ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ’ਚ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਪੁੱਟਣ ਦੇ ਦਿਸ਼ਾ ਨਿਰਦੇਸ਼ਾਂ ’ਤੇ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਬੁੱਧਵਾਰ ਨੂੰ ਇਸ ਦਿਸ਼ਾ ’ਚ ਸਾਰੇ ਪ੍ਰਮੁੱਖ ਵਿਭਾਗਾਂ ਦਰਮਿਆਨ ਤਾਲਮੇਲ ਤੇ ਸਹਿਯੋਗ ਦੇ ਸਿਧਾਂਤਾਂ ’ਤੇ ਅਧਾਰਤ ਬਹੁ-ਨੁਕਾਤੀ ਰਣਨੀਤੀ ਤਿਆਰ ਕਰਨ ਲਈ ਕਿਹਾ। ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਵਰਮਾ ਨੇ ਸੂਬੇ ’ਚ ਨਸ਼ਿਆਂ ਤੋਂ ਪ੍ਰਭਾਵਿਤ ਥਾਂਵਾਂ ਦੀ ਸ਼ਨਾਖ਼ਤ ਕਰਨ ਦੇ ਨਾਲ-ਨਾਲ ਸੂਬੇ ’ਚ ਪਾਬੰਦੀਸ਼ੁਦਾ ਦਵਾਈਆਂ ਵੇਚਣ ਵਾਲੇ ਕੈਮਿਸਟਾਂ ਵਿਰੁੱਧ ਸਖ਼ਤ ਕਾਰਵਾਈ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਸਿਹਤ ਵਿਭਾਗ ਨੂੰ ਨਵੀਂ ਭਰਤੀ ਤੇ ਪਦ-ਉੱਨਤੀਆਂ ਰਾਹੀਂ ਡਰੱਗ ਕੰਟਰੋਲਰਾਂ ਦੀ ਸਮਰੱਥਾ ਵਧਾਉਣ ਲਈ ਵੀ ਕਿਹਾ।
ਮੁੱਖ ਸਕੱਤਰ ਨੇ ਅੱਗੇ ਕਿਹਾ ਕਿ ਐਨ.ਡੀ.ਪੀ.ਐਸ ਐਕਟ ਨੂੰ ਪੂਰੀ ਮੁਸਤੈਦੀ ਤੇ ਤਨਦੇਹੀ ਨਾਲ ਲਾਗੂ ਕੀਤਾ ਜਾਵੇ ਅਤੇ ਨਸ਼ਾ ਤਸਕਰਾਂ ਨੂੰ ਮਿਸਾਲੀ ਸਜ਼ਾਵਾਂ ਦਿੱਤੀਆਂ ਜਾਣ ਅਤੇ ਉਨ੍ਹਾਂ ਦੀ ਜਾਇਦਾਦ ਜ਼ਬਤ ਕਰਨ ਨੂੰ ਵੀ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਐਨਸੀਓਆਰਡੀ ਦੀਆਂ ਮੀਟਿੰਗਾਂ ਸੂਬਾ ਅਤੇ ਜ਼ਿਲ੍ਹਾ ਪੱਧਰ ’ਤੇ ਨਿਰੰਤਰ ਹੋਣੀਆਂ ਚਾਹੀਦੀਆਂ ਹਨ।
ਅਨੁਰਾਗ ਵਰਮਾ ਨੇ ਸੂਬੇ ਵਿੱਚ ਖੇਡ ਗਤੀਵਿਧੀਆਂ ’ਚ ਵਾਧਾ ਕਰਕੇ ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਦੇਣ ’ਤੇ ਵੀ ਜ਼ੋਰ ਦਿੱਤਾ। ਮੁੱਖ ਸਕੱਤਰ ਨੂੰ ਜਾਣੂੰ ਕਰਵਾਇਆ ਗਿਆ ਕਿ ਨਵੀਂ ਖੇਡ ਨੀਤੀ ਤਹਿਤ 3-4 ਕਿਲੋਮੀਟਰ ਦੇ ਦਾਇਰੇ ਵਿੱਚ ਪੈਂਦੇ ਪਿੰਡਾਂ ਨੂੰ ਕਵਰ ਕਰਨ ਲਈ 1000 ਨਵੀਆਂ ਖੇਡ ਨਰਸਰੀਆਂ ਸਥਾਪਤ ਕਰਨ ਦੀ ਵਿਵਸਥਾ ਕੀਤੀ ਗਈ ਹੈ।
ਮੁੱਖ ਸਕੱਤਰ ਵਰਮਾ ਨੇ ਉਚੇਰੀ ਸਿੱਖਿਆ ਤੇ ਸਕੂਲ ਸਿੱਖਿਆ ਵਿਭਾਗਾਂ ਨੂੰ ਕਿਹਾ ਕਿ ਉਹ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂੰ ਕਰਾਉਣ ਤੇ ਉਨ੍ਹਾਂ ਨੂੰ ਸਿਹਤਮੰਦ ਜੀਵਨ ਜਿਉਣ ਲਈ ਪ੍ਰੇਰਨ ਲਈ ਵੀ ਕਿਹਾ।
ਮੀਟਿੰਗ ’ਚ ਵਿਸ਼ੇਸ਼ ਮੁੱਖ ਸਕੱਤਰ ਖੇਡਾਂ ਸਰਵਜੀਤ ਸਿੰਘ, ਵਿਸ਼ੇਸ਼ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਰਾਜੀ ਪੀ. ਸ੍ਰੀਵਾਸਤਵਾ, ਡੀ.ਜੀ.ਪੀ. ਗੌਰਵ ਯਾਦਵ, ਵਿਸ਼ੇਸ਼ ਡੀਜੀਪੀ (ਵਿਸ਼ੇਸ਼ ਟਾਸਕ ਫੋਰਸ) ਕੁਲਦੀਪ ਸਿੰਘ, ਸਕੱਤਰ ਸਿਹਤ ਅਜੋਏ ਸ਼ਰਮਾ, ਸਕੱਤਰ ਗ੍ਰਹਿ ਗੁਰਕੀਰਤ ਕ੍ਰਿਪਾਲ ਸਿੰਘ, ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਸਟ?ਰੇਸ਼ਨ ਅਭਿਨਵ ਤ੍ਰਿਖਾ, ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਿਨੈ ਬੁਬਲਾਨੀ, ਉਚਾਰੀ ਸਿੱਖਿਆ ਦੇ ਡਾਇਰੈਕਟਰ ਅੰਮ੍ਰਿਤ ਸਿੰਘ, ਏ.ਡੀ.ਜੀ.ਪੀ. (ਇੰਟੈਲੀਜੈਂਸ) ਆਰ.ਕੇ. ਜੈਸਵਾਲ, ਐਸ.ਸੀ.ਈ.ਆਰ.ਟੀ ਅਤੇ ਐਲੀਮੈਂਟਰੀ ਸਿੱਖਿਆ ਦੇ ਡਾਇਰੈਕਟਰ ਅਮਨਿੰਦਰ ਕੌਰ ਬਰਾੜ ਅਤੇ ਪੇਂਡੂ ਵਿਕਾਸ ਦੇ ਵਧੀਕ ਡਾਇਰੈਕਟਰ ਸੰਜੀਵ ਗਰਗ ਸ਼ਾਮਲ ਸਨ।
