Punjab

ਮੁੱਖ ਮੰਤਰੀ ਨੇ ਫੌਜ ਦੇ ਸ਼ਹੀਦ ਜਵਾਨ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ

ਲੋਹਕੇ ਕਲਾਂ (ਫਿਰੋਜ਼ਪੁਰ) –  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਦੀ ਸੁਰੱਖਿਆ ਖਾਤਰ ਸਹੀਦੀ ਪ੍ਰਾਪਤ ਕਰਨ ਵਾਲੇ ਸੈਨਿਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਹਰ ਸੰਭਵ ਮਦਦ ਦੇਣ ਲਈ ਸੂਬਾ ਸਰਕਾਰ ਦੀ ਦਿ੍ਰੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਅੱਜ ਸ਼ਹੀਦ ਫੌਜੀ ਕੁਲਦੀਪ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ। ਸ਼ਹੀਦ ਕੁਲਦੀਪ ਸਿੰਘ ਕੁਝ ਦਿਨ ਪਹਿਲਾਂ ਦੇਸ਼ ਦੀ ਸੇਵਾ ਨਿਭਾਉਂਦੇ ਹੋਏ ਭਾਰਤ-ਚੀਨ ਸਰਹੱਦ ਉਤੇ ਆਪਣੀ ਜਾਨ ਨਿਛਾਵਰ ਕਰ ਗਏ ਸਨ।
ਸ਼ਹੀਦ ਸੈਨਿਕ ਦੇ ਜੱਦੀ ਪਿੰਡ ਲੋਹਕੇ ਕਲਾਂ ਵਿਖੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਭਾਰਤੀ ਫੌਜ ਦੇ 21 ਸਿੱਖ ਰੈਜੀਮੈਂਟ ਦੇ ਜਵਾਨ ਕੁਲਦੀਪ ਸਿੰਘ ਨੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦੇ ਹੋਏ ਮਹਾਨ ਕੁਰਬਾਨੀ ਦਿੱਤੀ ਅਤੇ ਪੰਜਾਬ ਸਰਕਾਰ ਇਸ ਬਹਾਦਰੀ ਨੂੰ ਸਲਾਮ ਕਰਦੀ ਹੈ।”
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹਰ ਦੁੱਖ-ਸੁੱਖ ਵਿਚ ਪਰਿਵਾਰ ਨਾਲ ਖੜੇਗੀ ਅਤੇ ਦੁੱਖ ਦੀ ਇਸ ਘੜੀ ਵਿਚ ਉਸ ਦੀ ਮਦਦ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਭਗਵੰਤ ਮਾਨ ਨੇ ਕਿਹਾ ਕਿ ਦੇਸ ਦੀ ਸੁਰੱਖਿਆ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਸ਼ਹੀਦੀ ਪ੍ਰਾਪਤ ਕਰਨ ਵਾਲੇ ਜਵਾਨ ਕੁਲਦੀਪ ਸਿੰਘ ਦੀ ਕੁਰਬਾਨੀ ਲਈ ਦੇਸ ਵਾਸੀ ਸਦਾ ਰਿਣੀ ਰਹਿਣਗੇ। ਸਹੀਦ ਸੈਨਿਕ ਕੁਲਦੀਪ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਉਨਾਂ ਨੇ ਆਪਣੀ ਡਿਊਟੀ ਨਿਭਾਉਂਦੇ ਹੋਏ ਬਹਾਦਰੀ, ਪੇਸ਼ੇਵਰ ਵਚਨਬੱਧਤਾ ਅਤੇ ਸਾਹਸ ਦਾ ਪ੍ਰਗਟਾਵਾ ਕਰਕੇ ਮੁਲਕ ਅਤੇ ਖਾਸ ਕਰਕੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ।
ਜਵਾਨ ਕੁਲਦੀਪ ਸਿੰਘ ਵੱਲੋਂ ਦਿੱਤੀ ਬੇਮਿਸਾਲ ਕੁਰਬਾਨੀ ਨੂੰ ਚੇਤੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਇਸ ਬਹਾਦਰ ਪੁੱਤਰ ਦੇ ਪਰਿਵਾਰ ਨੂੰ ਇਸ ਗੱਲ ‘ਤੇ ਮਾਣ ਹੋਣਾ ਚਾਹੀਦਾ ਹੈ ਕਿ ਉਸ ਨੇ ਸਧਾਰਨ ਮੌਤ ਦੀ ਬਜਾਏ ਸਹੀਦੀ ਪ੍ਰਾਪਤ ਕੀਤੀ। ਮੁੱਖ ਮੰਤਰੀ ਨੇ ਪਰਿਵਾਰ ਦੇ ਮੈਂਬਰਾਂ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਸੰਕਟ ਦੀ ਇਸ ਘੜੀ ਵਿੱਚ ਉਨਾਂ ਦੀ ਮਦਦ ਲਈ ਪੂਰਨ ਤੌਰ ਉਤੇ ਵਚਨਬੱਧ ਹੈ ਅਤੇ ਪਰਿਵਾਰ ਦੀ ਮਦਦ ਲਈ ਹਰ ਕਦਮ ਚੁੱਕਿਆ ਜਾਵੇਗਾ। ਭਗਵੰਤ ਮਾਨ ਨੇ ਕਿਹਾ, “ਮੈਂ ਸਮਝਦਾ ਹਾਂ ਕਿ ਇਹ ਬਹੁਤ ਵੱਡਾ ਘਾਟਾ ਹੈ ਪਰ ਉਸ ਦੀ ਮੌਤ ‘ਤੇ ਸੋਗ ਕਰਨ ਦੀ ਬਜਾਏ ਸਾਨੂੰ ਸਾਰਿਆਂ ਨੂੰ ਉਸ ਦੀ ਸਹਾਦਤ ‘ਤੇ ਮਾਣ ਮਹਿਸੂਸ ਕਰਨਾ ਚਾਹੀਦਾ ਹੈ ਕਿਉਂਕਿ ਉਸ ਨੇ ਵੱਡੇ ਉਦੇਸ਼ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ।“
ਸੂਬੇ ਦੀਆਂ ਸੂਰਮਗਤੀ ਦੀਆਂ ਸ਼ਾਨਦਾਰ ਰਵਾਇਤਾਂ ਨੂੰ ਚੇਤੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਅਜਿਹੇ ਸੂਰਬੀਰ ਲੋਕਾਂ ਦੀਆਂ ਕੁਰਬਾਨੀਆਂ ਸਦਕਾ ਸਾਂਤੀ, ਫਿਰਕੂ ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਸਦਾ ਹੀ ਕਾਇਮ ਰੱਖਿਆ ਹੈ। ਉਨਾਂ ਕਿਹਾ ਕਿ ਸਾਰੇ ਦੇਸ਼ ਵਾਸੀ ਇਸ ਕੌਮੀ ਨਾਇਕ ਦੇ ਪਰਿਵਾਰ ਦੇ ਨਾਲ ਹਨ, ਜਿਨਾਂ ਨੇ ਆਪਣੀ ਮਾਤ ਭੂਮੀ ਦੀ ਸਰਹੱਦ ਦੀ ਰਾਖੀ ਲਈ ਆਪਣੀ ਜਾਨ ਨਿਛਾਵਰ ਕਰ ਦਿੱਤੀ। ਭਗਵੰਤ ਮਾਨ ਨੇ ਕਿਹਾ ਕਿ ਇਸ ਬਹਾਦਰ ਜਵਾਨ ਨੇ ਦੇਸ਼ ਦੀ ਸੇਵਾ ਪੂਰੀ ਲਗਨ ਅਤੇ ਸਮਰਪਿਤ ਭਾਵਨਾ ਨਾਲ ਕਰਨ ਦੇ ਉੱਚ ਆਦਰਸ਼ਾਂ ਨੂੰ ਕਾਇਮ ਰੱਖਿਆ।

