ਵਾਸ਼ਿੰਗਟਨ – ਰੂਸ-ਯੂਕਰੇਨ ਯੁੱਧ ਦੇ ਵਿਚਕਾਰ ਅਮਰੀਕੀ ਖਜ਼ਾਨਾ ਵਿਭਾਗ ਦੇ ਉੱਚ ਅਧਿਕਾਰੀ ਅਗਲੇ ਹਫਤੇ ਭਾਰਤ ਦਾ ਦੌਰਾ ਕਰਨਗੇ। ਰੂਸ ਅਤੇ ਯੂਕਰੇਨ ਵਿਚਾਲੇ ਜੰਗ ਸ਼ੁਰੂ ਹੋਣ ਤੋਂ ਬਾਅਦ ਅਮਰੀਕੀ ਖਜ਼ਾਨਾ ਅਧਿਕਾਰੀ ਭਾਰਤ ਦੀ ਪਹਿਲੀ ਸਰਕਾਰੀ ਯਾਤਰਾ ‘ਤੇ ਹੋਣਗੇ। ਅਜਿਹੇ ‘ਚ ਪੂਰੀ ਦੁਨੀਆ ਦੀਆਂ ਨਜ਼ਰਾਂ ਇਸ ਯਾਤਰਾ ‘ਤੇ ਹੋਣਗੀਆਂ। ਅਮਰੀਕੀ ਅਧਿਕਾਰੀ ਮਜ਼ਬੂਤ ਦੁਵੱਲੇ ਆਰਥਿਕ ਸਬੰਧਾਂ ਨੂੰ ਵਧਾਉਣ, ਊਰਜਾ ਸੁਰੱਖਿਆ ਸਹਿਯੋਗ ਨੂੰ ਮਜ਼ਬੂਤ ਕਰਨ ਅਤੇ ਹਿੰਦ-ਪ੍ਰਸ਼ਾਂਤ ਖੇਤਰ ਵਿੱਚ ਸੁਰੱਖਿਆ ਯਕੀਨੀ ਬਣਾਉਣ ਲਈ ਚੋਟੀ ਦੇ ਭਾਰਤੀ ਅਧਿਕਾਰੀਆਂ ਨਾਲ ਗੱਲਬਾਤ ਕਰਨਗੇ।
ਅਮਰੀਕੀ ਖਜ਼ਾਨਾ ਵਿਭਾਗ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿੱਚ ਕਿਹਾ ਕਿ ਵਿੱਤ ਵਿਭਾਗ ਦੇ ਉਪ ਸਕੱਤਰ ਵੈਲੀ ਅਡੇਮੋ 24-25 ਅਗਸਤ ਨੂੰ ਮੁੰਬਈ ਅਤੇ 26 ਅਗਸਤ ਨੂੰ ਨਵੀਂ ਦਿੱਲੀ ਵਿੱਚ ਮੀਟਿੰਗਾਂ ਅਤੇ ਸਮਾਗਮਾਂ ਦੀ ਲੜੀ ਵਿੱਚ ਸ਼ਾਮਲ ਹੋਣਗੇ। ਬਿਆਨ ਵਿੱਚ ਕਿਹਾ ਗਿਆ ਹੈ ਕਿ ਆਪਣੀ ਯਾਤਰਾ ਦੌਰਾਨ, ਅਮਰੀਕੀ ਅਧਿਕਾਰੀ ਅਡੇਮੋ ਅਮਰੀਕਾ-ਭਾਰਤ ਸਬੰਧਾਂ ਨੂੰ ਹੋਰ ਮਜ਼ਬੂਤ ਕਰੇਗਾ ਅਤੇ ਇੱਕ ਸੁਰੱਖਿਅਤ ਅਤੇ ਖੁਸ਼ਹਾਲ ਇੰਡੋ-ਪੈਸੀਫਿਕ ਖੇਤਰ ਲਈ ਅਮਰੀਕਾ ਦੀ ਸਾਂਝੀ ਵਚਨਬੱਧਤਾ ਦੀ ਪੁਸ਼ਟੀ ਕਰੇਗਾ। ਇਸ ਦੇ ਨਾਲ ਹੀ ਉਹ ਦੋਹਾਂ ਦੇਸ਼ਾਂ ਦੇ ਡੂੰਘੇ ਆਰਥਿਕ, ਸੁਰੱਖਿਆ ਅਤੇ ਸੱਭਿਆਚਾਰਕ ਸਬੰਧਾਂ ‘ਤੇ ਵੀ ਚਰਚਾ ਕਰਨਗੇ।
