ਅੰਮ੍ਰਿਤਸਰ – ਖਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ’ਚ ਕਰਵਾਏ ਗਏ ਪੇਂਟਿੰਗ ਮੁਕਾਬਲੇ ’ਚ ਸ਼ਾਨਦਾਰ ਸਥਾਨ ਹਾਸਲ ਕੀਤਾ ਹੈ।ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ, ਅੰਮ੍ਰਿਤਸਰ ਵਿਖੇ ‘ਤੇਜਾ ਸਿੰਘ ਸਮੁੰਦਰੀ ਹਾਲ ਦਾ ਦ੍ਰਿਸ਼’ ਵਿਸ਼ੇ ’ਤੇ ਆਯੋਜਿਤ ਉਕਤ ਮੁਕਾਬਲੇ ਦੌਰਾਨ ਕਾਲਜ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਦੂਜਾ ਸਥਾਨ ਅਤੇ ਅੰਗਦਦੀਪ ਸਿੰਘ ਨੂੰ ਕੌਂਸੋਲੇਸ਼ਨ ਇਨਾਮ (ਵਿਸ਼ੇਸ਼ ਹੌਸਲਾ—ਅਫ਼ਜ਼ਾਈ ਪੁਰਸਕਾਰ) ਨਾਲ ਸਨਮਾਨਿਆ ਗਿਆ।
ਇਸ ਸਬੰਧੀ ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਨੇ ਉਕਤ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਮੁਕਾਬਲੇ ਦਾ ਵਿਸ਼ਾ ‘ਤੇਜਾ ਸਿੰਘ ਸਮੁੰਦਰੀ ਹਾਲ ਦਾ ਦ੍ਰਿਸ਼’ ਸੀ, ਜਿਨ੍ਹਾਂ ਦੀ ਸਿੱਖ ਇਤਿਹਾਸ ’ਚ ਵਿਸ਼ੇਸ਼ ਮਹੱਤਤਾ ਹੈ।ਉਨ੍ਹਾਂ ਕਿਹਾ ਕਿ ਇਸ ਸਮਾਗਮ ਨੇ ਨੌਜਵਾਨ ਕਲਾਕਾਰਾਂ ਨੂੰ ਆਪਣੀ ਕਲਾ ਅਤੇ ਸਿਰਜਣਾਤਮਕਤਾ ਰਾਹੀਂ ਸਿੱਖ ਵਿਰਾਸਤ ਅਤੇ ਅਧਿਆਤਮਿਕਤਾ ਪ੍ਰਤੀ ਸ਼ਰਧਾ ਪ੍ਰਗਟਾਉਣ ਲਈ ਇੱਕ ਵਧੀਆ ਮੰਚ ਪ੍ਰਦਾਨ ਕੀਤਾ।
ਇਸ ਮੌਕੇ ਪ੍ਰਿੰ: ਡਾ. ਰੰਧਾਵਾ ਨੇ ਕਿਹਾ ਕਿ ਕਾਲਜ ਦੇ ਫਾਈਨ ਆਰਟਸ ਵਿਭਾਗ ਦੇ ਉਕਤ ਦੋ ਵਿਦਿਆਰਥੀਆਂ ਨੇ ਮੁਕਾਬਲੇ ’ਚ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਕਲਾਤਮਕ ਪ੍ਰਤਿਭਾ, ਸ਼ਰਧਾ ਅਤੇ ਸਿਰਜਣਾਤਮਕ ਸੋਚ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੇ ਪੂਰੀ ਲਗਨ ਅਤੇ ਦਿਲਚਸਪੀ ਨਾਲ ਆਪਣੀਆਂ ਕਲਾਕ੍ਰਿਤੀਆਂ ਤਿਆਰ ਕੀਤੀਆਂ, ਜਿਨ੍ਹਾਂ ’ਚ ਮੁਕਾਬਲੇ ਦੇ ਵਿਸ਼ੇ ਪ੍ਰਤੀ ਉਨ੍ਹਾਂ ਦੀ ਡੂੰਘੀ ਭਾਵਨਾ ਅਤੇ ਸਤਿਕਾਰ ਝਲਕਦਾ ਸੀ। ਉਨ੍ਹਾਂ ਕਿਹਾ ਕਿ ਮੁਕਾਬਲੇ ’ਚ ਬੀ. ਏ. ਸਮੈਸਟਰ ਪਹਿਲਾ ਦੀ ਜਸਪ੍ਰੀਤ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ, ਜਦਕਿ ਇਸੇ ਜਮਾਤ ਦੇ ਵਿਦਿਆਰਥੀ ਅੰਗਦਦੀਪ ਸਿੰਘ ਨੂੰ ਵਿਸ਼ੇਸ਼ ਹੌਸਲਾ—ਅਫ਼ਜ਼ਾਈ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ।ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਮੁਕਾਬਲੇ ਦੀ ਤਿਆਰੀ ਸਬੰਧੀ ਵਿਭਾਗ ਦੇ ਅਧਿਆਪਕਾਂ ਡਾ. ਹਰਮਨਦੀਪ ਕੌਰ ਅਤੇ ਪ੍ਰੋ. ਜਗਦੀਪ ਕੌਰ ਨੇ ਮਹੱਤਵਪੂਰਨ ਯੋਗਦਾਨ ਪਾਇਆ।ਉਨ੍ਹਾਂ ਦੀ ਨਿਰੰਤਰ ਰਹਿਨੁਮਾਈ ਸਦਕਾ ਵਿਦਿਆਰਥੀਆਂ ਨੂੰ ਆਪਣੀ ਕਲਾ ਨੂੰ ਹੋਰ ਨਿਖਾਰਨ ਅਤੇ ਪੂਰੀ ਮਿਹਨਤ ਨਾਲ ਮੁਕਾਬਲੇ ’ਚ ਭਾਗ ਲੈਣ ਦਾ ਮੌਕਾ ਮਿਲਿਆ।
