ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਨੇ ਦਾਅਵਾ ਕੀਤਾ ਹੈ ਕਿ, ‘ਛੋਟੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਤੋਂ ਬਾਅਦ ਹੁਣ ਇਸ ਕਾਰੋਬਾਰ ਵਿੱਚ ਸ਼ਾਮਲ ਵੱਡੇ ਤਸਕਰਾਂ ਦੀ ਵਾਰੀ ਹੈ ਅਤੇ ਉਨ੍ਹਾਂ ਨੂੰ ਵੀ ਇਸ ਕਾਰੋਬਾਰ ਵਿੱਚ ਆਪਣੀ ਸ਼ਮੂਲੀਅਤ ਦੇ ਨਤੀਜੇ ਭੁਗਤਣੇ ਪੈਣਗੇ।’
ਚੰਡੀਗੜ੍ਹ ਵਿੱਚ ਆਪਣੀ ਸਰਕਾਰੀ ਰਿਹਾਇਸ਼ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਮੁੱਖ-ਮੰਤਰੀ ਨੇ ਨਸ਼ਿਆਂ ਅਤੇ ਇਸ ਕਾਲੇ ਕਾਰੋਬਾਰ ਵਿੱਚ ਸ਼ਾਮਲ ਤੇ ਸਰਪ੍ਰਸਤੀ ਦੇਣ ਵਾਲੇ ਪ੍ਰਭਾਵਸ਼ਾਲੀ ਵਿਅਕਤੀਆਂ ਬਾਰੇ ਸਰਕਾਰ ਦੀ ਜ਼ੀਰੋ ਟਾਲਰੈਂਸ ਦੀ ਨੀਤੀ ਦੁਹਰਾਈ। ਉਨ੍ਹਾਂ ਕਿਹਾ ਕਿ, ‘ਛੋਟੇ ਤਸਕਰ ਸਿਰਫ਼ ਡਿਸਟ੍ਰੀਬਿਊਟਰਾਂ ਵਾਂਗ ਕੰਮ ਕਰਦੇ ਹਨ, ਜਦੋਂ ਕਿ ਸਾਰਾ ਨੈੱਟਵਰਕ ਚਲਾਉਣ ਵਾਲੇ ਵੱਡੇ ਤਸਕਰ ਲੰਮੇ ਸਮੇਂ ਤੋਂ ਜਵਾਬਦੇਹੀ ਤੋਂ ਬਚ ਰਹੇ ਸਨ। ਹੁਣ ਇਨ੍ਹਾਂ ਵੱਡੇ ਤਸਕਰਾਂ ਦੀ ਵਾਰੀ ਹੈ। ਭਗਵੰਤ ਸਿੰਘ ਮਾਨ ਨੇ ਦ੍ਰਿੜ੍ਹਤਾ ਨਾਲ ਆਖਿਆ, “ਇਸ ਧੰਦੇ ਵਿੱਚ ਸ਼ਾਮਲ ਕੋਈ ਵੀ, ਭਾਵੇਂ ਉਹ ਕਿੰਨਾ ਵੀ ਵੱਧ ਪ੍ਰਭਾਵਸ਼ਾਲੀ ਕਿਉਂ ਨਾ ਹੋਵੇ, ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।’
ਮੁੱਖ-ਮੰਤਰੀ ਨੇ ਆਖਿਆ ਕਿ, ‘ਸੂਬਾ ਸਰਕਾਰ ਨੇ ਪਹਿਲਾਂ ਹੀ ਛੋਟੇ-ਛੋਟੇ ਇਲਾਕਿਆਂ ਵਿੱਚ ਕੰਮ ਕਰਦੇ ਤਸਕਰਾਂ ਨੂੰ ਜੇਲ੍ਹਾਂ ਵਿੱਚ ਡੱਕ ਦਿੱਤਾ ਹੈ। ਆਮ ਆਦਮੀ ਪਾਰਟੀ ਨੇ ਇਸ ਘਿਨਾਉਣੇ ਕਾਰੋਬਾਰ ਵਿੱਚ ਸ਼ਾਮਲ ਸਾਰੇ ਤਸਕਰਾਂ ਨੂੰ ਜੇਲ੍ਹਾਂ ਵਿੱਚ ਡੱਕਣ ਦੀ ਗਰੰਟੀ ਦਿੱਤੀ ਸੀ। ਹੁਣ ਇਹ ਵਾਅਦਾ ਪੂਰਾ ਹੋ ਰਿਹਾ ਹੈ ਅਤੇ ਮੌਜੂਦਾ ਕਾਰਵਾਈ ਨੇ ਨਸ਼ਿਆਂ ਦੇ ਕਾਲੇ ਧੰਦੇ ਦਾ ਲੱਕ ਤੋੜ ਦਿੱਤਾ ਹੈ।
