Punjab

ਸ਼੍ਰੋਮਣੀ ਕਮੇਟੀ ਨੇ ਖਾਲਸਾ ਸਾਜਣਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਪਾਸਪੋਰਟ ਮੰਗੇ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਪਰਕਿਰਿਆ ਆਰੰਭ ਕਰਦਿਆਂ 30 ਦਸੰਬਰ 2023 ਤੱਕ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਮੰਗੇ ਗਏ ਹਨ। ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਣਾ ਦਿਵਸ ਮਨਾਇਆ ਜਾਣਾ ਹੈ, ਜਿਸ ਲਈ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਸ਼ਰਧਾਲੂਆਂ ਦਾ ਜਥਾ ਭੇਜਿਆ ਜਾਵੇਗਾ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਪ੍ਰੈਲ 2024 ਵਿਚ ਖਾਲਸਾ ਸਾਜਣਾ ਦਿਵਸ ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾਵੇਗਾ, ਜੋ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਮੁੱਖ ਸਮਾਗਮ ’ਚ ਸ਼ਮੂਲੀਅਤ ਤੋਂ ਇਲਾਵਾ ਉਥੇ ਸਥਿਤ ਹੋਰਨਾਂ ਗੁਰਧਾਮਾਂ ਦੇ ਵੀ ਦਰਸ਼ਨ ਕਰੇਗਾ। ਉਨ੍ਹਾਂ ਕਿਹਾ ਕਿ ਇਸ ਜਥੇ ਵਿਚ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ 30 ਦਸੰਬਰ 2023 ਤੱਕ ਸ਼੍ਰੋਮਣੀ ਕਮੇਟੀ ਦਫ਼ਤਰ ’ਚ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸ਼ਰਧਾਲੂਆਂ ਲਈ ਆਪੋ-ਆਪਣੇ ਹਲਕੇ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਪਾਸੋਂ ਸਿਫ਼ਾਰਸ਼ ਕਰਵਾਉਣੀ ਜ਼ਰੂਰੀ ਹੈ ਅਤੇ ਇਸ ਦੇ ਨਾਲ ਹੀ ਆਪਣੀ ਪਛਾਣ ਦੇ ਸਬੂਤ ਵਜੋਂ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਫੋਟੋ ਕਾਪੀ ਵੀ ਦਿੱਤੀ ਜਾਵੇ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਦਿੱਤੇ ਸਮੇਂ ਤੋਂ ਪਹਿਲਾਂ ਆਪਣੇ ਪਾਸਪੋਰਟ ਜਮ੍ਹਾਂ ਕਰਵਾਉਣ, ਤਾਂ ਜੋ ਵੀਜ਼ਾ ਪਰਕਿਰਿਆ ਲਈ ਕਾਰਵਾਈ ਸਮੇਂ ਸਿਰ ਕੀਤੀ ਜਾ ਸਕੇ।

Related posts

ਪੰਜਾਬ ਵਿੱਚ ਨਸ਼ੇ ਦੀ ‘ਹੋਮ ਡਿਲੀਵਰੀ’ ਹੋ ਰਹੀ ਹੈ – ਅਸ਼ਵਨੀ ਸ਼ਰਮਾ

admin

ਪੰਜਾਬ ਸਰਕਾਰ ਕਰੇਗੀ ‘ਪੰਜਾਬ ਕ੍ਰਿਕਟ ਲੀਗ’ ਦੀ ਸ਼ੁਰੂਆਤ

admin

ਕੈਨੇਡਾ ਦੇ ਇੱਕ ਗੁਰਦੁਆਰਾ ਪ੍ਰਬੰਧਕਾਂ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਆਪਣਾ ਪੱਖ ਰੱਖਣ ਦੇ ਹੁਕਮ !

admin