ਗਿਆਨੀ ਰਘੁਬੀਰ ਸਿੰਘ ਨੇ ਅੱਜ ਇੱਕ ਪ੍ਰੈਸ ਕਾਨਫਰੰਸ ਕਰਕੇ 1984 ਦੇ ਧਰਮ ਯੁੱਧ ਮੋਰਚੇ ਨਾਲ ਸਬੰਧਤ ਕਈ ਮਾਮਲਿਆਂ ਬਾਰੇ ਗੰਭੀਰ ਸਵਾਲ ਉਠਾਏ ਹਨ। ਗਿਆਨੀ ਰਘੁਬੀਰ ਸਿੰਘ ਨੇ ਸਿੱਖ ਰੈਫਰੈਂਸ ਲਾਇਬ੍ਰੇਰੀ ਵਿੱਚੋਂ ਇਤਿਹਾਸਕ ਦਸਤਾਵੇਜ਼ਾਂ ਅਤੇ ਪਵਿੱਤਰ ਗ੍ਰੰਥਾਂ ਦੇ ਗੁੰਮ ਹੋਣ ਦਾ ਮੁੱਦਾ ਉਠਾਇਆ। ਗਿਆਨੀ ਰਘੁਬੀਰ ਸਿੰਘ ਨੇ ਕਿਹਾ ਕਿ 1984 ਵਿੱਚ ਉਸ ਸਮੇਂ ਬਹੁਤ ਸਾਰੀਆਂ ਦੁਰਲੱਭ ਹੱਥ-ਲਿਖਤਾਂ, ਇਤਿਹਾਸਕ ਹੁਕਮਨਾਮੇ ਅਤੇ ਮਹੱਤਵਪੂਰਨ ਦਸਤਾਵੇਜ਼ ਗਾਇਬ ਹੋ ਗਏ ਸਨ। ਗਿਆਨੀ ਰਘੁਬੀਰ ਸਿੰਘ ਨੇ ਕਿਹ ਕਿ ਉਨ੍ਹਾਂ ਨੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਇੱਕ ਪੱਤਰ ਲਿਖਿਆ ਹੈ, ਜਿਸ ਵਿੱਚ ਇਸ ਮਾਮਲੇ ਬਾਰੇ ਸਪੱਸ਼ਟ ਜਾਣਕਾਰੀ ਅਤੇ ਅਧਿਕਾਰਤ ਸਪੱਸ਼ਟੀਕਰਨ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਈ ਵਾਰ ਇਹ ਦਾਅਵਾ ਕੀਤਾ ਗਿਆ ਹੈ ਕਿ ਕੁਝ ਸਮੱਗਰੀ ਵਾਪਸ ਕਰ ਦਿੱਤੀ ਗਈ ਹੈ, ਪਰ ਇਸ ਮਾਮਲੇ ‘ਤੇ ਅਜੇ ਵੀ ਪੂਰੀ ਸਪੱਸ਼ਟਤਾ ਨਹੀਂ ਹੈ।
ਸਾਬਕਾ ਜਥੇਦਾਰ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ “ਇਸ ਹਮਲੇ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਨੂੰ ਭਾਰੀ ਨੁਕਸਾਨ ਪਹੁੰਚਿਆ ਸੀ ਅਤੇ ਪਵਿੱਤਰ ਇਮਾਰਤ ਢਹਿ ਗਈ ਸੀ। ਹਮਲੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਉੱਤੇ ਵੀ ਗੋਲੀਆਂ ਚੱਲਣ ਦੀਆਂ ਘਟਨਾਵਾਂ ਸਾਹਮਣੇ ਆਈਆਂ। ਉਸ ਸਮੇਂ ਜਰਨੈਲ ਸਿੰਘ ਖਾਲਸਾ ਭਿੰਡਰਾਂ ਵਾਲੇ ਅਤੇ ਉਨ੍ਹਾਂ ਦੇ ਸਾਥੀ ਸ਼ਹੀਦ ਹੋਏ, ਨਾਲ ਹੀ ਹਜ਼ਾਰਾਂ ਦੀ ਗਿਣਤੀ ਵਿੱਚ ਦਰਸ਼ਨ ਲਈ ਪਹੁੰਚੀ ਸੰਗਤ ਵੀ ਮਾਰੀ ਗਈ ਸੀ। ਇਸ ਦੇ ਨਾਲ ਹੀ ਸਭ ਤੋਂ ਸੰਵੇਦਨਸ਼ੀਲ ਮਾਮਲਾ ਸਿੱਖ ਰੈਫਰੈਂਸ ਲਾਇਬ੍ਰੇਰੀ ਨਾਲ ਜੁੜਿਆ ਹੈ, ਜਿੱਥੋਂ ਦੁਰਲਭ ਇਤਿਹਾਸਕ ਦਸਤਾਵੇਜ਼, ਹੁਕਮਨਾਮੇ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਗੁੰਮ ਹੋਣ ਜਾਂ ਫੌਜ ਵੱਲੋਂ ਲੈ ਜਾਏ ਜਾਣ ਦੇ ਦਾਅਵੇ ਕੀਤੇ ਜਾਂਦੇ ਰਹੇ ਹਨ। ਉਨ੍ਹਾਂ ਨੇ ਮੰਗ ਕੀਤੀ ਹੈ ਕਿ ਸਾਰੇ ਗੁੰਮ ਹੋਏ ਦਸਤਾਵੇਜ਼ਾਂ ਬਾਰੇ ਸੱਚਾਈ ਸਾਹਮਣੇ ਲਿਆਂਦੀ ਜਾਵੇ ਅਤੇ ਸੰਗਤ ਨੂੰ ਦੱਸਿਆ ਜਾਵੇ ਕਿ ਇਹ ਪਾਵਨ ਸਰੂਪ ਅਤੇ ਦਸਤਾਵੇਜ਼ ਇਸ ਵੇਲੇ ਕਿੱਥੇ ਹਨ?