ਭਗਵੰਤ ਸਿੰਘ ਮਾਨ ਨੇ ਦਾਅਵਾ ਕੀਤਾ ਕਿ, ‘ਗ੍ਰਿਫ਼ਤਾਰ ਕੀਤੇ ਸਾਰੇ ਵਿਅਕਤੀਆਂ ਵਿਰੁੱਧ ਕਾਫ਼ੀ ਸਬੂਤ ਇਕੱਤਰ ਕੀਤੇ ਗਏ ਹਨ, ਜਿਨ੍ਹਾਂ ਵਿੱਚ ਹਵਾਲਾ ਕਾਰੋਬਾਰ ਦਾ ਰਿਕਾਰਡ ਸ਼ਾਮਲ ਹੈ ਅਤੇ ਇਹ ਇਨ੍ਹਾਂ ਕਾਰੋਬਾਰੀਆਂ ਦੇ ਕਫ਼ਨ ਵਿੱਚ ਆਖ਼ਰੀ ਕਿੱਲ ਹੈ।’ ਉਨ੍ਹਾਂ ਵਾਅਦਾ ਕੀਤਾ ਕਿ, ‘ਇਹ ਮਿਸਾਲੀ ਕਾਰਵਾਈ ਹੋਰਾਂ ਨੂੰ ਵੀ ਇਸ ਧੰਦੇ ਵਿੱਚ ਆਉਣੋਂ ਰੋਕੇਗੀ। ਉਨ੍ਹਾਂ ਸਾਰੇ ਦੋਸ਼ੀਆਂ ਨੂੰ ਇਨਸਾਫ਼ ਦੇ ਘੇਰੇ ਵਿੱਚ ਲਿਆਉਣ ਦੀ ਸਰਕਾਰ ਦੀ ਵਚਨਬੱਧਤਾ ਦੁਹਰਾਈ।
ਮੁੱਖ-ਮੰਤਰੀ ਨੇ ਸੂਬੇ ਵਿੱਚ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸਫ਼ਲਤਾ ਬਾਰੇ ਦੱਸਿਆ ਅਤੇ ਕਿਹਾ ਕਿ ਕਈ ਤਸਕਰ ਪੰਜਾਬ ਛੱਡ ਕੇ ਭੱਜ ਗਏ ਹਨ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਹੁਣ ਵਿਆਪਕ ਜਨਤਕ ਸਮਰਥਨ ਨਾਲ ਲੋਕ ਲਹਿਰ ਬਣ ਗਈ ਹੈ। ਮੁੱਖ-ਮੰਤਰੀ ਨੇ ਨਸ਼ਿਆਂ ਦੀ ਅਲਾਮਤ ਖ਼ਿਲਾਫ਼ ਮਤੇ ਪਾਸ ਕਰਨ ਲਈ ਪਿੰਡਾਂ ਦੀਆਂ ਪੰਚਾਇਤਾਂ ਦੀ ਸ਼ਲਾਘਾ ਕਰਦਿਆਂ ਇਸ ਨੂੰ ਪੰਜਾਬ ਵਿੱਚ ਨਸ਼ਿਆਂ ਦੇ ਖ਼ਤਰੇ ਦੇ ਖ਼ਾਤਮੇ ਲਈ ਉਸਾਰੂ ਕਦਮ ਦੱਸਿਆ।
ਸ਼੍ਰੋਮਣੀ ਅਕਾਲੀ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਉੱਤੇ ਟਿੱਪਣੀ ਕਰਦਿਆਂ ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ, ‘ਵੱਖ-ਵੱਖ ਪਾਰਟੀਆਂ ਦੇ ਆਗੂਆਂ ਵੱਲੋਂ ਮਜੀਠੀਆ ਦੇ ਹੱਕ ਵਿੱਚ ਬਿਆਨ ਦੇਣ ਨਾਲ ਨਸ਼ਾ ਤਸਕਰਾਂ ਦੀ ਪੁਸ਼ਤਪਨਾਹੀ ਕਰ ਰਿਹਾ ਸਿਆਸੀ ਗਠਜੋੜ ਜੱਗ-ਜ਼ਾਹਰ ਹੋਇਆ ਹੈ। ਮੁੱਖ-ਮੰਤਰੀ ਨੇ ਦਾਅਵਾ ਕੀਤਾ ਕਿ, ‘ਮਜੀਠੀਆ ਦੇ ਘਰੋਂ 