ਨਵੀਂ ਦਿੱਲੀ – ਦੋ ਮਹੀਨੇ ਬਾਅਦ ਭਾਰਤ ਨੇ ਫਿਰ ਤੋਂ ਕੈਨੇਡੀਅਨ ਨਾਗਰਿਕਾਂ ਲਈ ਈ-ਵੀਜ਼ਾ ਸਰਵਿਸ ਦੀ ਸ਼ੁਰੂਆਤ ਕਰ ਦਿੱਤੀ ਹੈ। ਦਰਅਸਲ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਮੁੱਦੇ ’ਤੇ ਕੈਨੇਡਾ ਅਤੇ ਭਾਰਤ ਦੇ ਸਬੰਧਾਂ ’ਚ ਤਣਾਅ ਪੈਦਾ ਹੋ ਗਏ ਸਨ। ਦੋਹਾਂ ਦੇਸ਼ਾਂ ਵਿਚਾਲੇ ਰਿਸ਼ਤੇ ਖਰਾਬ ਹੋਣ ਮਗਰੋਂ ਭਾਰਤ ਨੇ ਈ-ਵੀਜ਼ਾ ਸਰਵਿਸ ਨੂੰ ਰੋਕ ਦਿੱਤਾ ਸੀ। ਸੂਤਰਾਂ ਮੁਤਾਬਕ ਕੈਨੇਡਾ ਦੇ ਨਾਗਰਿਕਾਂ ਲਈ ਵੀਜ਼ਾ ਸੇਵਾ ਜੋ ਕਿ ਭਾਰਤ ਵੱਲੋਂ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਤੋਂ ਬਾਅਦ ਬੰਦ ਕਰ ਦਿੱਤੀ ਗਈ ਸੀ,ਅੱਜ ਮੁੜ ਸ਼ੁਰੂ ਕਰ ਦਿੱਤੀ ਗਈ ਹੈ। ਦਰਅਸਲ ਕੈਨੇਡਾ ਵਿਚ ਹਰ ਰੋਜ਼ ਹਿੰਦੂ ਮੰਦਰਾਂ ਦੇ ਨਾਲ-ਨਾਲ ਭਾਰਤੀ ਨਾਗਰਿਕਾਂ ’ਤੇ ਹਮਲੇ ਹੋ ਰਹੇ ਹਨ। ਇਨ੍ਹਾਂ ਸਾਰੀਆਂ ਘਟਨਾਵਾਂ ਤੋਂ ਬਾਅਦ ਵੀ ਭਾਰਤ ਨੇ ਕੈਨੇਡਾ ਵਿਚ ਵੀਜ਼ਾ ਸਰਵਿਸ ਬੰਦ ਨਹੀਂ ਕੀਤੀ ਪਰ ਕੁਝ ਸਮਾਂ ਪਹਿਲਾਂ ਕੈਨੇਡਾ ਦੇ ਬਿ੍ਰਟਿਸ਼ ਕੋਲੰਬੀਆ ਵਿਚ 18 ਜੂਨ ਨੂੰ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਘਟਨਾ ਤੋਂ ਬਾਅਦ ਕੈਨੇਡਾ ਵਿਚ ਮੌਜੂਦ ਖਾਲਿਸਤਾਨੀਆਂ ਵੱਲੋਂ ਭਾਰਤੀ ਨਾਗਰਿਕਾਂ ਦੇ ਨਾਲ-ਨਾਲ ਭਾਰਤੀ ਰਾਜਦੂਤਾਂ ਨੂੰ ਵੀ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ ਗਿਆ ਸੀ।
