ਨਵੀਂ ਦਿੱਲੀ – ਕੇਂਦਰ ਸਰਕਾਰ ਨੇ ਇਕ ਅਹਿਮ ਫ਼ੈਸਲਾ ਲੈਂਦਿਆਂ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਰਾਂ ਲਈ 8ਵਾਂ ਤਨਖ਼ਾਹ ਕਮਿਸ਼ਨ ਬਣਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ’ਚ 8ਵਾਂ ਤਨਖ਼ਾਹ ਕਮਿਸ਼ਨ ਬਣਾਉਣ ਦਾ ਫ਼ੈਸਲਾ ਲਿਆ ਗਿਆ।
ਸੱਤਵੇਂ ਤਨਖ਼ਾਹ ਕਮਿਸ਼ਨ ਦੀ ਮਿਆਦ 2026 ’ਚ ਖ਼ਤਮ ਹੋਣੀ ਹੈ। ਸੱਤਵਾਂ ਤਨਖ਼ਾਹ ਕਮਿਸ਼ਨ 2014 ’ਚ ਬਣਿਆ ਸੀ ਅਤੇ ਉਸ ਦੀਆਂ ਸਿਫ਼ਾਰਸ਼ਾਂ ਪਹਿਲੀ ਜਨਵਰੀ, 2016 ਨੂੰ ਲਾਗੂ ਹੋ ਗਈਆਂ ਸਨ।
ਸੂਚਨਾ ਅਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਕਿ ਕਮਿਸ਼ਨ ਦੇ ਚੇਅਰਮੈਨ ਅਤੇ ਦੋ ਮੈਂਬਰਾਂ ਦੀ ਛੇਤੀ ਨਿਯੁਕਤੀ ਕੀਤੀ ਜਾਵੇਗੀ। ਕੇਂਦਰ ਸਰਕਾਰ ਦੇ 49 ਲੱਖ ਤੋਂ ਵਧ ਮੁਲਾਜ਼ਮ ਅਤੇ ਕਰੀਬ 65 ਲੱਖ ਪੈਨਸ਼ਨਰ ਹਨ। ਮੰਤਰੀ ਨੇ ਕਿਹਾ ਕਿ 2025 ’ਚ ਨਵਾਂ ਤਨਖ਼ਾਹ ਕਮਿਸ਼ਨ ਬਣਾਉਣ ਨਾਲ ਉਸ ਦੀਆਂ ਸਿਫ਼ਾਰਸ਼ਾਂ ਸੱਤਵੇਂ ਤਨਖ਼ਾਹ ਕਮਿਸ਼ਨ ਦੀ ਮਿਆਦ ਮੁੱਕਣ ਤੋਂ ਪਹਿਲਾਂ ਹੀ ਮਿਲ ਜਾਣਗੀਆਂ। ਵੈਸ਼ਨਵ ਨੇ ਕਿਹਾ ਕਿ ਕੇਂਦਰ, ਸੂਬਾ ਸਰਕਾਰਾਂ ਅਤੇ ਹੋਰ ਧਿਰਾਂ ਨਾਲ ਵੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ।