ਨਵੀਂ ਦਿੱਲੀ – ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਵਿਖੇ ਕੀਮੋਥੈਰੇਪੀ ਸੈਂਟਰ ਦੀ ਸ਼ੁਰੂਆਤ ਕੀਤੀ ਗਈ, ਜਿਸ ਵਿਚ ਕੈਂਸਰ ਮਰੀਜ਼ਾਂ ਦੀ ਬਹੁਤ ਘੱਟ ਕੀਮਤਾਂ ’ਤੇ ਕੀਮੋਥੈਰੇਪੀ ਕੀਤੀ ਜਾਵੇਗੀ। ਸਨ ਫਾਊਂਡੇਸ਼ਨ ਦੇ ਮੁਖੀ ਪਦਮਸ਼੍ਰੀ ਵਿਕਰਮਜੀਤ ਸਿੰਘ ਸਾਹਨੀ ਨੇ ਵਿਸ਼ੇਸ਼ ਤੌਰ ’ਤੇ ਪੁੱਜ ਕੇ ਇਸ ਦਾ ਉਦਘਾਟਨ ਕੀਤਾ ਅਤੇ ਸੈਂਟਰ ਨੂੰ ਹਰ ਸੰਭਵ ਮਦਦ ਦੇਣ ਦੀ ਗੱਲ ਕੀਤੀ।
ਗੁਰਦੁਆਰਾ ਸਾਹਿਬ ਦੇ ਪ੍ਰਧਾਨ ਹਰਮਨਜੀਤ ਸਿੰਘ ਨੇ ਕਿਹਾ ਉਨ੍ਹਾਂ ਦਾ ਸੁਪਨਾ ਸੀ ਕਿ ਕੈਂਸਰ ਨਾਲ ਪੀੜ੍ਹਤ ਮਰੀਜ਼ਾਂ ਨੂੰ ਗੁਰਦੁਆਰਾ ਸਾਹਿਬ ਵਿੱਖੇ ਇਲਾਜ ਦੀ ਸੁਵਿਧਾ ਮੁਹੱਈਆ ਕਰਾਈ ਜਾਵੇ। ਇਸ ਤੋਂ ਪਹਿਲਾਂ ਸੰਗਤਾਂ ਨੂੰ ਡਾਇਲਸਿਸ ਸੈਂਟਰ, ਦਵਾਈਆਂ ਦਾ ਮੋਦੀਖਾਨਾ ਆਦਿ ਵਰਗੀਆਂ ਕਈ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਹੁਣ ਇਹ 8 ਬੈੱਡ ਵਾਲਾ ਸੈਂਟਰ ਵੀ ਖੋਲ੍ਹਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਡਾ: ਮਨਦੀਪ ਸਿੰਘ ਜੀ ਜੋ ਕਿ ਕੈਂਸਰ ਮਾਹਿਰ ਡਾਕਟਰਾਂ ਦੀ ਸ਼੍ਰੇਣੀ ਵਿੱਚ ਆਉਂਦੇ ਹਨ, ਰਾਜੌਰੀ ਗਾਰਡਨ ਗੁਰਦੁਆਰਾ ਸਾਹਿਬ ਵਿਖੇ ਕੀਮੋਥੈਰੇਪੀ ਸੈਂਟਰ ਵਿੱਚ ਮਰੀਜ਼ਾਂ ਦਾ ਇਲਾਜ ਕਰਨਗੇ। ਸ. ਹਰਮਨਜੀਤ ਸਿੰਘ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਕਮੇਟੀ ਵੱਲੋਂ ਬਹੁਤ ਜਲਦ ਮਿੰਨੀ ਹਸਪਤਾਲ ਸ਼ੁਰੂ ਕਰਨ ਦੀ ਯੋਜਨਾ ਵੀ ਬਣਾਈ ਜਾ ਰਹੀ ਹੈ, ਜੇਕਰ ਗੁਰੂ ਮਹਾਰਾਜ ਨੇ ਚਾਹਿਆ ਤਾਂ ਆਉਣ ਵਾਲੇ ਸਮੇਂ ਵਿਚ ਇਸ ਨੂੰ ਵੀ ਸ਼ੁਰੂ ਕਰ ਦਿੱਤਾ ਜਾਵੇਗਾ ਅਤੇ ਸੰਗਤਾਂ ਦੀ ਸੇਵਾ ਵਿਚ ਸਮਰਪਿਤ ਕਰ ਦਿੱਤਾ ਜਾਵੇਗਾ।
ਗੁਰੂ ਮਹਾਰਾਜ ਅੱਗੇ ਅਰਦਾਸ ਕਰਨ ਉਪਰੰਤ ਕੀਮੋਥੈਰੇਪੀ ਸੈਂਟਰ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਪਦਮਸ੍ਰੀ ਵਿਕਰਮਜੀਤ ਸਿੰਘ ਸਾਹਨੀ, ਗੁਰਦੁਆਰਾ ਸਾਹਿਬ ਦੇ ਪ੍ਰਧਾਨ ਹਰਮਨਜੀਤ ਸਿੰਘ ਤੋਂ ਇਲਾਵਾ ਹਰਬਸਨ ਸਿੰਘ ਭਾਟੀਆ, ਹਰਿੰਦਰ ਸਿੰਘ, ਪ੍ਰੀਤ ਪ੍ਰਤਾਪ ਸਿੰਘ, ਸਤਨਾਮ ਸਿੰਘ ਬਜਾਜ, ਤਜਿੰਦਰ ਸਿੰਘ ਗੋਇਆ, ਐਨ.ਐਚ.ਭਾਟੀਆ, ਸੁੰਦਰ ਸਿੰਘ ਨਾਰੰਗ ਅਤੇ ਹੋਰ ਵੀ ਕਈ ਪਤਵੰਤੇ ਹਾਜ਼ਰ ਸਨ।
