Articles India

ਸਿੱਖ ਵੱਖਵਾਦੀਆਂ ਦੇ ਮਸਲੇ `ਤੇ ਕੈਨੇਡਾ ਅਤੇ ਭਾਰਤ ਦੇ ਸਬੰਧ ਹੋਰ ਵਿਗੜੇ

ਕੈਨੇਡਾ ਦੇ ਵਿਦੇਸ਼ ਮਾਮਲਿਆਂ ਬਾਰੇ ਉਪ ਮੰਤਰੀ ਡੇਵਿਡ ਮੌਰੀਸਨ ਨੇ ਦੋਸ਼ ਲਾਇਆ ਹੈ ਕਿ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੈਨੇਡਾ ‘ਚ ਰਹਿ ਰਹੇ ਸਿੱਖ ਵੱਖਵਾਦੀਆਂ ਨੂੰ ਨਿਸ਼ਾਨਾ ਬਣਾ ਕੇ ਹਿੰਸਾ ਕਰਨ, ਧਮਕੀਆਂ ਦੇਣ ਅਤੇ ਖ਼ੁਫ਼ੀਆ ਜਾਣਕਾਰੀ ਇਕੱਠੀ ਕਰਨ ਦੀ ਮੁਹਿੰਮ ਚਲਾਉਣ ਦੇ ਹੁਕਮ ਦਿੱਤੇ ਹਨ।

ਮੌਰੀਸਨ ਨੇ ਕੌਮੀ ਸੁਰੱਖਿਆ ਕਮੇਟੀ ਦੇ ਸੰਸਦ ਮੈਂਬਰਾਂ ਨੂੰ ਦੱਸਿਆ ਕਿ ਉਨ੍ਹਾਂ ‘ਵਾਸ਼ਿੰਗਟਨ ਪੋਸਟ` ਕੋਲ ਸ਼ਾਹ ਦੇ ਨਾਮ ਦੀ ਪੁਸ਼ਟੀ ਕੀਤੀ ਹੈ ਜਿਸ ਨੇ ਸਭ ਤੋਂ ਪਹਿਲਾਂ ਇਨ੍ਹਾਂ ਦੋਸ਼ਾਂ ਬਾਰੇ ਖ਼ਬਰ ਪ੍ਰਕਾਸ਼ਿਤ ਕੀਤੀ ਸੀ। ਸ਼ਾਹ ਦਾ ਜ਼ਿਕਰ ਕਰਦਿਆਂ ਮੌਰੀਸਨ ਨੇ ਕਮੇਟੀ ਨੂੰ ਦੱਸਿਆ, “ਪੱਤਰਕਾਰ ਨੇ ਮੈਨੂੰ ਫੋਨ ਕਰਕੇ ਪੁੱਛਿਆ ਕਿ ਕੀ ਇਹ ਉਹੋ ਵਿਅਕਤੀ ਹੈ। ਮੈਂ ਪੁਸ਼ਟੀ ਕੀਤੀ ਕਿ ਇਹ ਉਹੋ ਵਿਅਕਤੀ ਹੈ।“ ਮੌਰੀਸਨ ਨੇ ਅਮਰੀਕੀ ਅਖ਼ਬਾਰ ਕੋਲ ਭਾਰਤ ਦੇ ਕੈਨੇਡਾ `ਚ ਦਖ਼ਲ ਦੇ ਵੇਰਵੇ ਲੀਕ ਕਰਨ ਦੀ ਗੱਲ ਕਬੂਲੀ ਹੈ। ਉਂਜ ਮੌਰੀਸਨ ਨੇ ਇਹ ਨਹੀਂ ਦੱਸਿਆ ਕਿ ਕੈਨੇਡਾ ਨੂੰ ਸ਼ਾਹ ਦੀ ਕਥਿਤ ਸ਼ਮੂਲੀਅਤ ਬਾਰੇ ਕਿਵੇਂ ਪਤਾ ਲੱਗਾ। ਓਟਵਾ `ਚ ਭਾਰਤੀ ਸਫ਼ਾਰਤਖਾਨੇ ਨੇ ਸ਼ਾਹ ਖ਼ਿਲਾਫ਼ ਲਾਏ ਗਏ ਦੋਸ਼ਾਂ ਬਾਰੇ ਪ੍ਰਤੀਕਰਮ ਲਈ ਭੇਜੇ ਗਏ ਸੁਨੇਹਿਆਂ ਦਾ ਫੌਰੀ ਕੋਈ ਜਵਾਬ ਨਹੀਂ ਦਿੱਤਾ।

