ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਇਕ ਮਾਮਲੇ ਵਿਚ ਕਿਹਾ ਹੈ ਕਿ ਚਸ਼ਮਦੀਦ ਗਵਾਹਾਂ ਦੀ ਗਵਾਹੀ ਸਿਰਫ਼ ਉਨ੍ਹਾਂ ਦੇ ਬਿਆਨ ਦਰਜ ਕਰਵਾਉਣ ਵਿਚ ਦੇਰੀ ਕਾਰਨ ਖਾਰਜ ਨਹੀਂ ਕੀਤੀ ਜਾ ਸਕਦੀ। ਇਸ ਨਾਲ ਹੀ ਜਸਟਿਸ ਯੂਯੂ ਲਲਿਤ, ਜਸਟਿਸ ਐੱਸ ਰਵਿੰਦਰ ਭੱਟ ਤੇ ਜਸਟਿਸ ਬੇਲਾ ਐੱਮ ਤ੍ਰਿਵੇਦੀ ਦੇ ਬੈਂਚ ਨੇ ਕਤਲ ਮਾਮਲੇ ਵਿਚ ਚਾਰ ਵਿਅਕਤੀਆਂ ਦੀ ਸਜ਼ਾ ਨੂੰ ਚੁਣੌਤੀ ਦੇਣ ਵਾਲੇ ਦੋਸ਼ੀਆਂ ਦੀ ਪਟੀਸ਼ਨ ਖਾਰਜ਼ ਕਰ ਦਿੱਤੀ। ਅਦਾਲਤ ਨੇ ਕਿਹਾ ਕਿ ਇਸ ਦੇ ਸਾਹਮਣੇ ਆਏ ਤੱਥ ਸਾਬਤ ਕਰਦੇ ਹਨ ਕਿ ਦੋਸ਼ੀ ਨੇ ਗਵਾਹਾਂ ਵਿਚ ਡਰ ਪੈਦਾ ਕੀਤਾ।
ਜਸਟਿਸ ਯੂਯੂ ਲਲਿਤ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਕਿਹਾ ਕਿ ਭਾਵੇਂ ਇਸ ਮਾਮਲੇ ਵਿਚ ਚਸ਼ਮਦੀਦਾਂ ਦੇ ਬਿਆਨ ਦਰਜ ਕਰਨ ਵਿਚ ਦੇਰੀ ਹੋਈ ਹੈ ਪਰ ਇਕੱਲੇ ਗਵਾਹੀ ਨੂੰ ਇਸ ਆਧਾਰ ‘ਤੇ ਖਾਰਜ ਨਹੀਂ ਕੀਤਾ ਜਾ ਸਕਦਾ। ਅਜਿਹੀ ਸਥਿਤੀ ਵਿਚ ਜਦੋਂ ਗਵਾਹ ਘਬਰਾ ਗਏ … ਡਰ ਗਏ ਤੇ ਉਹ ਕੁਝ ਸਮੇਂ ਲਈ ਪੇਸ਼ ਨਹੀਂ ਹੋਏ, ਤਾਂ ਇਸ ਨੂੰ ਉਨ੍ਹਾਂ ਦੇ ਬਿਆਨ ਦਰਜ ਕਰਨ ਵਿੱਚ ਦੇਰੀ ਨਹੀਂ ਮੰਨਿਆ ਜਾ ਸਕਦਾ। ਸੁਪਰੀਮ ਕੋਰਟ ਚਾਰਾਂ ਦੋਸ਼ੀਆਂ ਵੱਲੋਂ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰ ਰਹੀ ਸੀ। ਦੋਸ਼ੀਆਂ ਨੇ ਕਲਕੱਤਾ ਹਾਈ ਕੋਰਟ ਦੁਆਰਾ ਉਨ੍ਹਾਂ ਦੀਆਂ ਅਪੀਲਾਂ ਨੂੰ ਖਾਰਜ ਕਰਨ ਅਤੇ ਸੈਸ਼ਨ ਜੱਜ ਦੁਆਰਾ ਦਿੱਤੀ ਗਈ ਸਜ਼ਾ ਨੂੰ ਚੁਣੌਤੀ ਦਿੱਤੀ ਸੀ।