਤੇ ਪਠਾਨਕੋਟ ਦੇ ਸਾਰੇ ਸਕੂਲਾਂ ਨੂੰ ਬੰਦ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ। ਜੰਮੂ ਦੇ ਡਿਵੀਜ਼ਨਲ ਕਮਿਸ਼ਨਰ ਨੇ ਕਿਹਾ ਕਿ ਮੌਜੂਦਾ ਸਥਿਤੀ ਦੇ ਮੱਦੇਨਜ਼ਰ, ਜੰਮੂ, ਸਾਂਬਾ, ਕਠੂਆ, ਰਾਜੌਰੀ ਅਤੇ ਪੁੰਛ ਦੇ ਸਾਰੇ ਸਕੂਲ, ਕਾਲਜ ਅਤੇ ਵਿਦਿਅਕ ਸੰਸਥਾਵਾਂ ਅੱਜ ਬੰਦ ਰਹਿਣਗੀਆਂ।