International

ਮੁੱਖ ਮੰਤਰੀ ਵੱਲੋਂ ਜਰਮਨੀ ਦੌਰੇ ਦੇ ਪਹਿਲੇ ਦਿਨ ਵੱਖ-ਵੱਖ ਆਲਮੀ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਮਿਊਨਿਖ (ਜਰਮਨੀ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਜਰਮਨੀ ਦੌਰੇ ਦੇ ਪਹਿਲੇ ਦਿਨ ਅੱਜ ਪੰਜਾਬ ਨੂੰ ਨਿਵੇਸ਼ ਲਈ ਤਰਜੀਹੀ ਸਥਾਨ ਦੱਸਿਦਆਂ ਵੱਖ-ਵੱਖ ਨਾਮੀ ਕੰਪਨੀਆਂ ਨਾਲ ਵਿਚਾਰ-ਚਰਚਾ ਕੀਤੀ ਅਤੇ ਉਨ੍ਹਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ।
ਮੁੱਖ ਮੰਤਰੀ ਨੂੰ ਸੀਈਓ ਮੈਸੇ ਮੁਚੇ ਜੀਐਮਬੀਐਚ ਡਾ. ਰੀਨਹਾਰਡ ਫੀਫਰ ਨੇ ਫੂਡ ਇੰਡਸਟਰੀ ਲਈ ਵਿਸ਼ਵ ਦੇ ਪ੍ਰਮੁੱਖ ਵਪਾਰਕ ਮੇਲੇ ਡ੍ਰਿੰਕਟੈਕ 2022 ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਸੀ। ਸਮਾਗਮ ਵਿੱਚ ਉਦਯੋਗਿਕ ਆਗੂਆਂ ਨਾਲ ਇੱਕ ਤੋਂ ਬਾਅਦ ਇੱਕ ਵਿਚਾਰ-ਚਰਚਾ ਦੌਰਾਨ ਉਨ੍ਹਾਂ ਨੇ ਆਲਮੀ ਉਦਯੋਗਪਤੀਆਂ ਨੂੰ 23-24 ਫਰਵਰੀ, 2023 ਨੂੰ ਹੋਣ ਵਾਲੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਨਿੱਘਾ ਸੱਦਾ ਦਿੱਤਾ।
ਸਮਾਗਮ ਦੌਰਾਨ ਭਗਵੰਤ ਮਾਨ ਨੇ ਪ੍ਰਮੁੱਖ ਕੰਪਨੀਆਂ ਜਿਵੇਂ ਜ਼ੈੱਪਲਿਨ, ਬੁਏਲਰ, ਪ੍ਰੋ ਮਾਈਨੈਂਟ, ਡੋਨਲਡਸਨ, ਆਈਗਸ, ਸਿਪ੍ਰੀਆਨੀ ਹੈਰੀਸਨ ਵਾਲਵਸ, ਪੈਂਟੇਅਰ ਅਤੇ ਹੋਰਾਂ ਨਾਲ ਪੰਜਾਬ ਦੇ ਉਦਯੋਗਾਂ ਜਿਵੇਂ ਕਿ ਤੇਲ ਬੀਜ ਪ੍ਰੋਸੈਸਿੰਗ ਮਸ਼ੀਨਰੀ, ਉਦਯੋਗਿਕ ਏਅਰ ਫਿਲਟਰੇਸ਼ਨ ਪ੍ਰਣਾਲੀਆਂ, ਸ਼ੁੱਧੀਕਰਨ ਤਕਨਾਲੋਜੀ, ਪਾਣੀ ਵਿੱਚ ਰਸਾਇਣਾਂ ਦਾ ਮਾਪ, ਰਸਾਇਣਾਂ ਲਈ ਟੌਸਿੰਗ ਉਪਕਰਨ, ਬਾਇਓਮਾਸ ਨੂੰ ਊਰਜਾ ਵਿੱਚ ਬਦਲਣ, ਉਦਯੋਗਾਂ ਦੇ ਪਾਣੀ ਨੂੰ ਸੋਧਣ ਅਤੇ ਹੋਰਾਂ ਲਈ ਵੱਖ-ਵੱਖ ਤਕਨਾਲੋਜੀ ਹੱਲਾਂ ਬਾਰੇ ਵਿਚਾਰ-ਵਟਾਂਦਰਾ ਕੀਤਾ।
ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਦੇ ਸਾਜ਼ਗਾਰ ਉਦਯੋਗਿਕ ਮਾਹੌਲ ਬਾਰੇ ਜਾਣਕਾਰੀ ਦਿੰਦਿਆਂ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਲੰਬੇ ਸਮੇਂ ਤੋਂ ਭਾਰਤ ਦੇ ਅੰਨ ਭੰਡਾਰ ਵਜੋਂ ਜਾਣਿਆ ਜਾਂਦਾ ਹੈ ਅਤੇ ਫੂਡ ਪ੍ਰੋਸੈਸਿੰਗ ਸੈਕਟਰ ਨੇ ਸੂਬੇ ਦੀ ਤਰੱਕੀ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਆਲਮੀ ਉਦਯੋਗਾਂ ਨੂੰ ਪੰਜਾਬ ਵਿੱਚ ਆਪਣਾ ਕਾਰੋਬਾਰ ਸਥਾਪਤ ਕਰਨ ਵਾਸਤੇ ਪੂਰੀ ਤਰ੍ਹਾਂ ਸਹਿਯੋਗ ਦੇਣ ਲਈ ਤਿਆਰ ਹੈ।
