Articles Punjab

ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਸ਼ੁਰੂ: ਸੱਤ ਮੈਂਬਰੀ ਕਮੇਟੀ ਨਜ਼ਰਅੰਦਾਜ਼ !

ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਦੀ ਮਜ਼ਬੂਤੀ ਲਈ ਪੰਜਾਬ ਭਰ ਵਿੱਚ ਮੈਂਬਰਸ਼ਿਪ ਮੁਹਿੰਮ ਸ਼ੁਰੂ ਕੀਤੀ ਹੈ ਅਤੇ ਸੁਖਬੀਰ ਸਿੰਘ ਬਾਦਲ ਨੇ ਪਿੰਡ ਬਾਦਲ ’ਚ ਨਵੇਂ ਸਿਰੇ ਤੋਂ ਪਾਰਟੀ ਦੀ ਮੈਂਬਰਸ਼ਿਪ ਹਾਸਲ ਕੀਤੀ ਹੈ। ਇਸ ਮੁਹਿੰਮ ਦੀ ਸ਼ੁਰੂਆਤ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਤੋਂ ਕਰਵਾਈ। ਉਨ੍ਹਾਂ ਪਾਰਟੀ ਦੇ ਸੀਨੀਅਰ ਆਗੂਆਂ ਮਹੇਸ਼ਇੰਦਰ ਸਿੰਘ ਗਰੇਵਾਲ ਤੇ ਸੁੱਚਾ ਸਿੰਘ ਲੰਗਾਹ ਨੂੰ ਮੈਂਬਰਸ਼ਿਪ ਦੀਆਂ ਪਰਚੀਆਂ ਸੌਂਪੀਆਂ। ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਲੈਣ ਖਾਤਰ ਸੁਖਬੀਰ ਸਿੰਘ ਬਾਦਲ ਅੱਜ ਪਿੰਡ ਬਾਦਲ ਸਥਿਤ ਅਕਾਲੀ ਦਲ ਦੇ ਹਲਕਾ ਪੱਧਰੀ ਦਫ਼ਤਰ ਪੁੱਜੇ ਅਤੇ 10 ਰੁਪਏ ਦੀ ਪਰਚੀ ਕਟਵਾ ਕੇ ਨਵੇਂ ਸਿਰਿਓਂ ਪਾਰਟੀ ਦੀ ਮੈਂਬਰਸ਼ਿਪ ਹਾਸਲ ਕੀਤੀ। ਸੁਖਬੀਰ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਇੱਕ ਵਰਕਰ ਹੋਣ ਦੇ ਨਾਤੇ ਫਾਰਮ ਭਰ ਕੇ ਮੈਂਬਰ ਬਣੇ ਹਨ। ਬਾਦਲ ਨੇ ਕਿਹਾ ਕਿ ਪਹਿਲੇ ਹੀ ਦਿਨ ਭਰਤੀ ਪ੍ਰਤੀ ਲਾਮਿਸਾਲ ਹੁੰਗਾਰਾ ਮਿਲਿਆ ਹੈ। ਬਾਦਲ ਨੇ ਹਰਿਆਣਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੋਣ ਨਤੀਜਿਆਂ ਬਾਰੇ ਕਿਹਾ ਕਿ ਹਰਿਆਣਾ ਦੀ ਸਿੱਖ ਸੰਗਤ ਨੇ ਸ਼੍ਰੋਮਣੀ ਕਮੇਟੀ ਚੋਣਾਂ ਵਿੱਚ ਸਪੱਸ਼ਟ ਸੁਨੇਹਾ ਦਿੱਤਾ ਹੈ ਕਿ ਉਹ ਪੰਥ ਦੇ ਅੰਦਰੂਨੀ ਮਸਲਿਆਂ ’ਚ ਦਖ਼ਲ ਦੇਣ ਵਾਲਿਆਂ ਨੂੰ ਸਵੀਕਾਰ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਬਲਜੀਤ ਸਿੰਘ ਦਾਦੂਵਾਲ ਦਾ ਪੂਰਾ ਧੜਾ ਬੁਰੀ ਤਰ੍ਹਾਂ ਹਾਰਿਆ ਹੈ। ਇਹ ਉਨ੍ਹਾਂ ਤਾਕਤਾਂ ਦੀ ਵੀ ਹਾਰ ਹੈ, ਜਿਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋੜ ਕੇ ਹਰਿਆਣਾ ਲਈ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਈ ਸੀ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ਼ੁਰੂ ਹੋਈ ਭਰਤੀ ਮੁਹਿੰਮ 20 ਫਰਵਰੀ ਤੱਕ ਜਾਰੀ ਰਹੇਗੀ। ਇਸ ਤੋਂ ਬਾਅਦ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਚੋਣ 1 ਮਾਰਚ ਨੂੰ ਹੋਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮੈਂਬਰਸ਼ਿਪ 25 ਲੱਖ ਕਰਨ ਦਾ ਟੀਚਾ ਹੈ।

