ਚੰਡੀਗੜ੍ਹ – ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਗੁਰਦਾਸਪੁਰ-ਪਠਾਨਕੋਟ ਖੇਤਰ ਵਿਚ ਪਾਕਿਸਤਾਨ ਨਾਲ ਲੱਗਦੀ ਕੌਮਾਂਤਰੀ ਸਰਹੱਦ ‘ਤੇ ਗੈਰ-ਕਾਨੂੰਨੀ ਮਾਈਨਿੰਗ ਕਾਰਨ ਪੈਦਾ ਹੋਣ ਵਾਲੇ ਸੁਰੱਖਿਆ ਸਬੰਧੀ ਖਤਰਿਆਂ ਦੀ ਚਿਤਾਵਨੀ ਦਿੱਤੀ ਹੈ, ਜਿਸਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਬੀਐੱਸਐੱਫ ਨੇ ਖ਼ੁਲਾਸਾ ਕੀਤਾ ਹੈ।
ਬੀਐੱਸਐੱਫ ਵੱਲੋਂ ਹਾਈ ਕੋਰਟ ਵਿੱਚ ਕੀਤੇ ਗਏ ਖੁਲਾਸਿਆਂ ‘ਤੇ ਪ੍ਰਤੀਕਰਮ ਦਿੰਦਿਆਂ ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਇਸ ਨਾਲ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਅੱਖਾਂ ਅਤੇ ਕੰਨ ਖੋਲ੍ਹਣੇ ਚਾਹੀਦੇ ਹਨ, ਜੋ ਇਹ ਦਾਅਵਾ ਕਰ ਰਹੀ ਹੈ ਕਿ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕ ਦਿੱਤਾ ਗਿਆ ਹੈ, ਜਦੋਂ ਕਿ ਇਹ ਅਸਲ ਵਿੱਚ ਨਹੀਂ ਹੋਇਆ।
ਉਨ੍ਹਾਂ ਕਿਹਾ ਕਿ ਇਹ ਮਸਲਾ ਸਿਰਫ਼ ਗ਼ੈਰ-ਕਾਨੂੰਨੀ ਮਾਈਨਿੰਗ ਕਰਕੇ ਸੂਬੇ ਦੇ ਵਸੀਲਿਆਂ ਦੀ ਲੁੱਟ ਤੇ ਵਾਤਾਵਰਨ ਨੂੰ ਭਾਰੀ ਨੁਕਸਾਨ ਪਹੁੰਚਾਉਣ ਦਾ ਨਹੀਂ ਹੈ, ਸਗੋਂ ਇਹ ਕੌਮੀ ਸੁਰੱਖਿਆ ਦਾ ਮਸਲਾ ਹੈ, ਜਿਸ ਦਾ ਜ਼ਿਕਰ ਬੀਐੱਸਐੱਫ ਨੇ ਕੀਤਾ ਹੈ, ਪਰ ‘ਆਪ’ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ, ਜਿਸ ਤੋਂ ਪਤਾ ਲੱਗਦਾ ਹੈ ਕਿ ਰਾਸ਼ਟਰੀ ਸੁਰੱਖਿਆ ਦੇ ਮਾਮਲਿਆਂ ‘ਚ ਉਨ੍ਹਾਂ ਦੇ ਤਜ਼ਰਬੇ ਅਤੇ ਯੋਗਤਾ ਦੀ ਘਾਟ ਹੈ।
ਸੂਬਾ ਕਾਂਗਰਸ ਪ੍ਰਧਾਨ ਨੇ ਜ਼ੋਰ ਦੇ ਕੇ ਕਿਹਾ ਕਿ ਇਕ ਪਾਸੇ ‘ਆਪ’ ਸਰਕਾਰ ਪਿਛਲੀਆਂ ਸਰਕਾਰਾਂ ਦੌਰਾਨ ਹੋਏ ਗੈਰ-ਕਾਨੂੰਨੀ ਮਾਈਨਿੰਗ ਘੁਟਾਲਿਆਂ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕਰ ਰਹੀ ਹੈ, ਦੂਜੇ ਪਾਸੇ ਇਸਦੇ ਆਪਣੇ ਹੀ ਨੱਕ ਹੇਠ ਨਾਜਾਇਜ਼ ਮਾਈਨਿੰਗ ਹੋ ਰਹੀ ਹੈ।
ਉਨ੍ਹਾਂ ‘ਆਪ’ ਸਰਕਾਰ ਨੂੰ ਕਿਹਾ ਕਿ ਪਿਛਲੇ ਸਮੇਂ ਦੌਰਾਨ ਹੋਈ ਮਾਈਨਿੰਗ ਦੀ ਜਾਂਚ ਕਰਨ ਤੋਂ ਤੁਹਾਨੂੰ ਕੋਈ ਨਹੀਂ ਰੋਕਦਾ ਅਤੇ ਜੇਕਰ ਕੋਈ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸਨੂੰ ਫਾਂਸੀ ਦਿਓ ਪਰ ਘੱਟੋ-ਘੱਟ ਆਪਣੀ ਗੱਲ ‘ਤੇ ਕਾਇਮ ਰਹੋ। ਸਰਕਾਰ ਵੱਲੋਂ ਕੀਤੇ ਜਾ ਰਹੇ ਦਾਅਵਿਆਂ ਦੇ ਉਲਟ ਰੇਤ ਦੀ ਨਾਜਾਇਜ਼ ਮਾਈਨਿੰਗ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀ ਹੈ।
ਉਨ੍ਹਾਂ ਚੇਤਾਵਨੀ ਦਿੱਤੀ ਕਿ ਪੰਜਾਬ ਕੌਮੀ ਸੁਰੱਖਿਆ ਪ੍ਰਤੀ ਅਜਿਹੀ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕਰ ਸਕਦਾ। ਬੀਐੱਸਐੱਫ ਦੀ ਚਿਤਾਵਨੀ ਨੂੰ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ ਅਤੇ ਸੂਬਾ ਸਰਕਾਰ ਨੂੰ ਸਾਰੇ ਲੋੜੀਂਦੇ ਕਦਮ ਚੁੱਕਣੇ ਚਾਹੀਦੇ ਹਨ। ਬੀ ਐੱਸ ਐਫ ਨੂੰ ਸਾਨੂੰ ਕਾਰਵਾਈ ਕਰਨ ਲਈ ਕਹਿਣ ਦੀ ਕੀ ਲੋੜ ਹੈ? ਇਹ ਸੂਬੇ ਅਤੇ ਇਸਦੀ ਸਰਕਾਰ ਲਈ ਉਚਿਤ ਨਹੀਂ ਹੈ।