ਨਵੀਂ ਦਿੱਲੀ – ਆਰਐੱਸਐੱਸ ਨਾਲ ਜੁੜੇ ਸੰਗਠਨ ਵਿਸ਼ਵ ਹਿੰਦੂ ਪਰਿਸ਼ਦ ਨੇ ਜੰਤਰ-ਮੰਤਰ ‘ਤੇ ਕੌਕਰਚ ਜਨਤਾ ਪਾਰਟੀ ਦੀ ਅਗਵਾਈ ਹੇਠ ਹੋਏ ਵਿਦਿਆਰਥੀ ਪ੍ਰਦਰਸ਼ਨ ਨੂੰ ਜਾਇਜ਼ ਕਰਾਰ ਦਿੰਦਿਆਂ ਕਿਹਾ ਹੈ ਕਿ ਪੇਪਰ ਲੀਕ ਨੇ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਅਤੇ ਸੁਪਨਿਆਂ ਨੂੰ ਗੰਭੀਰ ਝਟਕਾ ਦਿੱਤਾ ਹੈ।
ਵਿਸ਼ਵ ਹਿੰਦੂ ਪਰਿਸ਼ਦ ਦੇ ਕੌਮਾਂਤਰੀ ਪ੍ਰਧਾਨ ਅਲੋਕ ਕੁਮਾਰ ਨੇ ਇੱਕ ਵਿਸ਼ੇਸ਼ ਇੰਟਰਵਿਊ ਦੌਰਾਨ ਕਿਹਾ ਕਿ ਇਹ ਅੰਦੋਲਨ ਵਿਦਿਆਰਥੀਆਂ ਦੇ ਗੁੱਸੇ ਅਤੇ ਉਮੀਦਾਂ ਦਾ ਜਾਇਜ਼ ਪ੍ਰਗਟਾਵਾ ਸੀ। ਉਨ੍ਹਾਂ ਕਿਹਾ ਕਿ ਪੇਪਰ ਲੀਕ ਦਾ ਮਸਲਾ ਸਿਰਫ਼ ਪ੍ਰੀਖਿਆਵਾਂ ਤੱਕ ਸੀਮਤ ਨਹੀਂ, ਸਗੋਂ ਇਸ ਨੇ ਨੌਜਵਾਨਾਂ ਦੇ ਭਵਿੱਖ ਨੂੰ ਵੀ ਪ੍ਰਭਾਵਿਤ ਕੀਤਾ ਹੈ। ਉਨ੍ਹਾਂ ਦਾ ਇਹ ਬਿਆਨ ਉਸ ਵੇਲੇ ਸਾਹਮਣੇ ਆਇਆ ਹੈ ਜਦੋਂ ਦਿੱਲੀ ਸਰਕਾਰ ਨੇ ਪ੍ਰਦਰਸ਼ਨ ਨਾਲ ਸੰਬੰਧਿਤ ਉਹਨਾਂ ਵਿਅਕਤੀਆਂ ਖ਼ਿਲਾਫ਼ ਦਰਜ ਐੱਫ.ਆਈ.ਆਰ. ਵਾਪਸ ਲੈਣ ਦਾ ਫ਼ੈਸਲਾ ਕੀਤਾ ਹੈ, ਜਿਨ੍ਹਾਂ ਦਾ ਕੋਈ ਪੁਰਾਣਾ ਅਪਰਾਧਿਕ ਰਿਕਾਰਡ ਨਹੀਂ ਹੈ। ਪ੍ਰਦਰਸ਼ਨ ਦੌਰਾਨ ਹੋਈ ਹਿੰਸਾ ਬਾਰੇ ਅਲੋਕ ਕੁਮਾਰ ਨੇ ਕਿਹਾ ਕਿ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੂੰ ਅੰਦੋਲਨ ਵਿੱਚ ਘੁਸਪੈਠ ਕਰਕੇ ਹਿੰਸਾ ਕਰਨ ਵਾਲੇ ਤੱਤਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੁਲੀਸ ਨੂੰ ਕਰੀਬ 2300 ਅਜਿਹੇ ਵਿਅਕਤੀਆਂ ਦੀ ਪਛਾਣ ਹੋਈ ਹੈ, ਜਿਨ੍ਹਾਂ ਦਾ ਅਪਰਾਧਿਕ ਪਿਛੋਕੜ ਸੀ ਅਤੇ ਜੋ ਹਿੰਸਾ ਲਈ ਜ਼ਿੰਮੇਵਾਰ ਸਨ। ਰਾਮ ਮੰਦਰ ਵਿੱਚ ਚੜ੍ਹਾਵੇ ਦੀ ਕਥਿਤ ਚੋਰੀ ਦੀ ਜਾਂਚ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਮਾਮਲਾ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਹੈ ਅਤੇ ਜੋ ਵੀ ਦੋਸ਼ੀ ਪਾਇਆ ਜਾਵੇਗਾ, ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਹੋਣੀ ਚਾਹੀਦੀ ਹੈ। ਦੇਸ਼ ਵਿੱਚ ਪ੍ਰੀਖਿਆ ਪ੍ਰਣਾਲੀ ਵਿੱਚ ਸੁਧਾਰ ਅਤੇ ਵਿਦਿਆਰਥੀ ਅੰਦੋਲਨਾਂ ਨੂੰ ਲੈ ਕੇ ਚੱਲ ਰਹੀ ਚਰਚਾ ਦੇ ਦਰਮਿਆਨ ਵਿਸ਼ਵ ਹਿੰਦੂ ਪਰਿਸ਼ਦ ਦਾ ਇਹ ਬਿਆਨ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