ਸ਼੍ਰੋਮਣੀ ਅਕਾਲੀ ਦਲ ਵੱਲੋਂ ਭਰਤੀ ਸਬੰਧੀ ਅਕਾਲ ਤਖਤ ਵੱਲੋਂ ਬਣਾਈ ਗਈ ਸੱਤ ਮੈਂਬਰੀ ਕਮੇਟੀ ਨੂੰ ਕਥਿਤ ਤੌਰ ’ਤੇ ਨਜ਼ਰਅੰਦਾਜ਼ ਕਰਕੇ ਆਪਣੇ ਤੌਰ ’ਤੇ ਭਰਤੀ ਸ਼ੁਰੂ ਕੀਤੇ ਜਾਣ ’ਤੇ ‘ਨਾਰਾਜ਼’ ਧੜੇ ਨੇ ਅਕਾਲ ਤਖਤ ਦੇ ਜਥੇਦਾਰ ਕੋਲ ਇਤਰਾਜ਼ ਜ਼ਾਹਿਰ ਕੀਤਾ ਹੈ। ‘ਨਾਰਾਜ਼’ ਧੜੇ ਨਾਲ ਸਬੰਧਤ ਗੁਰਪ੍ਰਤਾਪ ਸਿੰਘ ਵਡਾਲਾ ਨੇ ਅੱਜ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ। ਮੀਟਿੰਗ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੀ ਸ਼ਾਮਿਲ ਸਨ। ਐਡਵੋਕੇਟ ਧਾਮੀ ਨੂੰ ਅਕਾਲ ਤਖਤ ਵੱਲੋਂ ਬਣਾਈ ਗਈ ਸੱਤ ਮੈਂਬਰੀ ਕਮੇਟੀ ਦਾ ਕਨਵੀਨਰ ਬਣਾਇਆ ਗਿਆ ਸੀ। ਲਗਪਗ ਇਕ ਘੰਟੇ ਤੋਂ ਵੱਧ ਸਮਾਂ ਚੱਲੀ ਮੀਟਿੰਗ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਮੀਡੀਆ ਨਾਲ ਗੱਲ ਕਰਨ ਤੋਂ ਗੁਰੇਜ਼ ਕੀਤਾ ਹੈ। ਗੁਰਪ੍ਰਤਾਪ ਸਿੰਘ ਵਡਾਲਾ ਨੇ ਦੱਸਿਆ ਕਿ ਇਸ ਮੀਟਿੰਗ ਦੌਰਾਨ ਅਕਾਲ ਤਖਤ ਵੱਲੋਂ ਬਣਾਈ ਗਈ ਸੱਤ ਮੈਂਬਰੀ ਕਮੇਟੀ ਨੂੰ ਕਾਰਜਸ਼ੀਲ ਕਰਨ ਬਾਰੇ ਚਰਚਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸ ਸੱਤ ਮੈਂਬਰੀ ਕਮੇਟੀ ਤੋਂ ਬਿਨਾਂ ਹੀ ਆਪਣੀ ਭਰਤੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ ਜੋ ਅਕਾਲ ਤਖਤ ਦੇ ਹੁਕਮਾਂ ਦੀ ਉਲੰਘਣਾ ਹੈ। ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਉਹ ਅਕਾਲ ਤਖਤ ਨੂੰ ਸਮਰਪਿਤ ਹਨ ਅਤੇ ਜਥੇਦਾਰ ਵੱਲੋਂ ਕੀਤੇ ਗਏ ਆਦੇਸ਼ ਮੁਤਾਬਕ ਉਨ੍ਹਾਂ ਸ਼੍ਰੋਮਣੀਅਕਾਲੀ ਦਲ ਸੁਧਾਰ ਲਹਿਰ ਖਤਮ ਕਰ ਦਿੱਤੀ ਹੈ। ਉਹ ਵੀ ਸ਼੍ਰੋਮਣੀਅਕਾਲੀ ਦਲ ਨੂੰ ਮਜ਼ਬੂਤ ਕਰਨ ਦੇ ਸਮਰਥਕ ਹਨ ਪਰ ਇਸ ਮਾਮਲੇ ਵਿੱਚ ਅਕਾਲ ਤਖਤ ਦੇ ਆਦੇਸ਼ਾਂ ਦੀ ਉਲੰਘਣਾ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਹੁਣ ਅਗਲਾ ਫੈਸਲਾ ਅਕਾਲ ਤਖਤ ਵੱਲੋਂ ਹੀ ਲਿਆ ਜਾਵੇਗਾ।