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਕੌਮੀ ਸੁਰੱਖਿਆ ਸਲਾਹਕਾਰ ਨਥਾਲੀ ਡਰੋਈਨ ਨੇ ਕਮੇਟੀ ਨੂੰ ਦੱਸਿਆ ਕਿ ਕੈਨੇਡਾ ਕੋਲ ਇਸ ਗੱਲ ਦੇ ਸਬੂਤ ਹਨ ਕਿ ਭਾਰਤ ਸਰਕਾਰ ਨੇ ਸਭ ਤੋਂ ਪਹਿਲਾਂ ਡਿਪਲੋਮੈਟਿਕ ਚੈਨਲਾਂ ਅਤੇ ਪ੍ਰੌਕਸੀਆਂ ਰਾਹੀਂ ਕੈਨੇਡਾ ‘ਚ ਭਾਰਤੀ ਅਤੇ ਕੈਨੇਡਿਆਈ ਨਾਗਰਿਕਾਂ ਬਾਰੇ ਜਾਣਕਾਰੀ ਇਕੱਠੀ ਕੀਤੀ ਸੀ। ਉਨ੍ਹਾਂ ਕਿਹਾ ਕਿ ਇਸ ਮਗਰੋਂ ਇਹ ਜਾਣਕਾਰੀ ਨਵੀਂ ਦਿੱਲੀ ਦੀ ਸਰਕਾਰ ਨੂੰ ਦਿੱਤੀ ਗਈ ਜੋ ਕਥਿਤ ਤੌਰ ‘ਤੇ ਲਾਰੈਂਸ ਬਿਸ਼ਨੋਈ ਨਾਲ ਜੁੜੇ ਇਕ ਅਪਰਾਧਿਕ ਨੈੱਟਵਰਕ ਨਾਲ ਮਿਲ ਕੇ ਕੰਮ ਕਰਦਾ ਹੈ। ਉਂਜ ਡਰੋਈਨ ਨੇ ਦੋਸ਼ ਲਾਇਆ ਕਿ ਬਿਸ਼ਨੋਈ ਦਾ ਵਿਸ਼ਾਲ ਅਪਰਾਧਿਕ ਨੈੱਟਵਰਕ ਕੈਨੇਡਾ ਵਿਚ ਹੱਤਿਆ, ਹੱਤਿਆ ਦੀ ਸਾਜ਼ਿਸ਼ ਅਤੇ ਹੋਰ ਹਿੰਸਕ ਵਾਰਦਾਤਾਂ ਨੂੰ ਅੰਜਾਮ ਦੇਣ ਨਾਲ ਜੁੜਿਆ ਹੈ। ਉਨ੍ਹਾਂ ਕਿਹਾ ਕਿ ਜਵਾਬਦੇਹੀ ਯਕੀਨੀ ਬਣਾਉਣ ਲਈ ਭਾਰਤ ਸਰਕਾਰ ਨਾਲ ਰਲ ਕੇ ਕੰਮ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ।

ਸਿੱਖ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੀ ਪਿਛਲੇ ਸਾਲ ਬ੍ਰਿਟਿਸ਼ ਕੋਲੰਬੀਆ ‘ਚ ਹੱਤਿਆ ਮਗਰੋਂ ਭਾਰਤ ਅਤੇ ਕੈਨੇਡਾ ਦੇ ਸਬੰਧਾਂ ‘ਚ ਲਗਾਤਾਰ ਨਿਘਾਰ ਆ ਰਿਹਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਬਾਰੇ ਕੈਨੇਡਾ ਦੇ ਮੰਤਰੀ ਵੱਲੋਂ ਕੀਤੀ ਟਿੱਪਣੀ ਕਾਰਨ ਭਾਰਤ ਨੇ ਸਖ਼ਤ ਸ਼ਬਦਾਂ ‘ਚ ਵਿਰੋਧ ਦਰਜ ਕਰਵਾਇਆ ਹੈ। ਵਿਦੇਸ਼ ਮੰਤਰਾਲੇ ਨੇ ਸ਼ਾਹ ਖ਼ਿਲਾਫ਼ ਲਾਏ ਦੋਸ਼ਾਂ ਨੂੰ ਬੇਤੁਕਾ ਅਤੇ ਬੇਬੁਨਿਆਦ ਕਰਾਰ ਦਿੱਤਾ ਹੈ। ਵਿਦੇਸ਼ ਮੰਤਰਾਲੇ ਦੇ ਤਰਜਮਾਨ ਰਣਧੀਰ ਜੈਸਵਾਲ ਨੇ ਦੱਸਿਆ ਕਿ ਕੈਨੇਡੀਅਨ ਹਾਈ ਕਮਿਸ਼ਨ ਦੇ ਨੁਮਾਇੰਦੇ ਨੂੰ ਤਲਬ ਕਰਕੇ ਭਾਰਤ ਵੱਲੋਂ ਸਖ਼ਤ ਸ਼ਬਦਾਂ ‘ਚ ਵਿਰੋਧ ਦਰਜ ਕਰਵਾਇਆ ਗਿਆ ਹੈ।

Related posts

ਮਹਾਰਾਸ਼ਟਰ ਚੋਣਾਂ: ਬਾਲੀਵੁੱਡ ਕਲਾਕਾਰਾਂ ਨੇ ਵੱਧ ਚੜ੍ਹਕੇ ਹਿੱਸਾ ਲਿਆ !

admin

ਇਕਵਾਡੋਰ ‘ਚ ਅੱਗ ਤੇ ਸੋਕੇ ਕਾਰਨ ਰਾਸ਼ਟਰੀ ਐਮਰਜੈਂਸੀ ਦਾ ਐਲਾਨ

editor

ਆਤਿਸ਼ੀ ਵਲੋਂ ਦਿੱਲੀ ਮੈਟਰੋ ਦੇ ਫੇਜ਼ 4 ਲਈ ਡਰਾਈਵਰ ਰਹਿਤ ਟਰੇਨ ਦਾ ਮੁਆਇਨਾ !

admin