Breaking News Latest News News Punjab

ਸੁਖਬੀਰ ਸਿੰਘ ਬਾਦਲ ਨੇ ਗੱਡੀ ਰੋਕ ਕੇ ਕਿਸਾਨ ਯੂਨੀਅਨ ਆਗੂਆਂ ਨਾਲ ਕੀਤੀ ਮੁਲਾਕਾਤ

ਗੁਰੂਹਰਸਹਾਏ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਪ੍ਰਤੀਨਿਧਾਂ ਨਾਲ ਮੁਲਾਕਾਤ ਦੌਰਾਨ ਜ਼ੋਰ ਦੇ ਕੇ ਕਿਹਾ ਕਿ ਸਿਰਫ ਅਕਾਲੀ ਦਲ ਹੀ ਸੰਸਦ ਵਿਚ ਤਿੰਨ ਕਾਲੇ ਕਾਨੂੂੰਨਾਂ ਖਿਲਾਫ ਵੋਟਾਂ ਪਾਉਣ ਲਈ ਡਟਿਆ ਤੇ ਕਾਂਗਰਸ ਤੇ ਆਮ ਆਦਮੀ ਪਾਰਟੀ ਨੇ ਇਹਨਾਂ ਕਾਨੂੰਨਾਂ ਖ਼ਿਲਾਫ਼ ਵੋਟ ਪਾਉਣ ਤੋਂ ਗੈਰ ਹਾਜ਼ਰ ਰਹੇ।
ਅਕਾਲੀ ਦਲ ਦੇ ਪ੍ਰਧਾਨ ਨੇ ਆਪਣੀ ਗੱਡੀ ਰੋਕ ਕੇ ਬੀਕੇਯੂ ਡਕੌਂਦਾ ਦੇ ਕਾਰਕੁੰਨਾਂ ਕੋਲ ਜਾ ਕੇ ਉਹਨਾਂ ਨਾਲ ਗੱਲਬਾਤ ਕੀਤੀ ਤੇ ਦੱਸਿਆ ਕਿ ਕਿਵੇਂ ਅਕਾਲੀ ਦਲ ਨੇ ਸੰਸਦ ਵਿਚ ਤਿੰਨ ਖੇਤੀ ਬਿੱਲ ਪਾਸ ਕਰਨ ਦਾ ਵਿਰੋਧ ਕੀਤਾ ਤੇ ਇਸ ਨੇ ਹੁਣ ਵੀ ਸੰਸਦ ਦੇ ਹਾਲ ਹੀ ਵਿਚ ਖਤਮ ਹੋਏ ਸੈਸ਼ਨ ਵਿਚ ਕਿਸਾਨਾਂ ਦੀ ਆਵਾਜ਼ ਲਗਾਤਾਰ ਚੁੱਕੀ ਹੈ। ਸਰਦਾਰ ਬਾਦਲ ਨੇ ਬੀ ਕੇ ਯੂ ਦੇ ਪ੍ਰਤੀਨਿਧਾਂ ਦੇ ਸਵਾਲ ਠਰ੍ਹੰਮੇ ਨਾਲ ਸੁਣੇ ਤੇ ਹਰ ਸਵਾਲ ਦਾ ਸਫਲਤਾ ਨਾਲ ਜਵਾਬ ਦੇ ਕੇ ਉਹਨਾਂ ਦੇ ਤੌਖਲੇ ਦੂਰ ਕੀਤੇ।
ਇਸ ਸਾਰੇ ਮਾਮਲੇ ਦੀ ਜਾਣਕਾਰੀ ਦਿਦਿੰਆਂ ਸਰਦਾਰ ਬਾਦਲ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀਆਂ ਦੀ ਉਸ 7 ਮੈਂਬਰੀ ਕਮੇਟੀ ਦੇ ਮੈਂਬਰ ਸਨ ਜਿਸ ਨੇ ਇਹ ਖੇਤੀ ਆਰਡੀਨੈਂਸ ਤਿਆਰ ਕੀਤੇ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਐੱਨਡੀਏ ਸਰਕਾਰ ਵੱਲੋਂ ਪਾਸ ਕੀਤੇ ਕਾਨੂੰਨਾਂ ਮੁਤਾਬਕ ਹੀ ਏਪੀਐੱਮਸੀ ਐਕਟ ਵਿਚ ਸੋਧ ਕੀਤੀ।
ਸੁਖਬੀਰ ਬਾਦਲ ਨੇ ਬੀਕੇਯੂ ਆਗੂਆਂ ਨੂੰ ਦੱਸਿਆ ਕਿ ਜਦੋਂ ਇਹ ਆਰਡੀਨੈਂਸ ਸੰਸਦ ਵਿਚ ਪੇਸ਼ ਕੀਤੇ ਗਏ ਤਾਂ ਉਸ ਵੇਲੇ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਇਹਨਾਂ ਦਾ ਜ਼ੋਰਦਾਰ ਵਿਰੋਧ ਕੀਤਾ। ਉਹਨਾਂ ਦੱਸਿਆ ਕਿ ਸਾਨੂੰ ਇਹ ਭਰੋਸਾ ਦੁਆਇਆ ਗਿਆ ਸੀ ਕਿ ਕਿਸਾਨਾਂ ਦੇ ਇਤਰਾਜ਼ ਦੂਰ ਕੀਤੇ ਜਾਣਗੇ ਤੇ ਅਸੀਂ ਇਸੇ ਲਈ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਮੀਟਿੰਗ ਕਰ ਕੇ ਉਹਨਾਂ ਦੀ ਰਾਇ ਲਈ। ਉਹਨਾਂ ਕਿਹਾ ਕਿ ਕਿਸਾਨ ਆਗੂਆਂ ਨੇ ਸਾਨੂੰ ਇਹਨਾਂ ਤਿੰਨ ਬਿੱਲਾਂ ਖਿਲਾਫ ਵੋਟਾਂ ਪਾਉਣ ਲਈ ਕਿਹਾ ਸੀ ਤੇ ਇਹ ਵੀ ਕਿਹਾ ਸੀ ਕਿ ਅਸੀਂ ਵਾਕ ਆਊਟ ਨਾ ਕਰੀਏ ਤੇ ਨਾ ਹੀ ਵੋਟਾਂ ਪਾਉਣ ਤੋਂ ਗੈਰ ਹਾਜ਼ਰ ਰਹੀਏ।