ਪੰਜਾਬ ਨੂੰ ਕਾਰੋਬਾਰ ਕਰਨ ਲਈ ਸਭ ਤੋਂ ਪਸੰਦੀਦਾ ਸਥਾਨ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਨਾਲ ਬਹੁਤ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਖੁਸ਼ਹਾਲੀ ਇਸਦੀ ਸੰਪੂਰਨ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਕਰਕੇ ਹੈ। ਭਗਵੰਤ ਮਾਨ ਨੇ ਉਦਯੋਗਪਤੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਕਾਰੋਬਾਰ ਨੂੰ ਫੈਲਾਉਣ ਲਈ ਮਿਆਰੀ ਬੁਨਿਆਦੀ ਢਾਂਚੇ, ਬਿਜਲੀ, ਹੁਨਰਮੰਦ ਮਨੁੱਖੀ ਵਸੀਲਿਆਂ ਅਤੇ ਹੋਰ ਸਹੂਲਤਾਂ ਨਾਲ ਲੈਸ ਬਿਹਤਰ ਉਦਯੋਗਿਕ ਮਾਹੌਲ ਦਾ ਵੱਧ ਤੋਂ ਵੱਧ ਲਾਹਾ ਲੈਣ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਨਿਵੇਸ਼ ਪੱਖੀ ਨੀਤੀਆਂ ਉਦਯੋਗਿਕ ਸ਼ਾਂਤੀ ਅਤੇ ਅਤਿ ਆਧੁਨਿਕ ਬੁਨਿਆਦੀ ਢਾਂਚੇ ਦੇ ਨਾਲ ਸੂਬੇ ਵਿੱਚ ਉਦਯੋਗਿਕ ਵਿਕਾਸ ਲਈ ਅਨੁਕੂਲ ਮਾਹੌਲ ਪ੍ਰਦਾਨ ਕਰਦੀਆਂ ਹਨ।ਉਨ੍ਹਾਂ ਕਿਹਾ ਕਿ ਪਹਿਲਾਂ ਸਿੰਗਲ ਵਿੰਡੋ ਸੇਵਾ ਮਹਿਜ਼ ਇੱਕ ਦਿਖਾਵਾ ਸੀ ਜਿਸ ਨੇ ਨਾ ਸਿਰਫ਼ ਸੰਭਾਵੀ ਨਿਵੇਸ਼ਕਾਂ ਨੂੰ ਨਿਰਾਸ਼ ਕੀਤਾ, ਸਗੋਂ ਸੂਬੇ ਦੇ ਉਦਯੋਗਿਕ ਵਿਕਾਸ ਵਿੱਚ ਵੀ ਰੁਕਾਵਟ ਪਾਈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ ਸਿੰਗਲ ਵਿੰਡੋ ਪ੍ਰਣਾਲੀ ਸੂਬੇ ਵਿੱਚ ਨਿਵੇਸ਼ ਕਰਨ ਦੇ ਇੱਛੁਕ ਉੱਦਮੀਆਂ ਲਈ ਇੱਕ ਅਸਲ ਸਹੂਲਤ ਵਜੋਂ ਕੰਮ ਕਰੇ।
ਉਦਯੋਗਪਤੀਆਂ ਨੂੰ ਨਿੱਘਾ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਨਵੇਂ ਵਿਚਾਰਾਂ ਅਤੇ ਕਾਢਾਂ ਨੂੰ ਅਪਣਾਉਣ ਲਈ ਹਮੇਸ਼ਾ ਤਿਆਰ ਹੈ। ਉਨ੍ਹਾਂ ਕਲਪਨਾ ਕੀਤੀ ਕਿ ਇਸ ਦੌਰੇ ਨਾਲ ਸੂਬੇ ਵਿੱਚ ਉਦਯੋਗੀਕਰਨ ਦੀ ਪ੍ਰਕਿਰਿਆ ਨੂੰ ਵੱਡਾ ਹੁਲਾਰਾ ਮਿਲੇਗਾ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦੇਸ਼ ਦਾ ਉਦਯੋਗਿਕ ਧੁਰਾ ਬਣ ਕੇ ਉਭਰੇਗਾ।ਇਸ ਦੌਰਾਨ ਮੁੱਖ ਮੰਤਰੀ ਨੂੰ ਹਾਂ ਪੱਖੀ ਹੁੰਗਾਰਾ ਦਿੰਦਿਆਂ ਪ੍ਰਮੁੱਖ ਕੰਪਨੀਆਂ ਨੇ ਉਨ੍ਹਾਂ ਨੂੰ ਸੂਬੇ ਵਿੱਚ ਵੱਡੇ ਪੱਧਰ ‘ਤੇ ਨਿਵੇਸ਼ ਕਰਨ ਦਾ ਭਰੋਸਾ ਦਿੱਤਾ।

Related posts

ਰੂਸੀ ਹਮਲੇ ਦੇ ਖ਼ਤਰੇ ਕਾਰਨ ਯੂਕਰੇਨ ਵਿਚਲਾ ਅਮਰੀਕੀ ਦੂਤਾਵਾਸ ਬੰਦ

editor

ਕੈਨੇਡਾ ਨੇ ਭਾਰਤ ਜਾਣ ਵਾਲੀਆਂ ਉਡਾਣਾਂ ਲਈ ਹਵਾਈ ਅੱਡਿਆਂ ’ਤੇ ਸੁਰੱਖਿਆ ਵਧਾਈ

editor

ਅਤਿਵਾਦੀਆਂ ਦੇ ਹਮਲੇ ਵਿਚ ਘੱਟੋ-ਘੱਟ 12 ਸੁਰੱਖਿਆ ਕਰਮੀਆਂ ਦੀ ਮੌਤ

editor