ਜ਼ਿਕਰਯੋਗ ਹੈ ਕਿ ਸਾਲ 2023 ਵਿੱਚ ਭਾਰਤ ਜੀ-20 ਦੀ ਅਗਵਾਈ ਕਰੇਗਾ। ਅਜਿਹੇ ‘ਚ ਅਮਰੀਕੀ ਅਧਿਕਾਰੀ ਦਾ ਭਾਰਤ ਦੌਰਾ ਕਾਫੀ ਅਹਿਮ ਹੋਣ ਜਾ ਰਿਹਾ ਹੈ। ਉਹ ਭਾਰਤੀ ਅਧਿਕਾਰੀਆਂ ਨਾਲ ਪ੍ਰਮੁੱਖ ਸਾਂਝੀਆਂ ਤਰਜੀਹਾਂ ਜਿਵੇਂ ਕਿ ਊਰਜਾ ਸੁਰੱਖਿਆ ਨੂੰ ਮਜ਼ਬੂਤ ਕਰਨ, ਵਿਸ਼ਵ ਪੱਧਰ ‘ਤੇ ਭੋਜਨ ਅਸੁਰੱਖਿਆ ਸੰਕਟ ਨੂੰ ਹੱਲ ਕਰਨ ਅਤੇ ਗੈਰ-ਕਾਨੂੰਨੀ ਵਿੱਤੀ ਪ੍ਰਵਾਹ ਦਾ ਮੁਕਾਬਲਾ ਕਰਨ ਬਾਰੇ ਵੀ ਚਰਚਾ ਕਰਨਗੇ।
ਜਾਣਕਾਰੀ ਮੁਤਾਬਕ ਅਮਰੀਕੀ ਉਪ ਮੰਤਰੀ 24 ਅਤੇ 25 ਅਗਸਤ ਨੂੰ ਮੁੰਬਈ ‘ਚ ਆਪਣੇ ਹਮਰੁਤਬਾ ਅਧਿਕਾਰੀਆਂ ਨਾਲ ਮੁਲਾਕਾਤ ਕਰਨਗੇ। ਉਹ ਵਿੱਤੀ ਸੇਵਾਵਾਂ ਅਤੇ ਊਰਜਾ ਖੇਤਰਾਂ ਦੇ ਅਧਿਕਾਰੀਆਂ ਨਾਲ ਵੀ ਮੀਟਿੰਗਾਂ ਕਰਨਗੇ। ਇਸ ਦੌਰਾਨ ਉਹ ਆਈਆਈਟੀ ਮੁੰਬਈ ਦੀ ਸੋਸਾਇਟੀ ਫਾਰ ਇਨੋਵੇਸ਼ਨ ਐਂਡ ਐਂਟਰਪ੍ਰਨਿਓਰਸ਼ਿਪ ਸਟਾਰਟ-ਅੱਪ ਇਨਕਿਊਬੇਟਰ ਦਾ ਵੀ ਦੌਰਾ ਕਰਨਗੇ, ਜਿੱਥੇ ਉਹ ਵਿਦਿਆਰਥੀਆਂ ਅਤੇ ਉੱਦਮੀਆਂ ਨਾਲ ਮੁਲਾਕਾਤ ਕਰਨਗੇ ਅਤੇ ਅਮਰੀਕਾ-ਭਾਰਤ ਆਰਥਿਕ ਸਬੰਧਾਂ ਨੂੰ ਮਜ਼ਬੂਤ ਕਰਨ ‘ਤੇ ਧਿਆਨ ਕੇਂਦਰਿਤ ਕਰਨ ‘ਤੇ ਚਰਚਾ ਕਰਨਗੇ। ਇਸ ਤੋਂ ਬਾਅਦ ਉਹ 26 ਅਗਸਤ ਨੂੰ ਦਿੱਲੀ ਵਿੱਚ ਆਪਣੇ ਹਮਰੁਤਬਾ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ।
ਜ਼ਿਕਰਯੋਗ ਹੈ ਕਿ 24 ਫਰਵਰੀ ਨੂੰ ਯੂਕਰੇਨ ‘ਚ ਰੂਸ ਦੀ ਫੌਜੀ ਕਾਰਵਾਈ ਤੋਂ ਬਾਅਦ ਅਮਰੀਕਾ ਅਤੇ ਪੱਛਮੀ ਦੇਸ਼ਾਂ ਨੇ ਰੂਸ ‘ਤੇ ਕਈ ਪਾਬੰਦੀਆਂ ਲਗਾ ਦਿੱਤੀਆਂ ਹਨ। ਪੱਛਮੀ ਦੇਸ਼ਾਂ ਵੱਲੋਂ ਰੂਸ ‘ਤੇ ਲਾਈਆਂ ਗਈਆਂ ਪਾਬੰਦੀਆਂ ਦੇ ਬਾਵਜੂਦ ਭਾਰਤ ਨੇ ਰੂਸ ਤੋਂ ਤੇਲ ਦੀ ਦਰਾਮਦ ਵਧਾ ਦਿੱਤੀ ਹੈ ਅਤੇ ਵਪਾਰ ਜਾਰੀ ਰੱਖਿਆ ਹੈ।