29 ਮੋਬਾਈਲ ਫੋਨ, ਅੱਠ ਲੈਪਟਾਪ ਅਤੇ ਹੋਰ ਅਹਿਮ ਸਬੂਤ ਬਰਾਮਦ ਹੋਏ ਹਨ। ਇਸ ਗ੍ਰਿਫ਼ਤਾਰੀ ਨੇ ਨਸ਼ਿਆਂ ਦੇ ਮਸਲੇ ਉੱਤੇ ਰਵਾਇਤੀ ਸਿਆਸੀ ਪਾਰਟੀਆਂ ਦੇ ਨਾਪਾਕ ਗਠਜੋੜ ਦਾ ਪਰਦਾਫ਼ਾਸ਼ ਕੀਤਾ ਹੈ। ਇਨ੍ਹਾਂ ਦੀਆਂ ਗਤੀਵਿਧੀਆਂ ਨੇ ਪੰਜਾਬ ਨੂੰ ਤਬਾਹ ਕਰ ਦਿੱਤਾ ਹੈ। ਇਸ ਕਾਰੋਬਾਰ ਵਿੱਚ ਸ਼ਾਮਲ ਹੋਰ ਅਹਿਮ ਸਿਆਸੀ ਸ਼ਖ਼ਸੀਅਤਾਂ ਨੂੰ ਵੀ ਛੇਤੀ ਗ੍ਰਿਫ਼ਤਾਰ ਕੀਤਾ ਜਾਵੇਗਾ ਅਤੇ ਉਨ੍ਹਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾਂ ਢਾਹੀਆਂ ਜਾਣਗੀਆਂ। ਨਸ਼ਿਆਂ ਦੇ ਕਾਰੋਬਾਰ ਵਿੱਚ ਆਏ ਪੈਸੇ ਦੀ ਪੂਰੀ ਲੜੀ ਨਾਲ ਸਬੰਧਤ ਹਰੇਕ ਕੜੀ ਬਾਰੇ ਡੂੰਘਾਈ ਨਾਲ ਜਾਂਚ ਹੋਵੇਗੀ। ਜਿਨ੍ਹਾਂ ਨੇ ਇਸ ਕਾਲੇ ਕਾਰੋਬਾਰ ਵਿੱਚੋਂ ਵੱਡੀਆਂ-ਵੱਡੀਆਂ ਜਾਇਦਾਦਾਂ ਬਣਾਈਆਂ ਹਨ, ਉਨ੍ਹਾਂ ਨੂੰ ਜਵਾਬਦੇਹ ਬਣਾਇਆ ਜਾਵੇਗਾ।’ ਸਿਆਸੀ ਬਦਲਾਖ਼ੋਰੀ ਦੇ ਦੋਸ਼ਾਂ ਨੂੰ ਰੱਦ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ,’ਹਰੇਕ ਕਾਰਵਾਈ ਕਾਨੂੰਨ ਮੁਤਾਬਕ ਕੀਤੀ ਗਈ ਹੈ।’ ਮੁੱਖ-ਮੰਤਰੀ ਨੇ ਸਵਾਲ ਕੀਤਾ ਕਿ ਜਦੋਂ ਪੰਜਾਬ ਦੇ ਲੋਕਾਂ ਨੇ ਵਿਰੋਧੀਆਂ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ ਤਾਂ ਇਹ ਸਿਆਸੀ ਬਦਲਾਖ਼ੋਰੀ ਕਿਵੇਂ ਹੋ ਸਕਦੀ ਹੈ? ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਆਪਣੇ ਆਪ ਨੂੰ ਬਚਾਉਣ ਲਈ ਇਸ ਮੁੱਦੇ ਦੇ ਸਿਆਸੀਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ, ‘ਅਜਿਹੀਆਂ ਸਾਰੀਆਂ ਕੋਸ਼ਿਸ਼ਾਂ ਬੇਕਾਰ ਜਾਣਗੀਆਂ ਕਿਉਂਕਿ ਸੂਬੇ ਦੇ ਲੋਕ ਇਨ੍ਹਾਂ ਆਗੂਆਂ ਦੇ ਦਾਗ਼ੀ ਚਰਿੱਤਰ ਤੋਂ ਚੰਗੀ ਤਰ੍ਹਾਂ ਵਾਕਫ਼ ਹਨ।’