ਮਾਨਸਾ – ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਤੋਂ ਬਾਅਦ ਤਣਾਅ ਵਧ ਗਿਆ ਹੈ। ਗੁੱਸੇ ਵਿੱਚ ਆਈ ਭੀੜ ਨੇ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਦੇ ਮੈਡੀਕਲ ਸਟੋਰ ਵਿੱਚ ਭੰਨ-ਤੋੜ ਕਰਨ ਤੋਂ ਬਾਅਦ ਅੱਗ ਲਗਾ ਦਿੱਤੀ। ਇਸੇ ਦੌਰਾਨ ਪੁਲਿਸ ਦੀ ਅਗਵਾਈ ਹੇਠ ਅਸ਼ਵਨੀ ਕੁਮਾਰ ਦੇ ਘਰ ’ਤੇ ਵੀ ਬੁਲਡੋਜ਼ਰ ਚਲਾਇਆ ਗਿਆ।
ਮਿਲੀ ਜਾਣਕਾਰੀ ਮੁਤਾਬਕ, ਬੁੱਧਵਾਰ ਬਾਅਦ ਦੁਪਹਿਰ ਭੀੜ ਨੇ ਪਹਿਲਾਂ ਮੈਡੀਕਲ ਸਟੋਰ ਦੀ ਭੰਨ-ਤੋੜ ਕੀਤੀ। ਇਸ ਤੋਂ ਬਾਅਦ ਕੁਝ ਨੌਜਵਾਨਾਂ ਨੇ ਜੇਸੀਬੀ ਮਸ਼ੀਨ ਦੀ ਮਦਦ ਨਾਲ ਦੁਕਾਨ ਨੂੰ ਢਾਹੁਣਾ ਸ਼ੁਰੂ ਕਰ ਦਿੱਤਾ ਅਤੇ ਫਿਰ ਅੱਗ ਲਗਾ ਦਿੱਤੀ। ਮੌਕੇ ’ਤੇ ਮੌਜੂਦ ਪੁਲਿਸ ਅਧਿਕਾਰੀਆਂ ਨੂੰ ਭੀੜ ਨੂੰ ਕਾਬੂ ਕਰਨ ਵਿੱਚ ਮੁਸ਼ਕਲ ਆਈ। ਇਸੇ ਦੌਰਾਨ ਪੁਲਿਸ ਦੀ ਮੌਜੂਦਗੀ ਵਿੱਚ ਅਸ਼ਵਨੀ ਕੁਮਾਰ ਦੇ ਘਰ ਨੂੰ ਵੀ ਢਾਹਿਆ ਗਿਆ। ਰਿਪੋਰਟ ਮੁਤਾਬਕ, ਇਹ ਕਾਰਵਾਈ ਨਸ਼ਾ ਤਸਕਰੀ ਨਾਲ ਜੁੜੇ ਦੋਸ਼ਾਂ ਦੇ ਮੱਦੇਨਜ਼ਰ ਕੀਤੀ ਗਈ।
ਮੁੱਖ ਮੁਲਜ਼ਮ ਗ੍ਰਿਫ਼ਤਾਰ, ਸਥਿਤੀ ਕਾਬੂ ਹੇਠ- ਡੀ.ਆਈ.ਜੀ.
ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਸਬੰਧ ਵਿੱਚ, ਬਠਿੰਡਾ ਰੇਂਜ ਦੇ ਡੀ.ਆਈ.ਜੀ. ਹਰਜੀਤ ਸਿੰਘ ਨੇ ਦੱਸਿਆ ਕਿ ਇੱਕ ਐਫ.ਆਈ.ਆਰ. (FIR) ਦਰਜ ਕਰ ਲਈ ਗਈ ਹੈ ਅਤੇ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਹੁਣ ਤੱਕ ਇਸ ਮਾਮਲੇ ਵਿੱਚ ਦੋ ਵਿਅਕਤੀਆਂ ਦੀ ਪਛਾਣ ਕੀਤੀ ਗਈ ਹੈ, ਜਦਕਿ ਚਾਰ ਤੋਂ ਪੰਜ ਹੋਰ ਅਣਪਛਾਤੇ ਵਿਅਕਤੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਘਟਨਾ ਦੌਰਾਨ ਭਾਰੀ ਰੋਸ ਪ੍ਰਦਰਸ਼ਨਾਂ ਕਾਰਨ ਸਥਿਤੀ ਤਣਾਅਪੂਰਨ ਹੋ ਗਈ ਸੀ। ਅੱਗ ਲੱਗਣ ਦੀ ਇੱਕ ਮਾਮੂਲੀ ਘਟਨਾ ਵੀ ਵਾਪਰੀ ਸੀ, ਪਰ ਹੁਣ ਸਥਿਤੀ ਸ਼ਾਂਤ ਹੈ। ਡੀ.ਆਈ.ਜੀ. ਅਨੁਸਾਰ, ਇਸ ਮਾਮਲੇ ਵਿੱਚ ਅਗਲੀ ਕਾਨੂੰਨੀ ਕਾਰਵਾਈ ਪੀੜਤ ਪਰਿਵਾਰ ਦੇ ਬਿਆਨਾਂ ਅਤੇ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ‘ਤੇ ਕੀਤੀ ਜਾਵੇਗੀ। ਕੁਝ ਪੁਲਿਸ ਅਧਿਕਾਰੀਆਂ ਅਤੇ ਹੋਰ ਵਿਅਕਤੀਆਂ ਦੀ ਭੂਮਿਕਾ ਬਾਰੇ ਪਰਿਵਾਰ ਦੀਆਂ ਚਿੰਤਾਵਾਂ ‘ਤੇ ਗੱਲ ਕਰਦਿਆਂ, ਅਧਿਕਾਰੀ ਨੇ ਕਿਹਾ ਕਿ ਜਾਂਚ ਦੌਰਾਨ ਸਾਹਮਣੇ ਆਏ ਤੱਥਾਂ ਮੁਤਾਬਕ ਕਾਰਵਾਈ ਕੀਤੀ ਜਾਵੇਗੀ।
ਨਸ਼ਿਆਂ ਨੂੰ ਲੈ ਕੇ ਹੋਏ ਵਿਵਾਦ ਵਿੱਚ ਹੋਇਆ ਸੀ ਕਤਲ
ਜ਼ਿਕਰਯੋਗ ਹੈ ਕਿ ਮੰਗਲਵਾਰ ਨੂੰ ਮਾਨਸਾ ਵਿੱਚ ਇੱਕ ਕੈਮਿਸਟ ਦੀ ਦੁਕਾਨ ’ਤੇ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਤਿੱਖਾ ਵਿਵਾਦ ਹੋਇਆ ਸੀ। ਇਸ ਦੌਰਾਨ ਪਰਵਿੰਦਰ ਸਿੰਘ ਝੋਟਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਗੁੱਸੇ ਦਾ ਮਾਹੌਲ ਹੈ। ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨਕਾਰੀ ਅਣਮਿੱਥੇ ਸਮੇਂ ਲਈ ਧਰਨਾ ਦੇ ਰਹੇ ਹਨ। ਪ੍ਰਦਰਸ਼ਨਕਾਰੀਆਂ ਨੇ ਆਪਣੀਆਂ ਮੰਗਾਂ ਪ੍ਰਸ਼ਾਸਨ ਤੱਕ ਪਹੁੰਚਾਉਣ ਅਤੇ ਸੰਘਰਸ਼ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਇੱਕ ਵਿਸ਼ੇਸ਼ ਕਮੇਟੀ ਵੀ ਬਣਾਈ ਹੈ। ਇਹ ਕਮੇਟੀ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਗੱਲਬਾਤ ਕਰ ਰਹੀ ਹੈ। ਹੁਣ ਇਸ ਮਾਮਲੇ ਵਿੱਚ ਪੁਲਿਸ ਅਤੇ ਪ੍ਰਸ਼ਾਸਨ ਦੀ ਅਗਲੀ ਕਾਰਵਾਈ ’ਤੇ ਸਭ ਦੀ ਨਜ਼ਰ ਹੈ।
