Punjab

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਅਤੇ ਬੱਚਿਆਂ ਦੀ ਭਲਾਈ ਲਈ ਵਚਨਬੱਧ – ਡਾ. ਬਲਜੀਤ ਕੌਰ

ਚੰਡੀਗੜ੍ਹ – ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਸਮਾਜਿਕ ਤੇ ਭਾਈਚਾਰਕ ਸਮਾਗਮਾਂ ਵਿੱਚ ਤਹਿਦਿਲੀ ਨਾਲ ਸੇਵਾਵਾਂ ਨਿਭਾਉਣ ਲਈ ਮਾਣ ਭੱਤਾ ਦੇਣ ਦੇ ਮੱਦੇਨਜ਼ਰ 22.33 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਚਾਲੂ ਵਿੱਤੀ ਸਾਲ 2024-25 ਦੌਰਾਨ ਸਾਲ 2021-22, 2022-23, ਅਤੇ 30 ਸਤੰਬਰ 2024 ਤੱਕ ਕਰਵਾਏ ਗਏ ਸਮਾਜਿਕ ਸਮਾਗਮਾਂ ਲਈ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਮਾਣਭੱਤਾ ਦੇਣ ਲਈ 22.33 ਕਰੋੜ ਰੁਪਏ ਅਲਾਟ ਕੀਤੇ ਗਏ ਹਨ ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਭਰ ਦੇ ਆਂਗਣਵਾੜੀ ਕੇਂਦਰਾਂ ਵਿੱਚ ਹਰ ਮਹੀਨੇ ਦੀ 14 ਅਤੇ 28 ਤਰੀਕ ਨੂੰ ਸਮਾਜ ਅਧਾਰਤ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਗਰਭਵਤੀ ਮਾਵਾਂ ਦੀ ਗੋਦ ਭਰਾਈ ਲਈ ਅਤੇ ਦੁੱਧ ਚੁੰਘਦੇ ਬਾਲਾਂ ਦੀਆਂ ਮਾਵਾਂ (ਚੁੰਘਾਵੀਆਂ) ਨੂੰ ਐਸ.ਐਨ.ਪੀ. ਵੰਡਣ ਲਈ ਸਮਾਰੋਹ ਵੀ ਆਯੋਜਿਤ ਕੀਤੇ ਜਾਂਦੇ ਹਨ। ਆਂਗਣਵਾੜੀ ਵਰਕਰਾਂ ਨੂੰ ਪ੍ਰਤੀ ਗਤੀਵਿਧੀ ਲਈ 500 ਰੁਪਏ ਅਤੇ ਸਹਾਇਕਾਂ ਨੂੰ 250 ਰੁਪਏ ਦਿੱਤੇ ਜਾਂਦੇ ਹਨ।

ਡਾ.ਬਲਜੀਤ ਕੌਰ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ 6 ਸਾਲ ਤੱਕ ਦੇ ਬੱਚਿਆਂ ਦੇ ਨਾਲ-ਨਾਲ ਗਰਭਵਤੀ ਔਰਤਾਂ ਅਤੇ ਚੁੰਘਾਵੀਆਂ ਨੂੰ ਆਂਗਣਵਾੜੀ ਕੇਂਦਰਾਂ ਰਾਹੀਂ ਪੂਰਕ ਪੋਸ਼ਣ, ਟੀਕਾਕਰਨ, ਸਿਹਤ ਸਿੱਖਿਆ ਅਤੇ ਰੈਫਰਲ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਇਸ ਤੋਂ ਇਲਾਵਾ, 3-6 ਸਾਲ ਦੀ ਉਮਰ ਦੇ ਬੱਚਿਆਂ ਨੂੰ ਗੈਰ-ਰਸਮੀ ਪ੍ਰੀ-ਸਕੂਲ ਸਿੱਖਿਆ ਦੀ ਪੇਸ਼ਕਸ਼ ਵੀ ਕੀਤੀ ਜਾਂਦੀ ਹੈ।

ਸਮਾਜਿਕ ਸੁਰੱਖਿਆ ਮੰਤਰੀ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬੱਚਿਆਂ, ਲੜਕੀਆਂ ਅਤੇ ਔਰਤਾਂ ਦੀ ਸਿਹਤ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ ਅਤੇ ਸੂਬੇ ਭਰ ਦੇ ਆਂਗਣਵਾੜੀ ਕੇਂਦਰਾਂ ਵਿੱਚ ਵੱਖ-ਵੱਖ ਪਹਿਲਕਦਮੀਆਂ ਨੂੰ ਲਾਗੂ ਕਰ ਰਹੀ ਹੈ।

Related posts

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

editor

ਪੰਜਾਬ ਰਾਜ ਸਹਿਕਾਰੀ ਬੈਂਕ ਦੀ ਮਹਿਲਾ ਸਸ਼ਕਤੀਕਰਨ ਵੱਲ ਨਿਵੇਕਲੀ ਪੁਲਾਂਘ

editor

ਮੋਹਿੰਦਰ ਭਗਤ ਵੱਲੋਂ ਸੂਬੇ ਦੀਆਂ ਫਲ ਅਤੇ ਸਬਜ਼ੀਆਂ ਦੀ ਦੂਸਰੇ ਦੇਸ਼ਾਂ ਨੂੰ ਬਰਾਮਦ ਕਰਨ ਦੀ ਦਿਸ਼ਾ ਵਿਚ ਤੇਜ਼ੀ ਨਾਲ ਕੰਮ ਕਰਨ ਦੇ ਹੁਕਮ

editor