ਹੁਸ਼ਿਆਰਪੁਰ – ਪੰਜਾਬ ਦੀ ਪਿਛਲੀ ਕਾਂਗਰਸ ਸਰਕਾਰ ਵਿੱਚ ਉਦਯੋਗ ਮੰਤਰੀ ਰਹੇ ਸੁੰਦਰ ਸ਼ਾਮ ਅਰੋੜਾ ਦੀਆਂ ਮੁਸ਼ਕਲਾਂ ਇੱਕ ਵਾਰ ਫਿਰ ਵਧਦੀਆਂ ਨਜ਼ਰ ਆ ਰਹੀਆਂ ਹਨ। ਮਿਲੀ ਜਾਣਕਾਰੀ ਮੁਤਾਬਕ, ਅੱਜ ਸਵੇਰੇ ਤੜਕਸਾਰ ਕਰੀਬ 5 ਵਜੇ ਕੇਂਦਰੀ ਜਾਂਚ ਏਜੰਸੀਆਂ ਇਨਕਮ ਟੈਕਸ ਵਿਭਾਗ ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਹੁਸ਼ਿਆਰਪੁਰ ਸਥਿਤ ਉਨ੍ਹਾਂ ਦੇ ਘਰ ਛਾਪਾ ਮਾਰਿਆ। ਅਧਿਕਾਰੀਆਂ ਦੀਆਂ ਵੱਖ-ਵੱਖ ਟੀਮਾਂ ਨੇ ਉਨ੍ਹਾਂ ਦੀ ਰਿਹਾਇਸ਼ ਨੂੰ ਘੇਰੇ ਵਿੱਚ ਲੈ ਕੇ ਜਾਂਚ ਸ਼ੁਰੂ ਕੀਤੀ। ਫਿਲਹਾਲ ਇਸ ਕਾਰਵਾਈ ਸਬੰਧੀ ਪੂਰੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
ਇਸ ਤੋਂ ਪਹਿਲਾਂ ਵੀ ਸੁੰਦਰ ਸ਼ਾਮ ਅਰੋੜਾ ਦੇ ਘਰ ਇਨਕਮ ਟੈਕਸ ਵਿਭਾਗ ਵੱਲੋਂ ਲਗਾਤਾਰ ਤਿੰਨ ਦਿਨ, ਕਰੀਬ 62 ਘੰਟੇ ਤੱਕ ਜਾਂਚ ਕੀਤੀ ਗਈ ਸੀ। ਉਸ ਸਮੇਂ ਅਰੋੜਾ ਨੇ ਕਿਹਾ ਸੀ ਕਿ ਇਹ ਕਾਰਵਾਈ ਸੀਬੀਆਈ ਵੱਲੋਂ ਨਹੀਂ, ਸਗੋਂ ਇਨਕਮ ਟੈਕਸ ਵਿਭਾਗ ਵੱਲੋਂ ਕੀਤੀ ਗਈ ਸੀ। ਉਨ੍ਹਾਂ ਮੁਤਾਬਕ, ਇਹ ਜਾਂਚ ਉਨ੍ਹਾਂ ਦੇ ਪੁੱਤਰ ਦੇ ਜਾਇਦਾਦ ਦੇ ਕਾਰੋਬਾਰ ਨਾਲ ਸਬੰਧਤ ਸੀ। ਉਨ੍ਹਾਂ ਨੇ ਦਾਅਵਾ ਕੀਤਾ ਸੀ ਕਿ ਜਾਂਚ ਦੌਰਾਨ ਅਧਿਕਾਰੀਆਂ ਨੂੰ ਕੋਈ ਗੈਰ-ਕਾਨੂੰਨੀ ਚੀਜ਼ ਨਹੀਂ ਮਿਲੀ।
ਸੁੰਦਰ ਸ਼ਾਮ ਅਰੋੜਾ ‘ਤੇ ਦੋਸ਼ ਲੱਗੇ ਸਨ ਕਿ ਪੰਜਾਬ ਵਿੱਚ ਕਾਂਗਰਸ ਸਰਕਾਰ ਦੌਰਾਨ ਮੰਤਰੀ ਰਹਿੰਦਿਆਂ ਉਨ੍ਹਾਂ ਨੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਕੇ ਕੁਝ ਪਸੰਦੀਦਾ ਕੰਪਨੀਆਂ ਨੂੰ ਫਾਇਦਾ ਪਹੁੰਚਾਇਆ। ਇਸ ਤੋਂ ਇਲਾਵਾ, ਉਨ੍ਹਾਂ ਨੂੰ ਇੱਕ ਅਧਿਕਾਰੀ ਨੂੰ 50 ਲੱਖ ਰੁਪਏ ਦੀ ਰਿਸ਼ਵਤ ਦੇਣ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ। ਇਨਕਮ ਟੈਕਸ ਵਿਭਾਗ ਵੱਲੋਂ ਉਨ੍ਹਾਂ ਦੇ ਵਿੱਤੀ ਲੈਣ-ਦੇਣ, ਜਾਇਦਾਦਾਂ ਅਤੇ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਵਿਚਕਾਰ ਅੰਤਰ ਦੀ ਜਾਂਚ ਕੀਤੇ ਜਾਣ ਦੀ ਗੱਲ ਵੀ ਸਾਹਮਣੇ ਆਈ ਸੀ।
ਸੁੰਦਰ ਸ਼ਾਮ ਅਰੋੜਾ ਦਾ ਨਾਂ ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ (PSIEC) ਦੇ ਇੱਕ ਉਦਯੋਗਿਕ ਪਲਾਟ ਨਾਲ ਜੁੜੇ ਮਾਮਲੇ ਵਿੱਚ ਵੀ ਆਇਆ ਸੀ। ਦੋਸ਼ ਸੀ ਕਿ ਇੱਕ ਉਦਯੋਗਿਕ ਪਲਾਟ ਨੂੰ ਰੀਅਲ ਅਸਟੇਟ ਕੰਪਨੀ ਨੂੰ ਤਬਦੀਲ ਕਰਨ ਦੀ ਮਨਜ਼ੂਰੀ ਦਿੱਤੀ ਗਈ ਅਤੇ 12 ਪਲਾਟਾਂ ਨੂੰ ਵੰਡ ਕੇ 125 ਪਲਾਟ ਬਣਾਉਣ ਦੀ ਇਜਾਜ਼ਤ ਦਿੱਤੀ ਗਈ। ਇਸ ਮਾਮਲੇ ਵਿੱਚ ਪੰਜਾਬ ਵਿਜੀਲੈਂਸ ਨੇ ਜਨਵਰੀ 2023 ਵਿੱਚ ਸੁੰਦਰ ਸ਼ਾਮ ਅਰੋੜਾ, ਇੱਕ ਆਈਏਐਸ ਅਧਿਕਾਰੀ ਅਤੇ ਹੋਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਹਾਲਾਂਕਿ, ਦਸੰਬਰ 2024 ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ਮਾਮਲੇ ਨਾਲ ਸਬੰਧਤ ਐੱਫਆਈਆਰ ਰੱਦ ਕਰ ਦਿੱਤੀ ਸੀ। ਫਿਲਹਾਲ ਸਾਰਿਆਂ ਦੀਆਂ ਨਜ਼ਰਾਂ ਕੇਂਦਰੀ ਏਜੰਸੀਆਂ ਦੀ ਤਾਜ਼ਾ ਕਾਰਵਾਈ ‘ਤੇ ਹਨ। ਜਾਂਚ ਪੂਰੀ ਹੋਣ ਤੋਂ ਬਾਅਦ ਹੀ ਪਤਾ ਲੱਗ ਸਕੇਗਾ ਕਿ ਇਸ ਛਾਪੇਮਾਰੀ ਪਿੱਛੇ ਕੀ ਕਾਰਨ ਹਨ ਅਤੇ ਜਾਂਚ ਵਿੱਚ ਕੀ ਸਾਹਮਣੇ ਆਉਂਦਾ ਹੈ।
