Punjab

ਲੁਧਿਆਣਾ ‘ਚ ਸੁਖਪਾਲ ਖਹਿਰਾ ਨੇ ਕਿਹਾ- …ਤਾਂ ਜਾਵਾਂਗੇ ਸੁਪਰੀਮ ਕੋਰਟ

ਲੁਧਿਆਣਾ – ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੂਬਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਸਰਗਰਮ ਨਜ਼ਰ ਆ ਰਹੇ ਹਨ। ਇਸੇ ਤਹਿਤ ਉਨ੍ਹਾਂ ਵੱਲੋਂ ਮੰਗਲਵਾਰ ਨੂੰ ਮੌਜੂਦਾ ਤੇ ਸਾਬਕਾ ਵਿਧਾਇਕਾਂ ਨਾਲ ਲੁਧਿਆਣਾ ਵਿਖੇ ਇਕ ਗੁਪਤ ਮੀਟਿੰਗ ਕੀਤੀ ਗਈ।

ਮੀਟਿੰਗ ‘ਚ ਸ਼ਾਮਲ ਹੋਣ ਲਈ ਲੁਧਿਆਣਾ ਪੁੱਜੇ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਮੀਟਿੰਗ ਭਾਵੇਂ ਹਾਰ ਦੇ ਕਾਰਨਾਂ ਦੀ ਪੜਚੋਲ ਕਰਨ ਲਈ ਕੀਤੀ ਗਈ ਹੈ, ਪਰ ਮੁੱਖ ਮੁੱਦਾ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਚੰਡੀਗੜ੍ਹ ਤੋਂ ਪੰਜਾਬ ਸਰਵਿਸਜ਼ ਰੂਲਜ਼ ਖ਼ਤਮ ਕਰ ਕੇ ਕੇਂਦਰੀ ਸਰਵਿਸ ਰੂਲਜ਼ ਲਾਗੂ ਕਰ ਕੇ ਚੰਡੀਗੜ੍ਹ ਨੂੰ ਪੰਜਾਬ ਤੋਂ ਖੋਹਣ ਦੀ ਸਾਜ਼ਿਸ਼ ਨੂੰ ਬੇਨਕਾਬ ਕਰਨਾ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਸੀ ਅਤੇ ਹਮੇਸ਼ਾ ਪੰਜਾਬ ਦਾ ਹੀ ਰਹੇਗਾ। ਇਸ ਉਪਰ ਹਰਿਆਣਾ ਜਾਂ ਹਿਮਾਚਲ ਦਾ ਕੋਈ ਵੀ ਹੱਕ ਨਹੀਂ ਹੈ। ਖਹਿਰਾ ਨੇ ਕਿਹਾ ਕਿ 1985 ਵਿਚ ਰਾਜੀਵ ਲੌਂਗੋਵਾਲ ਸਮਝੌਤੇ ਦੌਰਾਨ ਕਲਾਜ਼ ਸੱਤ ਤਹਿਤ ਚੰਡੀਗੜ੍ਹ ਪੰਜਾਬ ‘ਚ ਟਰਾਂਸਫਰ ਕਰਨਾ ਤੈਅ ਸੀ। ਪਰ ਭਾਜਪਾ ਸਿਆਸੀ ਬਦਲਾਖੋਰੀ ਤਹਿਤ ਚੰਡੀਗੜ੍ਹ ਨੂੰ ਹਥਿਆਉਣ ਲਈ ਨਵੀਆਂ ਚਾਲਾਂ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਇਹ ਤਰਕ ਦਿੰਦੀ ਹੈ ਕਿ ਚੰਡੀਗੜ੍ਹ ਵਿਚ ਕੇਂਦਰੀ ਸਰਵਿਸਜ਼ ਰੂਲਜ਼ ਕਰਮਚਾਰੀਆਂ ਦੀ ਭਲਾਈ ਲਈ ਲਾਗੂ ਕੀਤਾ ਗਿਆ ਹੈ, ਜਦ ਕਿ ਸੱਚ ਇਹ ਹੈ ਕਿ ਚੰਡੀਗੜ੍ਹ ਯੂਟੀ ਹੈ ਤੇ ਜੇਕਰ ਕੇਂਦਰ ਦੀ ਮਨਸ਼ਾ ਕਰਮਚਾਰੀਆਂ ਦਾ ਫ਼ਾਇਦਾ ਸੋਚਣਾ ਹੀ ਹੈ ਤਾਂ ਫਿਰ ਯੂਟੀ ਅਧੀਨ ਆਉਂਦੇ ਕਰਮਚਾਰੀਆਂ ਦੇ ਹਿਤਾਂ ਦੀ ਪੂਰਤੀ ਕੀਤੀ ਜਾ ਸਕਦੀ ਸੀ, ਪਰ ਭਾਜਪਾ ਨੇ ਆਪਣਾ ਪੰਜਾਬ ਵਿਰੋਧੀ ਰਵੱਈਆ ਜਾਰੀ ਰੱਖਦਿਆਂ ਇਹ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਇਸ ਫ਼ੈਸਲੇ ਦਾ ਡੱਟ ਕੇ ਵਿਰੋਧੀ ਕਰੇਗੀ, ਇਸ ਲਈ ਸੰਸਦ ਸਾਹਮਣੇ ਰੋਸ ਮੁਜ਼ਾਹਰਾ ਕਰ ਕੇ ਪੰਜਾਬ ਦੇ ਹਿੱਤਾਂ ਦੀ ਆਵਾਜ਼ ਬੁਲੰਦ ਕੀਤੀ ਜਾਵੇਗੀ ਤੇ ਲੋੜ ਪੈਣ ‘ਤੇ ਇਸ ਮਾਮਲੇ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਵੀ ਦਿੱਤੀ ਜਾਵੇਗੀ।

Related posts

‘ਟੁੱਟੀ ਗੰਢੀ’ ਦੇ ਪਵਿੱਤਰ ਦਿਹਾੜੇ ਮੌਕੇ ਆਓ ਇਕੱਠੇ ਹੋਕੇ ‘ਰੰਗਲੇ ਪੰਜਾਬ’ ਦੀ ਸਿਰਜਣਾ ਕਰੀਏ – ਬੀਬੀ ਮਾਣੂੰਕੇ

admin

ਅਕਾਲ ਤਖ਼ਤ ਸਰਵ-ਉੱਚ ਹੈ, ਮੈਂ ਨਿਮਾਣੇ ਸ਼ਰਧਾਲੂ ਸਿੱਖ ਵਜੋਂ ਪੇਸ਼ ਹੋਵਾਂਗਾ : ਮੁੱਖ-ਮੰਤਰੀ ਭਗਵੰਤ ਸਿੰਘ ਮਾਨ

admin

‘ਆਪ ਸਰਕਾਰ ‘ਸਾਮ, ਦਾਮ, ਦੰਡ, ਭੇਦ’ ਨੀਤੀ ਅਧੀਨ ਸੁਖਬੀਰ ਬਾਦਲ ਨੂੰ ਕਿਸੇ ਵੀ ਝੂਠੇ ਮਾਮਲੇ ਵਿੱਚ ਫਸਾਉਣ ਚਾਹੁੰਦੀ : ਸ਼੍ਰੋਮਣੀ ਅਕਾਲੀ ਦਲ

admin