ਉਹਨਾਂ ਕਿਹਾ ਕਿ ਅਸੀਂ ਕਿਸਾਨਾਂ ਦੇ ਤੌਖਲਿਆਂ ਤੋਂ ਕੇਂਦਰ ਸਰਕਾਰ ਨੂੰ ਜਾਣੂੰ ਕਰਵਾਇਆ ਤੇ ਇਹ ਵੀ ਬੇਨਤੀ ਕੀਤੀ ਕਿ ਇਹ ਆਰਡੀਨੈਂਸ ਇਸੇ ਤਰੀਕੇ ਹੀ ਰੱਖੇ ਜਾਣ ਦੇ ਮਾਮਲਾ ਸਿਲੈਕਟ ਕਮੇਟੀ ਕੋਲ ਭੇਜ ਦਿੱਤਾ ਜਾਵੇ ਪਰ ਸਰਕਾਰ ਨੇ ਸਾਡੀ ਰਾਇ ਨਹੀਂ ਸੁਣੀ।

ਉਹਨਾਂ ਕਿਹਾ ਕਿ ਇਸ ਮਗਰੋਂ ਮੈਂ ਤੇ ਹਰਸਿਮਰਤ ਕੌਰ ਬਾਦਲ ਸਿਰਫ ਦੋ ਹੀ ਸੰਸਦ ਮੈਂਬਰ ਸੀ ਜਿਹਨਾਂ ਨੇ ਲੋਕ ਸਭਾ ਵਿਚ ਇਹਨਾਂ ਬਿੱਲਾਂ ਦੇ ਖਿਲਾਫ ਵੋਟਾਂ ਪਾਈਆਂ ਤੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਵੋਟਾਂ ਪਾਉਣ ਤੋਂ ਗੇਰ ਹਾਜ਼ਰ ਰਹੇ। ਉਹਨਾਂ ਦੱਸਿਆ ਕਿ ਇਸ ਮਗਰੋਂ ਹਰਸਿਮਰਤ ਕੌਰ ਬਾਦਲ ਨੇ ਮੰਤਰੀ ਮੰਡਲ ਤੋਂ ਅਸਤੀਫਾ ਦਿੱਤਾ ਤੇ ਅਕਾਲੀ ਦਲ ਨੇ ਐੱਨਡੀਏ ਗਠਜੋੜ ਛੱਡ ਦਿੱਤਾ।

ਉਹਨਾਂ ਦੱਸਿਆ ਕਿ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਫੋਨ ਕਰ ਕੇ ਉਹਨਾਂ ਨੂੰ ਕਿਹਾ ਕਿ ਅਸੀਂ ਅਜਿਹੇ ਗਠਜੋੜ ਦਾ ਹਿੱਸਾ ਨਹੀਂ ਰਹਿ ਸਕਦੇ ਜੋ ਅੰਨਦਾਤਾ ਦੇ ਖਿਲਾਫ ਫੈਸਲੇ ਲੈਂਦਾ ਹੋਵੇ।

ਪਿਛਲੀ ਅਕਾਲੀ ਸਰਕਾਰ ਵੇਲੇ ਪ੍ਰਾਈਵੇਟ ਥਰਮਲ ਪਲਾਂਟਾਂ ਨਾਲ ਕੀਤੇ ਬਿਜਲੀ ਖਰੀਦ ਸਮਝੌਤਿਆਂ ਬਾਰੇ ਸਵਾਲ ਦੇ ਜਵਾਬ ਵਿਚ ਸਰਦਾਰ ਬਾਦਲ ਨੇ ਦੱਸਿਆ ਕਿ ਪੰਜਾਬ ਨੇ 2.86 ਰੁਪਏ ਪ੍ਰਤੀ ਯੂੂਨਿਟ ਦੀ ਦਰ ਨਾਲ ਸਮਝੌਤੇ ਕੀਤੇ ਜੋ ਉਸ ਵੇਲੇ ਸਭ ਤੋਂ ਸਸਤੇ ਸਨ। ਉਹਨਾਂ ਕਿਹਾ ਕਿ ਇਸਦੇ ਨਾਲ ਹੀ ਸਰਕਾਰ ਨੂੰ ਬਿਜਲੀ ਸਪਲਾਈ ਯਕੀਨੀ ਬਣਾਈ ਗਈ ਤੇ ਇਸੇ ਕਾਰਨ ਪੰਜਾਬ ਬਿਜਲੀ ਸਰਪਲੱਸ ਸੂਬਾ ਬਣਿਆ।

ਸਰਦਾਰ ਬਾਦਲ ਨੇ ਇਹ ਵੀ ਕਿਹਾ ਕਿ ਉਹ ਪਿਛਲੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਵੇਲੇ ਪੰਜਾਬ ਵਿਚ ਹੋਏ ਸਰਵਪੱਖੀ ਵਿਕਾਸ ਨੂੰ ਵੇਖਣ। ਉਹਨਾਂ ਕਿਹਾ ਕਿ ਦਿਹਾਤੀ ਵਿਕਾਸ ਤੇ ਸਮਾਜ ਭਲਾਈ ਹਮੇਸ਼ਾ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਦੀ ਤਰਜੀਹ ਰਿਹਾ ਹੈ। ਉਹਨਾਂ ਕਿਹਾ ਕਿ ਅਸੀਂ ਸੇਵਾ ਕੇਂਦਰਾਂ ਰਾਹੀਂ ਸਰਕਾਰੀ ਸੇਵਾਵਾਂ ਲੋਕਾਂ ਦੇ ਦਰਾਂ ਤਕ ਪਹੁੰਚਾ ਦਿੱਤੀਆਂ ਪਰ ਮੌਜੂਦਾ ਸਰਕਾਰ ਨੇ ਇਹ ਸੇਵਾ ਕੇਂਦਰ ਵੀ ਬੰਦ ਕਰ ਦਿੱਤੇ। ਉਹਨਾਂ ਕਿਹਾ ਕਿ ਅਗਲੀ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਵੇਲੇ ਸਿਹਤ ਤੇ ਸਿੱਖਿਆ ਨੂੰ ਤਰਜੀਹ ਦਿੱਤੀ ਜਾਵੇਗੀ ਤੇ ਤਿੰਨ ਕਾਲੇ ਕਾਨੂੰਨ ਸੂਬੇ ਵਿਚ ਲਾਗੂ ਨਾ ਹੋਣਾ ਯਕੀਨੀ ਬਣਾਇਆ ਜਾਵੇਗਾ। ਇਸ ਮੌਕੇ ਉਹਨਾਂ ਦੇ ਨਾਲ ਸੀਨੀਅਰ ਆਗੂ ਵਰਦੇਵ ਸਿੰਘ ਮਾਨ ਵੀ ਸਨ।

Related posts

ਖ਼ਾਲਸਾ ਕਾਲਜ ਵਿਖੇ ਸਾਹਿਤ ਉਤਸਵ ਅਤੇ ਪੁਸਤਕ ਮੇਲੇ ਦਾ ਦੂਜਾ ਦਿਨ ਸੰਤਾਲੀ ਦੀ ਵੰਡ ਨੂੰ ਸਮਰਪਿਤ ਸੰਤਾਲੀ ਦੇ ਜ਼ਖ਼ਮ ਹਰੇ ਕਰ ਗਿਆ !

admin

ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਕੰਗਨਾ ਦੀ ਫ਼ਿਲਮ ‘ਐਮਰਜੈਂਸੀ’ ਦਾ ਮੁੜ ਵਿਰੋਧ

editor

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ

editor