ਨਵੀਂ ਦਿੱਲੀ – ਸੁਪਰੀਮ ਕੋਰਟ ਦੇ ਸਾਬਕਾ ਜੱਜ ਜਸਟਿਸ ਵੀ ਰਾਮਸੁਬਰਾਮਨੀਅਨ ਨੂੰ ਕੌਮੀ ਮਨੁੱਖੀ ਅਧਿਕਾਰੀ ਕਮਿਸ਼ਨ (ਐੱਨਐੱਚਆਰਸੀ) ਦਾ ਨਵਾਂ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ।
ਜਸਟਿਸ (ਸੇਵਾਮੁਕਤ) ਅਰੁਨ ਕੁਮਾਰ ਮਿਸ਼ਰਾ ਨੂੰ ਪਹਿਲੀ ਜੂਨ ਨੂੰ ਕਾਰਜਕਾਲ ਪੂਰਾ ਹੋਣ ਦੇ ਬਾਅਦ ਤੋਂ ਐੱਨਐੱਚਆਰਸੀ ਦੇ ਚੇਅਰਪਰਸਨ ਦਾ ਅਹੁਦਾ ਖਾਲੀ ਪਿਆ ਸੀ। ਮਿਸ਼ਰਾ ਨੇ ਕੌਮੀ ਮਨੁੱਖ ਅਧਿਕਾਰ ਕਮਿਸ਼ਨ ਦੇ ਅੱਠਵੇਂ ਚੇਅਰਪਰਸਨ ਵਜੋਂ ਸੇਵਾ ਨਿਭਾਈ ਸੀ। ਇਸ ਅਹੁਦੇ ’ਤੇ ਉਨ੍ਹਾਂ ਦੀ ਨਿਯੁਕਤੀ ਜੂਨ 2021 ਨੂੰ ਹੋਈ ਸੀ। ਕਮਿਸ਼ਨ ਦੇ ਅਗਲੇ ਚੇਅਰਪਰਸਨ ਦੀ ਨਿਯੁਕਤੀ ਲਈ ਲੰਘੀ 18 ਦਸੰਬਰ ਨੂੰ ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਵਾਲੀ ਇਕ ਉੱਚ ਤਾਕਤੀ ਕਮੇਟੀ ਦੀ ਮੀਟਿੰਗ ਹੋਈ ਸੀ। ਐੱਨਐੱਚਆਰਸੀ ਦਾ ਚੇਅਰਪਰਸਨ ਭਾਰਤ ਦੇ ਸਾਬਕਾ ਚੀਫ਼ ਜਸਟਿਸ ਜਾਂ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਨੂੰ ਹੀ ਨਿਯੁਕਤ ਕੀਤਾ ਜਾਂਦਾ ਹੈ। ਇਹ ਨਿਯੁਕਤੀ ਰਾਸ਼ਟਰਪਤੀ ਵੱਲੋਂ ਚੋਣ ਕਮੇਟੀ ਦੀ ਸਿਫਾਰਸ਼ ’ਤੇ ਕੀਤੀ ਜਾਂਦੀ ਹੈ।