ਚੰਡੀਗੜ੍ਹ – ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਹੀ ਗ਼ੈਰਕਾਨੂੰਨੀ ਖਣਨ ਦੇ ਮੁੱਦੇ ’ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖ਼ਿਲਾਫ਼ ਉੱਚ ਪੱਧਰੀ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ ਹਨ। ਚੋਣਾਂ ਦੌਰਾਨ ਪੜਤਾਲ ਦੇ ਇਨ੍ਹਾਂ ਹੁਕਮਾਂ ਨਾਲ ਨਵਾਂ ਵਿਵਾਦ ਛਿੜ ਗਿਆ ਹੈ। ਇਸ ਤੋਂ ਪਹਿਲਾਂ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ 18 ਜਨਵਰੀ ਨੂੰ ਚਰਨਜੀਤ ਸਿੰਘ ਦੇ ਚੰਨੀ ਦੇ ਕਰੀਬੀ ਰਿਸ਼ਤੇਦਾਰ ਸਮੇਤ ਹੋਰ ਕਈ ਥਾਵਾਂ ’ਤੇ ਛਾਪੇ ਮਾਰੇ ਗਏ ਸੀ।
ਰਾਜਪਾਲ ਨੇ 24 ਜਨਵਰੀ ਨੂੰ ‘ਆਪ’ ਦੇ ਮੰਗ ਪੱਤਰ ਦੇ ਹਵਾਲੇ ਨਾਲ ਗ਼ੈਰਕਾਨੂੰਨੀ ਖਣਨ ਦੇ ਮੁੱਦੇ ਨੂੰ ਲੈ ਕੇ ਡੀਜੀਪੀ ਵੀ ਕੇ ਭੰਵਰਾ ਨੂੰ ਉੱਚ ਪੱਧਰੀ ਜਾਂਚ ਕਰਨ ਦੀ ਹਦਾਇਤ ਕੀਤੀ ਹੈ। ਉਨ੍ਹਾਂ ਡੀਜੀਪੀ ਨੂੰ ਪੜਤਾਲ ਰਿਪੋਰਟ ਸੌਂਪਣ ਲਈ ਵੀ ਕਿਹਾ ਹੈ। ਚੇਤੇ ਰਹੇ ਕਿ ਆਮ ਆਦਮੀ ਪਾਰਟੀ ਦਾ ਇੱਕ ਵਫ਼ਦ ਪਾਰਟੀ ਦੇ ਸਹਿ ਇੰਚਾਰਜ ਰਾਘਵ ਚੱਢਾ ਦੀ ਅਗਵਾਈ ਵਿਚ 24 ਜਨਵਰੀ ਨੂੰ ਪੰਜਾਬ ਦੇ ਰਾਜਪਾਲ ਨੂੰ ਮਿਲਿਆ ਸੀ ਅਤੇ ਮੰਗ ਪੱਤਰ ਸੌਂਪ ਕੇ ਰੇਤ ਮਾਫ਼ੀਆ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਸੀ। ਵਫ਼ਦ ਨੇ ਮੰਗ ਪੱਤਰ ’ਚ ਰੇਤ ਮਾਫ਼ੀਆ ਦੇ ਮੁੱਦੇ ’ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖ਼ਿਲਾਫ਼ ਫ਼ੌਜਦਾਰੀ ਮੁਕੱਦਮਾ ਦਰਜ ਕਰਨ ਦੀ ਮੰਗ ਕੀਤੀ ਸੀ। ਮੰਗ ਪੱਤਰ ’ਚ ਈਡੀ ਵੱਲੋਂ ਮੁੱਖ ਮੰਤਰੀ ਦੇ ਰਿਸ਼ਤੇਦਾਰ ’ਤੇ ਮਾਰੇ ਗਏ ਛਾਪਿਆਂ ਅਤੇ 10 ਕਰੋੜ ਦੀ ਨਗਦੀ ਦਾ ਹਵਾਲਾ ਵੀ ਦਿੱਤਾ ਗਿਆ ਸੀ। ਉਂਜ ਮੁੱਖ ਮੰਤਰੀ ਅਤੇ ਕਾਂਗਰਸ ਨੇ ਕਿਹਾ ਹੈ ਕਿ ਇਹ ਛਾਪੇ ਬਦਲਾਖੋਰੀ ਤਹਿਤ ਮਾਰੇ ਗਏ ਹਨ। ਰਾਜਪਾਲ ਨੇ ‘ਆਪ’ ਦੇ ਮੰਗ ਪੱਤਰ ਦੇ ਹਵਾਲੇ ਨਾਲ ਡੀਜੀਪੀ ਨੂੰ ਪੱਤਰ ਭੇਜ ਕੇ ਕਿਹਾ ਹੈ ਕਿ ਇਸ ਮਾਮਲੇ ਦੀ ਉੱਚ ਪੱਧਰੀ ਪੜਤਾਲ ਕਰਕੇ ਰਿਪੋਰਟ ਸੌਂਪੀ ਜਾਵੇ। ਸਿਆਸੀ ਹਲਕੇ ਇਸ ਗੱਲੋਂ ਹੈਰਾਨ ਹਨ ਕਿ ਰਾਜਪਾਲ ਤਰਫ਼ੋਂ ਪੜਤਾਲ ਦੇ ਏਨੀ ਤੇਜ਼ੀ ਨਾਲ ਦਿੱਤੇ ਗਏ ਹੁਕਮਾਂ ਤੋਂ ਕਈ ਸ਼ੰਕੇ ਖੜ੍ਹੇ ਹੁੰਦੇ ਹਨ। ਕਾਂਗਰਸ ਹਾਈਕਮਾਨ ਤਰਫ਼ੋਂ ਮੁੱਖ ਮੰਤਰੀ ਅਹੁਦੇ ਦਾ ਚਿਹਰਾ ਐਲਾਨੇ ਜਾਣ ਤੋਂ ਪਹਿਲਾਂ ਇਸ ਤਰ੍ਹਾਂ ਦੀ ਪੜਤਾਲ ਦੇ ਹੁਕਮ ਜਾਰੀ ਹੋਣ ਨਾਲ ਸ਼ੱਕ ਹੋਰ ਵੀ ਡੂੰਘੇ ਹੋ ਜਾਂਦੇ ਹਨ।
ਰੇਤ ਮਾਫ਼ੀਆ ਖ਼ਿਲਾਫ਼ ਜਾਂਚ ਦੇ ਹੁਕਮਾਂ ਦਾ ‘ਆਪ’ ਵੱਲੋਂ ਸਵਾਗਤ
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪੰਜਾਬ ਦੇ ਰਾਜਪਾਲ ਵੱਲੋਂ ਰੇਤ ਮਾਫ਼ੀਆ ’ਚ ਮੁੱਖ ਮੰਤਰੀ ਚੰਨੀ ਦੀ ਕਥਿਤ ਸ਼ਮੂਲੀਅਤ ਦੀ ਜਾਂਚ ਲਈ ਡੀਜੀਪੀ ਨੂੰ ਦਿੱਤੇ ਹੁਕਮਾਂ ਦਾ ਸਵਾਗਤ ਕੀਤਾ ਹੈ। ‘ਆਪ’ ਪੰਜਾਬ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਰਾਜਪਾਲ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪ ਕੇ ਮੁੱਖ ਮੰਤਰੀ ਚੰਨੀ ਖ਼ਿਲਾਫ਼ ਜਾਂਚ ਦੀ ਮੰਗ ਕੀਤੀ ਸੀ। ਸ੍ਰੀ ਚੱਢਾ ਨੇ ਰਾਜਪਾਲ ਦਾ ‘ਆਪ’ ਦੀ ਮੰਗ ਨੂੰ ਮੰਨਣ ਲਈ ਧੰਨਵਾਦ ਕੀਤਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਪੰਜਾਬ ਪੁਲੀਸ ਇਸ ਮਾਮਲੇ ਦੀ ਨਿਰਪੱਖ ਅਤੇ ਸੁਤੰਤਰ ਜਾਂਚ ਕਰੇਗੀ ਅਤੇ ਦੋਸ਼ੀਆਂ ਨੂੰ ਸਜ਼ਾ ਦੇਵੇਗੀ। ਸ੍ਰੀ ਚੱਢਾ ਨੇ ਕਿਹਾ ਕਿ ਰਾਜਪਾਲ ਨੇ ਡੀਜੀਪੀ ਵੀਕੇ ਭਾਵਰਾ ਨੂੰ ਹੁਕਮ ਦਿੱਤੇ ਹਨ ਕਿ ਉਹ ਚੰਨੀ ਵਿਰੁੱਧ ਉਨ੍ਹਾਂ ਦੇ ਹਲਕੇ ਚਮਕੌਰ ਸਾਹਿਬ ਦੇ ਪਿੰਡ ਜਿੰਦਾਪੁਰ ’ਚ ਹੋ ਰਹੀ ਗੈਰ-ਕਾਨੂੰਨੀ ਮਾਈਨਿੰਗ ਦੀ ਉੱਚ ਪੱਧਰੀ ਜਾਂਚ ਕਰਨ ਅਤੇ ਪੂਰੇ ਮਾਮਲੇ ਦੀ ਰਿਪੋਰਟ ਉਨ੍ਹਾਂ ਨੂੰ ਸੌਂਪਣ। ‘ਆਪ’ ਆਗੂ ਨੇ ਡੀਜੀਪੀ ਅਤੇ ਪੰਜਾਬ ਪੁਲੀਸ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੇ ਸਿਆਸੀ ਦਬਾਅ ਹੇਠ ਨਾ ਆਉਣ।
ਚੋਣ ਕਮਿਸ਼ਨ ਹੁਕਮਾਂ ’ਤੇ ਰੋਕ ਲਾਵੇ: ਜਾਖੜ
ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਅਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਟਵੀਟ ਕਰਕੇ ਰਾਜਪਾਲ ਦੇ ਇਨ੍ਹਾਂ ਹੁਕਮਾਂ ’ਤੇ ਇਤਰਾਜ਼ ਜਤਾਇਆ ਹੈ। ਜਾਖੜ ਨੇ ਕਿਹਾ ਕਿ ਜ਼ਾਹਿਰਾ ਤੌਰ ’ਤੇ ਸੁਪਰੀਮ ਕੋਰਟ ਨੇ ਵੀ ਅੱਜ ਡਰੱਗ ਕੇਸ ਦਾ ਫ਼ੈਸਲਾ ਕਰਨ ਸਮੇਂ ਚੋਣ ਪ੍ਰਕਿਰਿਆ ਨੂੰ ਧਿਆਨ ਵਿਚ ਰੱਖਿਆ ਪ੍ਰੰਤੂ ਰਾਜਪਾਲ ਨੇ ਮੁੱਖ ਮੰਤਰੀ ਖ਼ਿਲਾਫ਼ ਪੜਤਾਲ ਦੇ ਹੁਕਮ ਜਾਰੀ ਕਰਨ ਲਈ ਚੋਣਾਂ ਦੇ ਸਮੇਂ ਨੂੰ ਚੁਣਿਆ ਹੈ। ਉਨ੍ਹਾਂ ਕਿਹਾ ਕਿ ਪੜਤਾਲ ਕੀਤੇ ਜਾਣ ’ਤੇ ਕੋਈ ਇਤਰਾਜ਼ ਨਹੀਂ ਹੈ ਪ੍ਰੰਤੂ ਚੋਣਾਂ ਮੌਕੇ ਪੜਤਾਲ ਦੀ ਟਾਈਮਿੰਗ ਗ਼ਲਤ ਹੈ। ਜਾਖੜ ਨੇ ਕਿਹਾ ਕਿ ਸੰਵਿਧਾਨਕ ਮਰਿਆਦਾ ਦੀ ਉਲੰਘਣਾ ਕਰਕੇ ਸੰਘਵਾਦ ਨੂੰ ਢਾਹ ਲਾਈ ਜਾ ਰਹੀ ਹੈ। ਉਨ੍ਹਾਂ ਚੋਣ ਕਮਿਸ਼ਨ ਤੋਂ ਮੰਗ ਕੀਤੀ ਕਿ ਇਨ੍ਹਾਂ ਹੁਕਮਾਂ ਦੇ ਅਮਲ ’ਤੇ ਰੋਕ ਲਾਈ ਜਾਵੇ।