ਸ੍ਰੀ ਮੁਕਤਸਰ ਸਾਹਿਬ – ਚਾਲੀ ਮੁਕਤਿਆਂ ਦੀ ਯਾਦ ਨੂੰ ਸਮਰਪਿਤ ਮੇਲਾ ਮਾਘੀ ’ਤੇ ਅੱਜ ਇਤਿਹਾਸਿਕ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਲੱਖਾਂ ਸ਼ਰਧਾਲੂ ਨਤਮਸਤਕ ਹੋਣਗੇ ਤੇ ਗੁਰਦੁਆਰਾ ਸਾਹਿਬ ’ਚ ਬਣੇ ਪਵਿੱਤਰ ਸਰੋਵਰ ’ਚ ਸ਼ਰਧਾਲੂ ਇਸ਼ਨਾਨ ਕਰਕੇ ਆਪਣਾ ਜੀਵਨ ਸਫ਼ਲ ਕਰਨਗੇ। ਸ੍ਰੀ ਮੁਕਤਸਰ ਸਾਹਿਬ ਨੂੰ ਪਹਿਲਾਂ ਖਿਦਰਾਣੇ ਦੀ ਢਾਬ ਨਾਲ ਜਾਣਿਆਂ ਜਾਂਦਾ ਸੀ ਤੇ ਇਸ ਅਸਥਾਨ ’ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਮੁਗ਼ਲਾਂ ਨਾਲ ਆਖਰੀ ਜੰਗ ਹੋਈ ਸੀ। ਗੁਰਦੁਆਰਾ ਟੁੱਟੀ ਗੰਢੀ ਸਾਹਿਬ ਉਹ ਅਸਥਾਨ ਹੈ ਜਿੱਥੇ ਸ੍ਰੀ ਗੁੁਰੂ ਗੋਬਿੰਦ ਸਿੰਘ ਜੀ ਨੇ ਚਾਲੀ ਸਿੰਘਾਂ ਵੱਲੋਂ ਦਿੱਤਾ ਬੇਦਾਵਾ ਪਾੜ ਕੇ ਟੁੱਟੀ ਗੰਢੀ ਸੀ, ਜਿਸ ਕਰਕੇ ਇਸਦਾ ਨਾਮ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਪੈ ਗਿਆ। ਖਿਦਰਾਣੇ ਦੀ ਢਾਬ ਨੂੰ ਗੁਰੂ ਜੀ ਨੇ ਮੁਕਤੀਸਰ ਦਾ ਨਾਮ ਦਿੱਤਾ ਜਿਸਤੋਂ ਬਾਅਦ ਇਸਨੂੰ ਮੁਕਤਸਰ ਦੇ ਨਾਂ ਨਾਲ ਜਾਣਿਆ ਜਾਣ ਲੱਗਾ ਤੇ ਹੁਣ ਸ੍ਰੀ ਮੁਕਤਸਰ ਸਾਹਿਬ ਦੇ ਨਾਮ ਨਾਲ ਜਾਣਿਆਂ ਜਾਂਦਾ ਹੈ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨਛੋਹ ਪਵਿੱਤਰ ਧਰਤੀ ਸ੍ਰੀ ਮੁਕਤਸਰ ਸਾਹਿਬ ਵਿਖੇ ਹਰ ਸਾਲ ਮੇਲਾ ਮਾਘੀ ’ਤੇ ਦੇਸ਼ਾਂ ਵਿਦੇਸ਼ਾਂ ਤੋਂ ਸੰਗਤਾਂ ਜਿੱਥੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਨਤਮਸਤਕ ਹੁੰਦੀਆਂ ਹਨ ਉੱਥੇ ਹੀ ਚਾਲੀ ਸਿੰਘਾਂ ਦੀ ਸ਼ਹੀਦੀ ਨੂੰ ਵੀ ਸਿਜਦਾ ਕਰਦੀਆਂ ਹਨ। ਚਾਲੀ ਮੁਕਤਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲਾ ਮਾਘੀ ਨੂੰ ਲੈ ਕੇ ਸ੍ਰੀ ਦਰਬਾਰ ਸਾਹਿਬ ਵਿਖੇ ਸਮਾਗਮ ਆਰੰਭ ਹਨ। ਧਾਰਮਿਕ ਸਮਾਗਮਾਂ ਤਹਿਤ 12 ਜਨਵਰੀ ਤੋਂ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹਨ ਜਿਨ੍ਹਾਂ ਦੇ ਭੋਗ 14 ਜਨਵਰੀ ਨੂੰ ਮਾਘੀ ਵਾਲੇ ਦਿਨ ਸਵੇਰੇ 6:30 ਵਜੇ ਪੈਣਗੇ। 13 ਤੇ 14 ਜਨਵਰੀ ਨੂੰ ਭਾਈ ਮਹਾਂ ਸਿੰਘ ਦੀਵਾਨ ਹਾਲ ’ਚ ਧਾਰਮਿਕ ਦੀਵਾਨ ਸਜਣਗੇ। 15 ਜਨਵਰੀ ਨੂੰ ਗੁਰਦੁਆਰਾ ਟਿੱਬੀ ਸਾਹਿਬ ਵਿਖੇ ਵਿਸੇਸ਼ ਢਾਡੀ ਸਮਾਗਮ ਹੋਵੇਗਾ ਤੇ 15 ਜਨਵਰੀ ਨੂੰ ਗੁਰਦੁਆਰਾ ਤੰਬੂ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਵੀ ਹੋਵੇਗਾ, ਇਸ ਤੋਂ ਇਲਾਵਾ 15 ਜਨਵਰੀ ਨੂੰ ਹੀ ਗੇਟ ਨੰ: 4 ਤੋਂ ਨਗਰ ਕੀਰਤਨ ਆਰੰਭ ਹੋਵੇਗਾ, ਜੋ ਕਿ ਗੁਰਦੁਆਰਾ ਟਿੱਬੀ ਸਾਹਿਬ ਤੋਂ ਹੁੰਦਾ ਹੋਇਆ ਸ੍ਰੀ ਦਰਬਾਰ ਸਾਹਿਬ ਵਿਖੇ ਆ ਕੇ ਸਮਾਪਤ ਹੋਵੇਗਾ।