ਬਠਿੰਡਾ – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਐਤਵਾਰ ਨੂੰ ਬਠਿੰਡਾ ਜ਼ਿਲ੍ਹੇ ਅੰਦਰ ਗੁਲਾਬੀ ਸੁੰਡੀ ਕਾਰਨ ਪ੍ਰਭਾਵਤ ਹੋਈਆਂ ਫ਼ਸਲਾਂ ਦਾ ਜਾਇਜ਼ਾ ਲਿਆ। ਉਹ ਸਭ ਤੋਂ ਪਹਿਲਾਂ ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਦੇ ਪਿੰਡ ਕਟਾਰ ਸਿੰਘ ਵਾਲਾ ਦੇ ਖੇਤਾਂ ‘ਚ ਪੁੱਜੇ। ਮੁੱਖ ਮੰਤਰੀ ਨੇ ਜਿੱਥੇ ਨਰਮੇ ਦੀ ਫ਼ਸਲ ਦੇ ਹੋਏ ਨੁਕਸਾਨ ਸਬੰਧੀ ਕਿਸਾਨਾਂ ਨਾਲ ਗੱਲਬਾਤ ਕੀਤੀ ਉੱਥੇ ਹੀ ਉਨ੍ਹਾਂ ਨੂੰ ਨੁਕਸਾਨ ਦੀ ਭਰਪਾਈ ਦਾ ਭਰੋਸਾ ਦਿਵਾਇਆ।
ਕਿਸਾਨਾਂ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਨਰਮੇ ਦੀ ਨੱਬੇ ਫੀਸਦੀ ਫਸਲ ਨੁਕਸਾਨੀ ਜਾ ਚੁੱਕੀ ਹੈ ਜਿਸ ਕਾਰਨ ਉਨ੍ਹਾਂ ਦਾ ਲਾਗਤ ਖਰਚਾ ਵੀ ਨਹੀਂ ਮੁੜਨਾ। ਕਿਸਾਨਾਂ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਜਦੋਂ ਵੀ ਉਹ ਕਿਸਾਨਾਂ ਨੂੰ ਮੁਆਵਜ਼ਾ ਦੇਣ ਤਾਂ ਵਿਚਕਾਰਲੇ ਵਿਚੋਲਿਆਂ ਨੂੰ ਬਾਹਰ ਕੱਢਿਆ ਜਾਵੇ ਕਿਉਂਕਿ ਪਿਛਲੀ ਅਕਾਲੀ ਭਾਜਪਾ ਸਰਕਾਰ ਸਮੇਂ ਬਹੁਤੇ ਝੋਨਾ ਬੀਜਣ ਵਾਲੇ ਲੋਕ ਵੀ ਨਰਮੇ ਦੀ ਫ਼ਸਲ ਦੇ ਖਰਾਬੇ ਦਾ ਮੁਆਵਜ਼ਾ ਲੈ ਗਏ ਸਨ। ਕਿਸਾਨਾਂ ਨੇ ਕਿਹਾ ਕਿ ਇਸ ਨਾਲ ਜਿੱਥੇ ਸਰਕਾਰ ਨੂੰ ਕਰੋੜਾਂ ਰੁਪਏ ਦਾ ਚੂਨਾ ਲੱਗਾ ਉੱਥੇ ਹੀ ਕਈ ਲੋੜਵੰਦ ਕਿਸਾਨ ਮੁਆਵਜ਼ੇ ਤੋਂ ਵਾਂਝੇ ਰਹਿ ਗਏ ਸਨ ਇਸ ਦੇ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਸ ਵਾਰ ਅਜਿਹਾ ਨਹੀਂ ਹੋਵੇਗਾ ਕਿਉਂਕਿ ਹੁਣ ਇਕ ਆਮ ਆਦਮੀ ਦੀ ਸਰਕਾਰ ਹੈ ਜਦੋਂਕਿ ਗ਼ਰੀਬ ਪਰਿਵਾਰ ਦਾ ਮੁੱਖ ਮੰਤਰੀ ਹੈ। ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਸੁੰਡੀ ਦੀ ਰੋਕਥਾਮ ਲਈ ਸਰਕਾਰ ਕਿਸਾਨਾਂ ਨੂੰ ਮੁਫ਼ਤ ਦਵਾਈ ਮੁਹੱਈਆ ਕਰਵਾ ਰਹੀ ਹੈ ਜਿਸ ਤੋਂ ਬਾਅਦ ਅਗਲਾ ਕਦਮ ਉਠਾਇਆ ਜਾਵੇਗਾ। ਹਲਕਾ ਬਠਿੰਡਾ ਦਿਹਾਤੀ ਦੇ ਇੰਚਾਰਜ ਹਰਵਿੰਦਰ ਸਿੰਘ ਲਾਡੀ ਨੇ ਮੁੱਖ ਮੰਤਰੀ ਨੂੰ ਜਾਣੂ ਕਰਵਾਇਆ ਕਿ ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਅਤੇ ਤਲਵੰਡੀ ਸਾਬੋ ਵਿੱਚ ਸਭ ਤੋਂ ਵੱਧ ਨਰਮੇ ਦੀ ਖੇਤੀ ਹੁੰਦੀ ਹੈ। ਉਨ੍ਹਾਂ ਕਿਸਾਨਾਂ ਦੀ ਬਾਂਹ ਫੜਨ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਧੰਨਵਾਦ ਕੀਤਾ