ਸਿੱਖ ਜਥੇਬੰਦੀ ਪੰਥਕ ਅਸੈਂਬਲੀ ਤੇ ਪੰਥਕ ਤਾਲਮੇਲ ਸੰਗਠਨ ਨੇ ਅਕਾਲ ਤਖਤ ਦੇ ਜਥੇਦਾਰ ਨੂੰ ਇੱਕ ਪੱਤਰ ਦੇ ਕੇ ਅਪੀਲ ਕੀਤੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਬਣਾਈ ਗਈ ਸੱਤ ਮੈਂਬਰੀ ਕਮੇਟੀ ਦੇ ਮਾਮਲੇ ਵਿੱਚ ਹੁਕਮਨਾਮੇ ਦੀ ਹੁਣ ਤੱਕ ਦੀ ਪਾਲਣਾ ਸਬੰਧੀ ਰਿਪੋਰਟ ਪੰਥ ਨਾਲ ਸਾਂਝੀ ਕੀਤੀ ਜਾਵੇ। ਇਸ ਪੱਤਰ ਉੱਪਰ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ, ਅਕਾਲ ਪੁਰਖ ਕੀ ਫੌਜ ਜਥੇਬੰਦੀ ਦੇ ਕਨਵੀਨਰ ਜਸਵਿੰਦਰ ਸਿੰਘ ਐਡਵੋਕੇਟ, ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਸੁਖਦੇਵ ਸਿੰਘ ਭੌਰ, ਨਵ ਕਿਰਨ ਸਿੰਘ ਐਡਵੋਕੇਟ ਆਦਿ ਦੇ ਦਸਤਖਤ ਹਨ। ਇਹ ਪੱਤਰ ਅਕਾਲ ਤਖਤ ਦੇ ਸਕੱਤਰੇਤ ’ਚ ਸੌਂਪਿਆ ਗਿਆ ਹੈ।

Related posts

ਹੁਣ 7 ਫ਼ਰਵਰੀ ਨੂੰ ਫਿਲਮ ‘ਪੰਜਾਬ 95’ ਰਿਲੀਜ ਨਹੀਂ ਹੋਵੇਗੀ !

admin

ਬਾਲੀਵੁੱਡ ਦੇ ਸੁਸ਼ਾਂਤ ਸਿੰਘ ਰਾਜਪੂਤ ਅਤੇ ਪ੍ਰੇਮਿਕਾ ਰੀਆ ਚੱਕਰਵਰਤੀ !

admin

ਟੇਕਰਜ਼, ਨੌਟ ਮੇਕਰਜ਼: ਆਰਥਿਕ ਨਾਬਰਾਬਰੀ

admin