ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਕੇਂਦਰ ਸਰਕਾਰ ਵੱਲੋਂ 10 ਅਕਤੂਬਰ ਤਕ ਝੋਨੇ ਦੀ ਖਰੀਦ ਪ੍ਰਕਿਰਿਆ ਅੱਗੇ ਪਾਉਣ ਦੇ ਮੱਦੇਨਜ਼ਰ ਉਨਾਂ ਨੂੰ ਇਸ ਮਸਲੇ ਦੇ ਛੇਤੀ ਨਿਪਟਾਰੇ ਦਾ ਭਰੋਸਾ ਦਿੱਤਾ ਹੈ।ਸ. ਚੰਨੀ ਨੇ ਅੱਜ ਸ਼ਾਮ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਾਲ ਉਨ੍ਹਾਂ ਦੇ ਸਰਕਾਰੀ ਨਿਵਾਸ ਸਥਾਨ ਵਿਖੇ ਮੁਲਾਕਾਤ ਕੀਤੀ ਅਤੇ ਮੁੱਖ ਮੰਤਰੀ ਬਣਨ ਮਗਰੋਂ ਇਸ ਪਹਿਲੀ ਫੇਰੀ ਨੂੰ ਰਸਮੀ ਦੱਸਿਆ। ਉਨ੍ਹਾਂ ਕਿਹਾ ਕਿ ਇਹ ਕਿਸੇ ਵੀ ਮੁੱਖ ਮੰਤਰੀ ਦਾ ਫਰਜ਼ ਹੁੰਦਾ ਹੈ ਕਿ ਉਹ ਅਹੁਦਾ ਸੰਭਾਲਣ ਮਗਰੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰੇ। ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਸਮੁੱਚੇ ਤੌਰ ’ਤੇ ਮੁਲਾਕਾਤ ਬੇਹੱਦ ਸੁਖਾਵੇਂ ਅਤੇ ਸਕਾਰਾਤਮਕ ਮਾਹੌਲ ਵਿੱਚ ਹੋਈ।
ਪ੍ਰਧਾਨ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਮੀਡੀਆ ਕਰਮੀਆਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਸੂਬੇ ਵਿੱਚ ਝੋਨੇ ਦੀ ਖਰੀਦ ਲਈ, ਜੋ ਕਿ 1 ਅਕਤੂਬਰ ਤੋਂ ਸ਼ੁਰੂ ਹੋਣੀ ਸੀ ਪਰ ਹੁਣ ਭਾਰਤ ਸਰਕਾਰ ਦੇ ਉਪਭੋਗਤਾ ਮਾਮਲੇ, ਖੁਰਾਕ ਤੇ ਜਨਤਕ ਵੰਡ ਮੰਤਰਾਲੇ ਦੇ ਹੁਕਮ ਕਾਰਨ ਅੱਗੇ ਪੈ ਗਈ ਹੈ, ਕੀਤੇ ਗਏ ਸਾਰੇ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ। ਸ. ਚੰਨੀ ਨੇ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਜਾਣਕਾਰੀ ਦਿੱਤੀ ਕਿ ਉਹ ਛੇਤੀ ਹੀ ਖੁਰਾਕ ਮੰਤਰਾਲੇ ਨਾਲ ਗੱਲਬਾਤ ਕਰਕੇ ਇਹ ਮਸਲਾ ਤਰਜੀਹੀ ਆਧਾਰ ’ਤੇ ਹੱਲ ਕਰਵਾਉਣਗੇ। ਕਰਤਾਰਪੁਰ ਕਾਰੀਡੋਰ ਜਿਸ ਨੂੰ ਕਿ ਬੀਤੇ ਕਈ ਮਹੀਨਿਆਂ ਤੋਂ ਕੋਵਿਡ ਦੇ ਕੇਸਾਂ ਦੀ ਗਿਣਤੀ ਵਧਣ ਕਾਰਨ ਬੰਦ ਕਰ ਦਿੱਤਾ ਗਿਆ ਸੀ, ਬਾਰੇ ਸ. ਚੰਨੀ ਨੇ ਪ੍ਰਧਾਨ ਮੰਤਰੀ ਨੂੰ ਤੁਰੰਤ ਹੀ ਇਹ ਕਾਰੀਡੋਰ ਖੋਲਣ ਦੀ ਅਪੀਲ ਕੀਤੀ ਕਿਉਂ ਜੋ ਕੋਵਿਡ ਦੀ ਸਥਿਤੀ ਵਿੱਚ ਹੁਣ ਕਾਫੀ ਹੱਦ ਤੱਕ ਸੁਧਾਰ ਹੋ ਚੁੱਕਿਆ ਹੈ। ਉਨਾਂ ਕਿਹਾ ਕਿ ਇਸ ਕਦਮ ਨਾਲ ਸ਼ਰਧਾਲੂ ਗੁਰੂਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਦੇ ਦਰਸ਼ਨ ਕਰਨ ਦੇ ਸਮਰੱਥ ਹੋ ਸਕਣਗੇ।
ਮੁੱਖ ਮੰਤਰੀ ਨੇ ਸ੍ਰੀ ਮੋਦੀ ਨੂੰ ਕਿਸਾਨਾਂ ਦੀਆਂ ਮੰਗਾਂ ਦਾ ਸਥਾਈ ਹੱਲ ਤਰਜੀਹੀ ਆਧਾਰ ’ਤੇ ਤਲਾਸ਼ਣ ਲਈ ਕਿਹਾ ਕਿਉਂਕਿ ਇਸ ਕਰਕੇ ਖੇਤੀਬਾੜੀ ਪ੍ਰਧਾਨ ਸੂਬੇ ਦੀ ਆਰਥਿਕਤਾ ਵਿੱਚ ਖੜੋਤ ਆਈ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਿਸਾਨਾਂ ਨਾਲ ਤੁਰੰਤ ਹੀ ਗੱਲਬਾਤ ਦੀ ਪ੍ਰਕਿਰਿਆ ਮੁੜ ਸ਼ੁਰੂ ਕੀਤੇ ਜਾਣ ਦੀ ਲੋੜ ਹੈ ਤਾਂ ਜੋ ਇਹ ਖੇਤੀ ਕਾਨੂੰਨ ਰੱਦ ਕੀਤੇ ਜਾ ਸਕਣ ਅਤੇ ਇਸ ਲਈ ਉਨ੍ਹਾਂ ਪ੍ਰਧਾਨ ਮੰਤਰੀ ਦੇ ਨਿੱਜੀ ਦਖਲ ਦੀ ਮੰਗ ਕੀਤੀ। ਆਰਗੇਨਿਕ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਕੇਂਦਰ ਸਰਕਾਰ ਦੀ ਮਦਦ ਮੰਗਦੇ ਹੋਏ, ਮੁੱਖ ਮੰਤਰੀ ਨੇ ਸ੍ਰੀ ਮੋਦੀ ਨੂੰ ਅਪੀਲ ਕੀਤੀ ਕਿ ਵਾਤਾਵਰਣ ਪੱਖੀ ਖੇਤੀਬਾੜੀ ਦੀ ਇਸ ਵਿਧੀ ਨੂੰ ਜ਼ੋਰ-ਸ਼ੋਰ ਨਾਲ ਪ੍ਰਚਾਰਿਤ ਕਰਕੇ ਸੂਬੇ ਦੀ ਆਰਥਿਕਤਾ ਮਜ਼ਬੂਤ ਕਰਨ ਵਿੱਚ ਮਦਦ ਕੀਤੀ ਜਾਵੇ।