Related posts

‘ਆਪ’ ਸਾਬਕਾ ਮੰਤਰੀ ਅਨਮੋਲ ਗਗਨ ਮਾਨ ਵਲੋਂ ਸਿਆਸਤ ਤੋਂ ਤੌਬਾ !

admin

ਮੁੱਖ ਮੰਤਰੀ ਨੇ ਸੈਰ ਸਪਾਟਾ ਵਿਭਾਗ ਨੂੰ ਸ਼ਾਨਾਮੱਤੇ ਪ੍ਰੋਜੈਕਟ ‘ਪਿੰਡ ਬਾਬੇ ਨਾਨਕ ਦਾ’ ਲਈ ਆਲਮੀ ਪੱਧਰ ’ਤੇ ਟੈਂਡਰ ਮੰਗਣ ਦੇ ਹੁਕਮ ਦਿੱਤੇ

Bunty

ਪੰਜਾਬ ਸਰਕਾਰ ਵੱਲੋਂ ਵਿੱਤੀ ਸਹਾਇਤਾਂ ਹਾਸਲ ਕਰਨ ਦੀਆਂ ਇੱਛੁਕ ਗੈਰ ਸਰਕਾਰੀ ਸੰਸਥਾਵਾਂ ਤੋਂ ਅਰਜੀਆਂ ਦੀ ਮੰਗ : ਡਾ.ਬਲਜੀਤ ਕੌਰ ਅਰਜ਼ੀਆਂ ਭਰਨ ਦੀ ਆਖਰੀ ਮਿਤੀ 6 ਸਤੰਬਰ

Bunty